ਕਾਂਗਰਸ ਵੱਲੋਂ ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਵਿਰੋਧ

0
23

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਵੱਖਰੀ ਇਮਾਰਤ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਅੱਜ ਚੰਡੀਗੜ੍ਹ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ 10 ਏਕੜ ਜ਼ਮੀਨ ਦੇਣ ਦਾ ਵਿਰੋਧ ਕੀਤਾ ਹੈ। ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਰਾਜੀਵ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ‘ਆਪ’ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਸੁਫ਼ਨਿਆਂ ਦੇ ਸ਼ਹਿਰ ਚੰਡੀਗੜ੍ਹ ਨਾਲ ਛੇੜਛਾੜ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਵਾਹਰ ਲਾਲ ਨਹਿਰੂ ਵੱਲੋਂ ਚੰਡੀਗੜ੍ਹ ਨੂੰ ਇੱਕ ਖਾਸ ਯੋਜਨਾ ਨਾਲ ਸਥਾਪਤ ਕੀਤਾ ਗਿਆ ਸੀ, ਜਿੱਥੇ ਹਰਿਆਲੀ ਅਤੇ ਖੁੱਲ੍ਹੀਆਂ ਸੜਕਾਂ ਨੂੰ ਤਰਜੀਹ ਦਿੱਤੀ ਗਈ ਸੀ।

ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਨੇ ਕਿਹਾ ਕਿ ਸ਼ਹਿਰ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ 10 ਏਕੜ ਥਾਂ ਦੇਣ ਦੇ ਫ਼ੈਸਲੇ ਨਾਲ ਸ਼ਹਿਰ ਦੇ ਵਿਕਾਸ ਲਈ ਤਿਆਰ ਕੀਤੇ ਮਾਸਟਰ ਪਲਾਨ ਦੀ ਉਲੰਘਣਾ ਹੋਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਨਜ਼ਦੀਕ 10 ਏਕੜ ਥਾਂ ਦੇਣ ਉਪਰੰਤ ਚੰਡੀਗੜ੍ਹ ਨੂੰ ਪੰਚਕੂਲਾ ਦੀ 10 ਏਕੜ ਥਾਂ ਮਿਲ ਜਾਵੇਗੀ, ਜਿਸ ਨਾਲ ਸ਼ਹਿਰ ਦੇ ਭੂਗੋਲਿਕ ਖੇਤਰ ’ਤੇ ਵੀ ਅਸਰ ਪਵੇਗਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਯੂਨੈਸਕੋ ਵੱਲੋਂ ਚੰਡੀਗੜ੍ਹ ਨੂੰ ਵਿਰਾਸਤੀ ਸ਼ਹਿਰ ਐਲਾਨਿਆ ਗਿਆ ਹੈ, ਜਿਸ ਨੂੰ ਦੇਖਣ ਲਈ ਦੂਰ-ਦੂਰ ਤੋਂ ਲੋਕ ਆਉਂਦੇ ਹਨ ਪਰ ਜੇਕਰ ਇਸ ਸ਼ਹਿਰ ਵਿੱਚ ਵੀ ਵੱਡੀਆਂ-ਵੱਡੀਆਂ ਇਮਾਰਤਾਂ ਖੜ੍ਹੀਆਂ ਕਰ ਦਿੱਤੀਆਂ ਤਾਂ ਚੰਡੀਗੜ੍ਹ ਦੇ ਹਾਲਾਤ ਵੀ ਹੋਰਾਂ ਸ਼ਹਿਰਾਂ ਵਰਗੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਰਾਜਸੀ ਆਗੂ ਆਪਣੇ ਨਿੱਜੀ ਸਵਾਰਥ ਲਈ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਡਰੀਮ ਪ੍ਰਾਜੈਕਟ ਚੰਡੀਗੜ੍ਹ ਨੂੰ ਤਬਾਹ ਕਰਕੇ ਰੱਖ ਦੇਣਗੇ। ਚੰਡੀਗੜ੍ਹ ਕਾਂਗਰਸ ਨੇ ਹਰਿਆਣਾ ਸਰਕਾਰ ਨੂੰ ਸ਼ਹਿਰ ਵਿੱਚ ਨਵੀਂ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly