ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ। ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ‘ਤੇ ਜ਼ਿਮੀਂਦਾਰ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ- ਖੂੰਹਦ/ਪਰਾਲੀ/ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਆਮ ਪਬਲਿਕ ਦੀ ਸਿਹਤ ‘ਤੇ ਬੁਰਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੁੰਦੀ ਹੈ। ਇਹ ਹੁਕਮ 18 ਨਵੰਬਰ 2024 ਤੱਕ ਲਾਗੂ ਰਹਿਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly