ਯੇਲਾਪੂ : ਕਰਨਾਟਕ ਦੇ ਉੱਤਰਾ ਕੰਨੜ ਜ਼ਿਲ੍ਹੇ ਵਿੱਚ ਨੈਸ਼ਨਲ ਹਾਈਵੇਅ 63 (NH-63) ਉੱਤੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਾਵਨੂਰ ਤੋਂ ਕੁਮਟਾ ਮੰਡੀ ਜਾ ਰਿਹਾ ਸਬਜ਼ੀਆਂ ਅਤੇ ਫਲਾਂ ਨਾਲ ਭਰਿਆ ਟਰੱਕ ਯੇਲਾਪੁਰ ਨੇੜੇ ਅਰਬੈਲ ਅਤੇ ਗੁਲਾਪੁਰਾ ਵਿਚਕਾਰ ਖਾਈ ਵਿੱਚ ਡਿੱਗ ਗਿਆ, ਜਿਸ ਕਾਰਨ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ 10 ਗੰਭੀਰ ਜ਼ਖਮੀ ਹੋ ਗਏ। ਪੁਲਿਸ ਅਨੁਸਾਰ ਇਹ ਹਾਦਸਾ ਸਵੇਰੇ 5:30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਟਰੱਕ ਡਰਾਈਵਰ ਨੇ ਕਿਸੇ ਹੋਰ ਵਾਹਨ ਨੂੰ ਰਸਤਾ ਦੇਣ ਦੀ ਕੋਸ਼ਿਸ਼ ਕਰਦਿਆਂ ਆਪਣਾ ਕੰਟਰੋਲ ਗੁਆ ਦਿੱਤਾ। ਜਿਸ ਕਾਰਨ ਟਰੱਕ ਸੜਕ ਦੇ ਖੱਬੇ ਪਾਸੇ ਤੋਂ ਉਤਰ ਕੇ ਕਰੀਬ 50 ਮੀਟਰ ਡੂੰਘੀ ਖਾਈ ਵਿੱਚ ਜਾ ਡਿੱਗਿਆ। ਟਰੱਕ ਵਿੱਚ 30 ਤੋਂ ਵੱਧ ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਸਬਜ਼ੀ ਵਿਕਰੇਤਾ ਸਨ, ਜੋ ਆਪਣੀ ਫ਼ਸਲ ਵੇਚਣ ਲਈ ਮੰਡੀ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਮਰਜੈਂਸੀ ਰਿਸਪਾਂਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕਾਰਵਰ ਦੇ ਐਸਪੀ ਨਰਾਇਣ ਐੱਮ ਦੇ ਅਨੁਸਾਰ, ਸ਼ੁਰੂਆਤੀ ਤੌਰ ‘ਤੇ ਮ੍ਰਿਤਕਾਂ ਦੀ ਗਿਣਤੀ 8 ਦੱਸੀ ਜਾ ਰਹੀ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ, ਜਿਸ ਵਿੱਚ ਟਰੱਕ ਦੀ ਹਾਲਤ ਅਤੇ ਸੜਕ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨਾ ਵੀ ਸ਼ਾਮਲ ਹੈ। ਇਸ ਦਰਦਨਾਕ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly