ਅਟਾਰੀ (ਸਮਾਜ ਵੀਕਲੀ): ਪਾਕਿਸਤਾਨ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ’ਤੇ ਪਾਕਿਸਤਾਨ ਰੇਂਜਰਾਂ ਅਤੇ ਸੀਮਾ ਸੁਰੱਖਿਆ ਬਲ ਵਿਚਕਾਰ ਮਠਿਆਈਆਂ ਦਾ ਆਦਾਨ-ਪ੍ਰਦਾਨ ਹੋਇਆ। ਪਾਕਿਸਤਾਨ ਰੇਂਜਰ ਦੇ ਵਿੰਗ ਕਮਾਂਡਰ ਹਸਨ ਨੇ ਅਟਾਰੀ-ਵਾਹਗਾ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੂੰ ਮਠਿਆਈ ਦੇ ਡੱਬੇ ਭੇਟ ਕਰਕੇ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਸੀਮਾ ਸੁਰੱਖਿਆ ਬਲ ਕਮਾਂਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਸੁਰੱਖਿਆ ਬਲ ਦੀਆਂ ਪਰੰਪਰਾਵਾਂ ਅਨੁਸਾਰ ਦੇਸ਼ ਦੇ ਇਤਿਹਾਸਕ ਮੌਕਿਆਂ ’ਤੇ ਦੇਸ਼ ਦੀ ਸੁਰੱਖਿਆ ਕਰਨ ਵਾਲੇ ਜਵਾਨ ਇੱਕ-ਦੂਜੇ ਨੂੰ ਮਠਿਆਈ ਭੇਟ ਕਰਦੇ ਹਨ।
ਇਹ ਖਾਸ ਮੌਕੇ ਸਰਹੱਦ ’ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ’ਚ ਅਹਿਮ ਯੋਗਦਾਨ ਦਿੰਦੇ ਹਨ। ਇਸ ਕੜੀ ਵਜੋਂ ਅੱਜ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਪਾਕਿਸਤਾਨੀ ਰੇਂਜਰਜ਼ ਨੇ ਅਟਾਰੀ ਸਰਹੱਦ ’ਤੇ ਮਠਿਆਈ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਵੱਲੋਂ 15 ਅਗਸਤ ਆਜ਼ਾਦੀ ਦਿਵਸ ਮੌਕੇ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈ ਭੇਟ ਕੀਤੀ ਜਾਵੇਗੀ। ਗੌਰਤਲਬ ਹੈ ਕਿ ਕੌਮਾਂਤਰੀ ਸਰਹੱਦ ਅਟਾਰੀ-ਵਾਹਗਾ ਸਥਿਤ ਸਾਂਝੀ ਜਾਂਚ ਚੌਕੀ ’ਤੇ ਤਾਇਨਾਤ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਦੇ ਅਧਿਕਾਰੀ ਵੱਖ-ਵੱਖ ਧਾਰਮਿਕ ਤੇ ਰਾਸ਼ਟਰੀ ਤਿਉਹਾਰਾਂ ਮੌਕੇ ਇੱਕ-ਦੂਜੇ ਨੂੰ ਮਠਿਆਈ ਦੇ ਕੇ ਖੁਸ਼ੀਆਂ ਸਾਂਝੀਆਂ ਕਰਦੇ ਹਨ।
ਪੁਲਵਾਮਾ ਹਮਲੇ ਮਗਰੋਂ ਇਹ ਪਹਿਲਾ ਮੌਕਾ ਹੈ, ਜਦੋਂ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵੱਲੋਂ ਅਟਾਰੀ-ਵਾਹਗਾ ਸਰਹੱਦ ਦੀ ਸਾਂਝੀ ਜਾਂਚ ਚੌਕੀ ’ਤੇ ਪਾਕਿਸਤਾਨ ਦੇ ਆਜ਼ਾਦੀ ਦਿਵਸ ਮੌਕੇ ਰੇਂਜਰਜ਼ ਅਧਿਕਾਰੀਆਂ ਨੇ ਮਠਿਆਈ ਭੇਟ ਕਰਕੇ ਖੁਸ਼ੀਆਂ ਸਾਂਝੀਆਂ ਕੀਤੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly