ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋ ਪ੍ਰੋਜੈਕਟ ਪੈਨ ਇੰਡੀਆ ਬਾਲ ਮਜ਼ਦੂਰੀ ਖਿਲਾਫ਼ ਅਭਿਆਨ ਨੂੰ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ। ਇਸ ਤਹਿਤ ਅੱਜ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਚੰਡੀਗੜ੍ਹ ਰੋਡ, ਬੰਗਾ ਰੋਡ, ਰੇਲਵੇ ਰੋਡ ‘ਤੇ ਬਾਲ ਮਜ਼ਦੂਰੀ ਖਿਲਾਫ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਚੈਕਿੰਗ ਦੌਰਾਨ 18 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਮੌਕੇ ‘ਤੇ ਮੌਜੂਦ ਲੇਬਰ ਅਫਸਰ ਵੱਲੋਂ ਸਬੰਧਿਤ ਦੋ ਦੁਕਾਨਾਂ ਦਾ ਚਲਾਨ ਵੀ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਵਿਖੇ ਪੇਸ਼ ਕੀਤਾ ਗਿਆ ਹੈ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵੱਲੋਂ ਦੁਕਾਨਦਾਰਾਂ ਅਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ । ਬਾਲ ਮਜਦੂਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਉਨ੍ਹਾਂ ਨੂੰ ਕੰਮ ‘ਤੇ ਰੱਖਣ ਦੀ ਬਜਾਏ ਬੱਚਿਆਂ ਅਤੇ ਉਨ੍ਹਾਂ ਦੇ ਮਾਂ- ਪਿਓ ਦੀ ਕਾਊਂਸਲਿੰਗ ਕੀਤੀ ਜਾਣੀ ਬਣਦੀ ਹੈ, ਤਾਂ ਜੋ ਬੱਚਿਆਂ ਦੇ ਮਾਂ-ਪਿਓ ਬੱਚਿਆਂ ਤੋਂ ਕੰਮ ਕਰਵਾਉਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨ ਲਈ ਸਕੂਲ ਭੇਜਣ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਸਿਰਜਣਾ ਹੋ ਸਕੇ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਰਕਾਰ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪੋਂਸਰਸ਼ਿਪ ਸਕੀਮ ਸਬੰਧੀ ਵੀ ਜਾਣੂ ਕਰਵਾਇਆ ਗਿਆ, ਜਿਸ ਦੇ ਤਹਿਤ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਪ੍ਰਤਿ ਮਹੀਨਾ 4000 ਰੁਪਏ ਵਿੱਤੀ ਸਹਾਇਤਾ ਬੱਚਿਆਂ ਨੂੰ ਸਿੱਖਿਅਤ ਕਰਨ ਲਈ ਦਿੱਤੀ ਜਾਂਦੀ ਹੈ। ਉਹਨਾਂ ਵੱਲੋਂ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਮਜ਼ਦੂਰੀ ਵਿਚ ਲੱਗਿਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਮਰਾ ਨੰਬਰ 413, ਤੀਜੀ ਮੰਜ਼ਿਲ, ਡੀ.ਸੀ ਦਫ਼ਤਰ ਜਾਂ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਚੈਕਿੰਗ ਟੀਮ ਵਿਚ ਰਜਨੀ ਕਾਂਸਲ ਲੇਬਰ ਅਫਸਰ, ਕੰਚਨ ਅਰੋੜਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ , ਚੇਅਰਪਰਸਨ ਬਾਲ ਭਲਾਈ ਕਮੇਟੀ ਸੋਨੀਆ ਅੰਗਰਿਸ, ਰਜਿੰਦਰ ਕੌਰ ਸੀਪੀਓ ਅਤੇ ਸੰਤੋਸ਼ ਡੀਈਓ, ਡੀਐਸਐਸਓ ਦਫਤਰ ਤੋਂ ਸਿੰਦਰਪਾਲ, ਐਮ.ਸੀ ਦਫਤਰ ਤੋਂ ਚੰਦਨ ਸਹੋਤਾ,ਪੁਲਿਸ ਵਿਭਾਗ ਤੋਂ ਗੁਰਬਖਸ਼ ਕੌਰ ਅਤੇ ਰੇਸ਼ਮ ਕੌਰ ਸਿੱਖਿਆ ਵਿਭਾਗ ਤੋਂ ਟੀਚਰ ਸੁਖਵਿੰਦਰ ਸਿੰਘ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly