
ਲੁਧਿਆਣਾ, (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਾਡਾ ਭਾਰਤ ਪਿੰਡਾਂ ਵਿੱਚ ਵੱਸਦਾ ਹੈ, ਇਸ ਲਈ ਸ਼ਹਿਰਾਂ ਵਾਂਗੂ ਪਿੰਡਾਂ ਦਾ ਵੀ ਨਿਰੰਤਰ ਵਿਕਾਸ ਹੋਣਾ ਲਾਜ਼ਮੀ ਹੈ। ਇਹ ਵਿਚਾਰ ਸ੍ਰੀਮਤੀ ਦਿਲਾਵਰ ਕੌਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾਬੰਦੀ ਕੀਤੀ ਹੈ ਤਾਂ ਜੋ ਸੂਬੇ ਦੇ ਹਰੇਕ ਪਿੰਡ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮੂਹ ਪਿੰਡ ਵਾਸੀਆਂ ਦਾ ਸਹਿਯੋਗ ਲੈ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਕੋਈ ਬੰਦਾ ਨਰਾਜ ਨਾ ਹੋਵੇ। ਸ੍ਰੀਮਤੀ ਦਿਲਾਵਰ ਕੌਰ ਜਿਨ੍ਹਾਂ ਕੋਲ ਜਿਲ੍ਹਾ ਪ੍ਰੀਸ਼ਦ ਦੇ ਸਕੱਤਰ ਦਾ ਵਾਧੂ ਚਾਰਜ ਵੀ ਹੈ ਨੇ ਕਿਹਾ ਕਿ ਪੰਚਾਇਤ ਪਿੰਡਾਂ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਤਾਂ ਜੋ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਮੌਕੇ ਪਿੰਡ ਬੱਗਾ ਖੁਰਦ ਦੇ ਸਰਪੰਚ ਰਘਬੀਰ ਸਿੰਘ, ਪਿੰਡ ਤਲਵੰਡੀ ਕਲਾਂ ਦੇ ਸਾਬਕਾ ਸਰਪੰਚ ਅਤੇ ਕਿਸਾਨ ਆਗੂ ਚਰਨਦਾਸ ਤਲਵੰਡੀ, ਪਿੰਡ ਸਲੇਮਪੁਰ ਦੇ ਸਾਬਕਾ ਸਰਪੰਚ ਮੇਵਾ ਸਿੰਘ, ਸੀਨੀਅਰ ਆਗੂ ਆਮ ਆਦਮੀ ਪਾਰਟੀ ਪੰਜਾਬ, ਪੁਰਾਣੀ ਪੈਨਸ਼ਨ ਸਕੀਮ ਬਹਾਲੀ ਮੁਲਾਜਮ ਜਥੇਬੰਦੀ ਦੇ ਸੂਬਾਈ ਆਗੂ ਪ੍ਰਭਜੀਤ ਸਿੰਘ ਰਸੂਲਪੁਰ, ਪੰਚਾਇਤ ਮੈਂਬਰ ਬਿਕਰਮਜੀਤ ਸਿੰਘ ਬੱਗਾ ਖੁਰਦ ਅਤੇ ਸਮਾਜ ਸੇਵੀ ਤਰਸੇਮ ਲਾਲ ਨੇ ਸ੍ਰੀਮਤੀ ਦਿਲਾਵਰ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਵੀ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


