ਲੁਧਿਆਣਾ (ਸਮਾਜ ਵੀਕਲੀ): ਸਨਅਤੀ ਸ਼ਹਿਰ ਦੇ ਹੀਰੋ ਡੀਐੱਮਸੀ ਹਸਪਤਾਲ ਵਿੱਚ ਅੱਜ ਨਿਯਮਤ ਚੈਕਅੱਪ ਲਈ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਾਂਚ ਦੌਰਾਨ ਕਰੋਨਾ ਪਾਜ਼ੇਟਿਵ ਨਿਕਲ ਆਏ ਹਨ। ਇਸ ਮਗਰੋਂ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰ ਲਿਆ। ਡਾਕਟਰਾਂ ਮੁਤਾਬਕ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦਾ ਗ਼ਲਾ ਖ਼ਰਾਬ ਸੀ। ਰੈਪਿਡ ਟੈਸਟ ਦੌਰਾਨ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਡਾਕਟਰਾਂ ਨੇ ਮਗਰੋਂ ਉਨ੍ਹਾਂ ਦਾ ਆਰਟੀਪੀਸੀਆਰ ਲਈ ਨਮੂਨਾ ਲਿਆ ਹੈ, ਜਿਸ ਦੀ ਰਿਪੋਰਟ ਵੀਰਵਾਰ ਨੂੰ ਆੲੇਗੀ। ਡਾਕਟਰਾਂ ਦੀ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਕਰਨ ’ਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਦੂਸਰੇ ਟੈਸਟ ਵੀ ਹੋ ਰਹੇ ਹਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਦੇਰ ਸ਼ਾਮ ਪਿਤਾ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ। ਉਨ੍ਹਾਂ ਫੋਨ ’ਤੇ ਵੀਡੀਓ ਕਾਲ ਰਾਹੀਂ ਆਪਣੇ ਪਿਤਾ ਨਾਲ ਗੱਲਬਾਤ ਕੀਤੀ। ਪੰਜਾਬ ’ਚ ਵਿਧਾਨ ਸਭਾ ਚੋਣਾਂ ਹਨ ਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਦੇ ਬਿਮਾਰ ਪੈਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਚਿੰਤਤ ਹਨ। ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਤੇ ਖੰਘ ਸੀ, ਜਿਸ ਕਾਰਨ ਨਿਯਮਤ ਚੈਕਅੱਪ ਲਈ ਉਨ੍ਹਾਂ ਦਇਆਨੰਦ ਹਸਪਤਾਲ ਲਿਆਂਦਾ ਗਿਆ ਸੀ। ਹਸਪਤਾਲ ਦੇ ਸੀਨੀਅਰ ਡਾਕਟਰ ਵਿਸ਼ਵ ਮੋਹਨ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੇ ਪਹਿਲੇ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਆਰਟੀਪੀਸੀਆਰ ਰਿਪੋਰਟ ਚੈਕ ਕਰਨ ਲਈ ਭੇਜੀ ਹੋਈ ਹੈ। ਸ੍ਰੀ ਬਾਦਲ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਉਹ ਜਲਦੀ ਹੀ ਸਿਹਤਮੰਦ ਹੋਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly