ਹੁਸ਼ਿਆਰਪੁਰ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮਾਂ ਦੇ ਬਾਵਜੂਦ ਪੇਸ਼ ਨਹੀਂ ਹੋਏ। ਹਾਲਾਂਕਿ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨਿੱਜੀ ਤੌਰ ’ਤੇ ਪੇਸ਼ ਹੋਏ। ਪ੍ਰਕਾਸ਼ ਸਿੰਘ ਬਾਦਲ ਦੇ ਵਕੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਹਰਜੋਤ ਕਮਲ ਸਿੰਘ ਨੇ ਅਦਾਲਤ ਵਿੱਚ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ। ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 25 ਫ਼ਰਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਦੋ ਸੰਵਿਧਾਨ ਰੱਖਣ ਨੂੰ ਲੈ ਕੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵਲੋਂ ਅਦਾਲਤ ’ਚ ਧੋਖਾਧੜੀ ਤੇ ਜਾਅਲਸਾਜ਼ੀ ਦਾ ਕੇਸ ਦਾਇਰ ਕੀਤਾ ਹੋਇਆ ਹੈ। ਉਧਰ, ਅਦਾਲਤੀ ਕਾਰਵਾਈ ਤੋਂ ਬਾਅਦ ਸੋਸ਼ਲਿਸਟ ਪਾਰਟੀ ਆਫ ਇੰਡੀਆ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਅਕਾਲੀ ਦਲ ਆਗੂਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਹੁਕਮ ਚੰਦ ਸੁਨਕਰ, ਪਰਮਜੀਤ ਸਿੰਘ ਲਾਂਬੜਾ, ਸੂਬੇਦਾਰ ਹਰਭਜਨ ਸਿੰਘ, ਜਗਦੀਸ਼ ਕੁਮਾਰ ਸ਼ਰਮਾ, ਚਮਨ ਲਾਲ ਵਾਲੀਆ, ਇੰਦਰਜੀਤ ਕੌਰ, ਆਦਿ ਮੌਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly