ਨਵੀਂ ਦਿੱਲੀ (ਸਮਾਜ ਵੀਕਲੀ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਨੂੰ ਸੰਸਦ ਵਿਚ ਮਾਨਤਾ ਦਿੱਤੀ ਜਾਵੇ, ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਸਾਬਕਾ ਕੇਂਦਰੀ ਮੰਤਰੀ ਨੇ ਮੰਗ ਕੀਤੀ ਕਿ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦਿੱਤੀ ਜਾਵੇ ਅਤੇ ਇਸ ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ।
ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਬਾਦਲ ਨੇ ਕਿਹਾ, ‘ਅਸੀਂ ਸਾਰੇ ਜਾਣਦੇ ਹਾਂ ਕਿ ਕਿਸਾਨਾਂ ਨੇ ਕਿਸਾਨੀ ਭਾਈਚਾਰੇ ਤੇ ਖੇਤ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸ਼ਾਂਤੀਪੂਰਨ ਤੇ ਲੋਕਤੰਤਰੀ ਅੰਦੋਲਨ ਵਿੱਚ ਭਾਗ ਲੈਂਦਿਆਂ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ। ਸਦਨ ਨੂੰ ਉਨ੍ਹਾਂ ਦੇ ਸੰਘਰਸ਼ ਨਾਲ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਜੋ ਕੇਂਦਰ ਵੱਲੋਂ ਮੰਨੀ ਗਈ ਨੂੰ ਲੈ ਕੇ ਵਿੱਢੇ ਸੰਘਰਸ਼ ਵਿਚ ਝੱਲੀਆਂ ਮੁਸ਼ਕਲਾਂ ’ਤੇ ਅਫਸੋਸ ਜ਼ਾਹਿਰ ਕਰਨਾ ਚਾਹੀਦਾ ਹੈ।’
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਐੱਮਐੱਸਪੀ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ ਤੇ ਸਾਰੀਆਂ ਫਸਲਾਂ ਐੱਮਐੱਸਪੀ ’ਤੇ ਖਰੀਦੀਆਂ ਜਾਣੀਆਂ ਚਾਹੀਦੀਆਂ ਹਨ। ਸਾਬਕਾ ਕੇਂਦਰੀ ਮੰਤਰੀ ਨੇ ਮੰਗ ਕੀਤੀ ਕਿ ਦਿੱਲੀ ਅਤੇ ਦੇਸ਼ ਵਿਚ ਹੋਰ ਥਾਵਾਂ ’ਤੇ ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਝੂਠੇ ਕੇਸ ਕੇਂਦਰ ਸਰਕਾਰ ਵੱਲੋਂ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪਹਿਲਾਂ ਅਕਾਲੀ ਦਲ ਦੀ ਗੱਲ ਮੰਨ ਲਈ ਹੁੰਦੀ ਅਤੇ ਸੰਸਦ ਵਿਚ ਤਿੰਨ ਖੇਤੀ ਬਿਲਾਂ ਨੂੰ ਪਾਸ ਨਾ ਕਰਵਾਇਆ ਹੁੰਦਾ ਤਾਂ ਸੈਂਕੜੇ ਕਿਸਾਨਾਂ ਦੀ ਜਾਨ ਬਚਾਈ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਚ ਕੀਤੇ ਜਾ ਰਹੇ ਵਾਅਦੇ ਪਹਿਲਾਂ ਦਿੱਲੀ ਵਿਚ ਲਾਗੂ ਕਰਨੇ ਚਾਹੀਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly