ਹੁਸ਼ਿਆਰਪੁਰ / ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਬੀਜੇਪੀ ਵਿੱਚ ਸ਼ਾਮਲ ਹੋਏ ਆਪ ਆਗੂਆਂ ਦੇ ਖਿਲਾਫ ਅੱਜ ਗੜ੍ਹਸ਼ੰਕਰ ਦੇ ਬੰਗਾ ਚੌਕ ਵਿੱਚ ਡਿਪਟੀ ਸਪੀਕਰ ਰੌੜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਵਰਕਰ ਇਕੱਠੇ ਹੋਏ ਅਤੇ ਨਾਅਰੇਬਾਜ਼ੀ ਕਰਦਿਆਂ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਵਰਕਰਾਂ ਨੇ ਦੋਸ਼ ਲਗਾਇਆ ਕਿ ਜਿਹੜੇ ਆਗੂਆਂ ਨੂੰ ਲੋਕਾਂ ਨੇ ਭਰੋਸਾ ਕਰਕੇ ਚੁਣਿਆ ਸੀ, ਉਹਨਾਂ ਨੇ ਆਪਣੀ ਨਿੱਜੀ ਲਾਭ ਲਈ ਪਾਰਟੀ ਛੱਡ ਕੇ ਲੋਕਾਂ ਨਾਲ ਧੋਖਾ ਕੀਤਾ ਹੈ। ਡਿਪਟੀ ਸਪੀਕਰ ਰੌੜੀ ਨੇ ਇਸ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਸਿਧਾਂਤਾਂ ਅਤੇ ਲੋਕ ਸੇਵਾ ਦੀ ਰਾਜਨੀਤੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂ ਸਿਰਫ ਸੱਤਾ ਦੀ ਲਾਲਚ ਵਿੱਚ ਪਾਰਟੀਆਂ ਬਦਲ ਰਹੇ ਹਨ, ਜੋ ਲੋਕਤੰਤਰ ਅਤੇ ਲੋਕਾਂ ਦੇ ਭਰੋਸੇ ਨਾਲ ਖਿਲਵਾੜ ਹੈ। ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦਾ ਹਰ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਅਤੇ ਲੋਕਾਂ ਦੇ ਹੱਕਾਂ ਲਈ ਮੈਦਾਨ ਵਿੱਚ ਡਟ ਕੇ ਖੜ੍ਹਾ ਰਹੇ। ਰੌੜੀ ਨੇ ਕਿਹਾ ਕਿ ਅਜਿਹੇ ਮੌਕਾਪਰਸਤ ਆਗੂਆਂ ਨੂੰ ਆਉਣ ਵਾਲੇ ਸਮੇਂ ਵਿੱਚ ਲੋਕ ਆਪਣਾ ਜਵਾਬ ਦੇਣਗੇ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਠਿਕਾਣਾ ਨਹੀਂ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਮਜ਼ਬੂਤੀ ਨਾਲ ਲੋਕਾਂ ਦੇ ਵਿਚ ਖੜ੍ਹੀ ਹੈ ਅਤੇ ਹਰ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਚਾਈ ਨਾਲ ਜਾਣੂ ਕਰਵਾਏਗਾ।ਇਸ ਦੌਰਾਨ ਵਰਕਰਾਂ ਨੇ ਪੋਸਟਰ ਹੱਥਾਂ ਵਿੱਚ ਫੜ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਬੀਜੇਪੀ ਵਿੱਚ ਸ਼ਾਮਲ ਹੋਏ ਆਗੂਆਂ ਦੇ ਖਿਲਾਫ ਆਪਣਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿੱਚ ਅਜਿਹੀ ਰਾਜਨੀਤੀ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾਂ ਆਵਾਜ਼ ਉਠਾਉਂਦੇ ਰਹਿਣਗੇ। ਇਸ ਦੌਰਾਨ ਰੋੜੀ ਨੇ ਕਿਹਾ ਕਿ ਮੌਕਾਪ੍ਰਸਤਾਂ ਲਈ ਨਾ ਤਾਂ ਪਾਰਟੀ ਵਿੱਚ ਤੇ ਨਾ ਹੀ ਲੋਕਾਂ ਦੇ ਦਿਲਾਂ ਵਿੱਚ ਕੋਈ ਜਗ੍ਹਾ ਹੈ। ਅੰਤ ਵਿੱਚ ਸਾਰੇ ਵਰਕਰਾਂ ਨੇ ਇਕਜੁੱਟਤਾ ਦਾ ਸੰਦੇਸ਼ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਹੋਰ ਜ਼ੋਰਸ਼ੋਰ ਨਾਲ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਮੂਹ ਵਿੰਗਾਂ ਦੇ ਅਹੁਦੇਦਾਰ ਅਤੇ ਪਾਰਟੀ ਵਰਕਰ ਹਾਜ਼ਰ ਸਨ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



