ਕਪੂਰਥਲਾ — ਤਾਜਪੁਰ ਚਰਚ ਦੇ ਪਾਸਟਰ ਬਜਿੰਦਰ ਸਿੰਘ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ ‘ਚ ਘਿਰ ਗਏ ਹਨ। ਕੌਮੀ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਪਾਸਟਰ ਬਜਿੰਦਰ ਸਿੰਘ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵਧ ਗਈ ਹੈ। ਇਹ ਮਾਮਲਾ ਕਪੂਰਥਲਾ ਦੀ ਰਹਿਣ ਵਾਲੀ 22 ਸਾਲਾ ਲੜਕੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਨਾਲ ਸਬੰਧਤ ਹੈ। ਲੜਕੀ ਨੇ ਪਾਸਟਰ ਬਜਿੰਦਰ ਸਿੰਘ ‘ਤੇ ਅਣਉਚਿਤ ਛੂਹਣ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ।
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਪੀੜਤਾ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਜਲੰਧਰ ਦੇ ਤਾਜਪੁਰ ਸਥਿਤ ਚਰਚ ਆਫ ਗਲੋਰੀ ਐਂਡ ਵਿਜ਼ਡਮ ਦੇ ਹੈੱਡ ਪਾਦਰੀ ਬਜਿੰਦਰ ਸਿੰਘ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਤੋਂ ਪੁਲਸ ਸਾਹਮਣੇ ਪੇਸ਼ ਨਹੀਂ ਹੋਏ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪਾਸਟਰ ਬਜਿੰਦਰ ਸਿੰਘ (ਲਾਭ) ਜਾਂਚ ਤੋਂ ਬਚਣ ਲਈ ਨੇਪਾਲ ਭੱਜ ਗਿਆ ਹੈ।
ਪੰਜਾਬ ਪੁਲਿਸ ਦੇ ਅਧਿਕਾਰੀਆਂ ਅਨੁਸਾਰ ਜਿਨਸੀ ਸ਼ੋਸ਼ਣ ਦੇ ਦੋਸ਼ ਜ਼ਮਾਨਤੀ ਸ਼੍ਰੇਣੀ ਦੇ ਹਨ, ਪਰ ਪਾਸਟਰ ਬਜਿੰਦਰ ਸਿੰਘ ਨੂੰ ਜਾਂ ਤਾਂ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ ਜਾਂ ਗ੍ਰਿਫਤਾਰੀ ਦਾ ਸਾਹਮਣਾ ਕਰਨਾ ਪਵੇਗਾ। ਰਾਸ਼ਟਰੀ ਮਹਿਲਾ ਕਮਿਸ਼ਨ ਦੇ ਦਖਲ ਤੋਂ ਬਾਅਦ ਕਾਨੂੰਨ ਪਾਸਟਰ ਬਜਿੰਦਰ ਸਿੰਘ ‘ਤੇ ਆਪਣੀ ਪਕੜ ਸਖ਼ਤ ਕਰਦਾ ਨਜ਼ਰ ਆ ਰਿਹਾ ਹੈ।
ਦੂਜੇ ਪਾਸੇ ਬਜਿੰਦਰ ਸਿੰਘ ਨੇ ਪੁਲੀਸ ਅਤੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇਕਰ 12 ਮਾਰਚ ਤੱਕ ਕੇਸ ਰੱਦ ਨਾ ਕੀਤਾ ਗਿਆ ਤਾਂ ਉਹ ਆਪਣੇ ਸਮਰਥਕਾਂ ਸਮੇਤ ਪੰਜਾਬ ਬੰਦ ਦਾ ਸੱਦਾ ਦੇਣਗੇ। ਇਸ ਮਾਮਲੇ ਸਬੰਧੀ ਜਲੰਧਰ ਦੇਹਾਤ ਦੇ ਐਸਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਾਸਟਰ ਬਜਿੰਦਰ ਸਿੰਘ ਖ਼ਿਲਾਫ਼ ਕਪੂਰਥਲਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਉੱਚ ਅਧਿਕਾਰੀ ਉਸ ਦੀ ਜਾਂਚ ਕਰ ਰਹੇ ਹਨ। ਇਸ ਜਾਂਚ ਦੌਰਾਨ ਜੇਕਰ ਕੋਈ ਸ਼ਰਾਰਤੀ ਅਨਸਰ ਮਾਹੌਲ ਜਾਂ ਅਮਨ-ਕਾਨੂੰਨ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly