ਚੰਡੀਗੜ੍ਹ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਪੰਜਾਬੀ ਕਲਾਕਾਰ ਮੁੜ ਕਿਸਾਨ ਅੰਦੋਲਨ ਦਾ ਸਾਥ ਦੇਣ ਲਈ ਸਿੰਘੂ ਬਾਰਡਰ ‘ਤੇ ਜਾ ਡਟੇ ਹਨ। ਅੱਜ ਸਿੰਘੂ ਬਾਰਡਰ ‘ਤੇ ‘ਸੱਥ ਚਰਚਾ’ ਕੀਤੀ ਜਾ ਰਹੀ ਹੈ। ਇਸ ਵਿੱਚ ਪੰਜਾਬੀ ਗਾਇਕ ਗਾਇਕ ਬੱਬੂ ਮਾਨ, ਰਣਜੀਤ ਬਾਵਾ ਤੇ ਅਦਾਕਾਰਾ ਗੁਲ ਪਨਾਗ ਪਹੁੰਚ ਰਹੇ ਹਨ। ਦੱਸ ਦਈਏ ਕਿ ਪੰਜਾਬੀ ਕਲਾਕਾਰਾਂ ਨੇ ਕਿਸਾਨ ਅੰਦੋਲਨ ਦਾ ਡਟ ਕੇ ਸਾਥ ਦਿੱਤਾ ਹੈ। 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲਾ ਵਿੱਚ ਵਾਪਰੀ ਹਿੰਸਕ ਘਟਨਾ ਮਗਰੋਂ ਕੁਝ ਕਲਾਕਾਰ ਪਿਛਾਂਹ ਹਟ ਗਏ ਸੀ। ਇਸ ਦੀ ਸੋਸ਼ਲ ਮੀਡੀਆ ਉੱਪਰ ਕਾਫੀ ਅਲੋਚਨਾ ਵੀ ਹੋ ਰਹੀ ਸੀ।
ਹੁਣ ਕਲਾਕਾਰ ਮੁੜ ਕਿਸਾਨ ਅੰਦੋਲਨ ਨਾਲ ਡਟੇ ਹਨ। ਕਲਾਕਾਰਾਂ ਦੀ ਆਮਦ ਨਾਲ ਨੌਜਵਾਨਾਂ ਦਾ ਉਤਸ਼ਾਹ ਵਧਦਾ ਹੈ ਤੇ ਕਿਸਾਨ ਜਥੇਬੰਦੀਆਂ ਦੇ ਕੇਡਰ ਤੋਂ ਇਲਾਵਾ ਆਮ ਬੰਦੇ ਵੀ ਅੰਦੋਲਨ ਵਿੱਚ ਜੁੱਟ ਜਾਂਦੇ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਅਗਾਮੀ ਮੌਨਸੂਨ ਇਜਲਾਸ ਦੌਰਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮਐਸਪੀ ਦੀ ਗਾਰੰਟੀ ਦਿੰਦਾ ਕਾਨੂੰਨ ਪਾਸ ਕਰਵਾਉਣ ਲਈ ਸਾਰੇ ਸੰਸਦ ਮੈਂਬਰਾਂ ਨੂੰ ‘ਪੀਪਲਜ਼ ਵ੍ਹਿਪ’ ਜਾਰੀ ਕੀਤਾ ਹੈ। ਵ੍ਹਿਪ ਤਹਿਤ ਸੰਸਦ ਮੈਂਬਰਾਂ ਨੂੰ ਸਰਕਾਰ ’ਤੇ ਦਬਾਅ ਪਾਉਣ ਦੀ ਅਪੀਲ ਕੀਤੀ ਗਈ ਹੈ। ‘ਪੀਪਲਜ਼ ਵ੍ਹਿਪ’ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਸੰਸਦ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਸੰਸਦ ਮੈਂਬਰ ਸਦਨ ’ਚ ਹੋਰ ਕੋਈ ਕਾਰਵਾਈ ਨਾ ਚੱਲਣ ਦੇਣ।
ਇਸ ਦੇ ਨਾਲ ਹੀ ਸੰਸਦ ਮੈਂਬਰਾਂ ਖ਼ਾਸ ਕਰਕੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ ਵਾਕਆਊਟ ਨਾ ਕਰਨ। ਕਿਸਾਨ ਆਗੂਆਂ ਨੇ ਕਿਹਾ ਕਿ 22 ਜੁਲਾਈ ਤੋਂ ਮੌਨਸੂਨ ਇਜਲਾਸ ਦੀ ਸਮਾਪਤੀ ਤੱਕ ਰੋਜ਼ਾਨਾ 200 ਕਿਸਾਨਾਂ ਦੇ ਜੱਥੇ ਸੰਸਦ ਵੱਲ ਕੂਚ ਕਰਨਗੇ। ਮੋਰਚੇ ਨੇ ਇਸ ਲਈ ਕਿਸਾਨ ਯੂਨੀਅਨਾਂ ਦੇ 5-5 ਕਾਰਕੁਨਾਂ ਦੇ ਨਾਂ ਮੰਗ ਲਏ ਹਨ ਤੇ ਉਨ੍ਹਾਂ ਨੂੰ ਬਾਕਾਇਦਾ ਪਛਾਣ ਪੱਤਰ ਦਿੱਤੇ ਜਾਣਗੇ। ਬਾਹਰੋਂ ਕਿਸੇ ਨੂੰ ਨਹੀਂ ਆਉਣ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly