ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਇਜ਼ਰਾਇਲੀ ਸਪਾਈਵੇਅਰ ‘ਪੈਗਾਸਸ’ ਜ਼ਰੀਏ ਭਾਰਤ ਵਿੱਚ ਕੁਝ ਲੋਕਾਂ ਦੀ ਕਥਿਤ ਜਾਸੂਸੀ ਕੀਤੇ ਜਾਣ ਦੇ ਦਾਅਵੇ ਨਾਲ ਸਬੰਧਤ ਪਟੀਸ਼ਨਾਂ ’ਤੇ ਭਲਕੇ ਬੁੱਧਵਾਰ ਦੀ ਥਾਂ ਸ਼ੁੱਕਰਵਾਰ (25 ਫਰਵਰੀ) ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸਿਖਰਲੀ ਅਦਾਲਤ ਨੇ ਸੁਣਵਾਈ ਅੱਗੇ ਪਾਉਣ ਦਾ ਫੈਸਲਾ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਦਾਇਰ ਉਸ ਹਲਫ਼ਨਾਮੇ ’ਤੇ ਗੌਰ ਕਰਨ ਮਗਰੋਂ ਲਿਆ, ਜਿਸ ਵਿੱਚ ਉਨ੍ਹਾਂ ਦਾਅਵਾ ਕੀਤਾ ਸੀ ਕਿ ਮਨੀ ਲਾਂਡਰਿੰਗ ਨਾਲ ਸਬੰਧਤ ਇਕ ਹੋਰ ਕੇਸ ਦੀ ਸੁਣਵਾਈ ਵਿੱਚ ਰੁੱਝੇ ਹੋਣ ਕਰਕੇ ਉਹ ਭਲਕੇ ਪੈਗਾਸਸ ਕੇਸ ਵਿੱਚ ਪੇਸ਼ ਨਹੀਂ ਹੋ ਸਕਦੇ।
ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਣਕਾਰੀ ਮੁਤਾਬਕ ਭਾਰਤ ਦੇ ਚੀਫ਼ ਜਸਟਿਸ ਵਾਲੇ ਬੈਂਚ ਵੱਲੋਂ ਭਲਕੇ ਬੁੱਧਵਾਰ ਨੂੰ ਪੈਗਾਸਸ ਮੁੱਦੇ ਨਾਲ ਜੁੜੀਆਂ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਣੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪਿਛਲੇ ਸਾਲ 27 ਅਕਤੂੁਬਰ ਨੂੰ ਜਾਸੂਸੀ ਦੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਸਾਈਬਰ ਮਾਹਿਰਾਂ ਦੀ ਕਮੇਟੀ ਗਠਿਤ ਕਰਨ ਦੇ ਹੁਕਮ ਕੀਤੇ ਸਨ। ਤਕਨੀਕੀ ਜਾਂਚ ਕਮੇਟੀ ਅੰਤਰਿਮ ਰਿਪੋਰਟ ਅਦਾਲਤ ਨੂੰ ਸੌਂਪ ਚੁੱਕੀ ਹੈ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ, ਜਿਸ ਵਿੱਚ ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਵੀ ਸ਼ਾਮਲ ਹਨ, ਨੂੰ ਅਪੀਲ ਕੀਤੀ ਕਿ ਕੇਸ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕੀਤੀ ਜਾਵੇ ਕਿਉਂਕਿ ਉਨ੍ਹਾਂ ਭਲਕੇ ਇਕ ਹੋਰ ਕੇਸ ਵਿੱਚ ਵੱਖਰੇ ਬੈਂਚ ਕੋਲ ਪੇਸ਼ ਹੋਣਾ ਹੈ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly