ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਦੂਜੀ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਦਲ ਦਾ ਨੇਤਾ ਚੁਣਨ ਲਈ ਮਾਨ ਨੇ ਇੱਥੇ ਮੀਟਿੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ‘ਆਪ’ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ ਨੌਜਵਾਨਾਂ ਨੂੰ 25000 ਸਰਕਾਰੀ ਨੌਕਰੀਆਂ ਦੇਣ ਦੇ ਫ਼ੈਸਲੇ ਸਬੰਧੀ 25 ਦਿਨਾਂ ਅੰਦਰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੇ ਝੂਠੇ ਲਾਰਿਆਂ, ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਤੋਂ ਤੰਗ ਆ ਚੁੱਕੇ ਸਨ ਜਿਸ ਕਾਰਨ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਦਿੱਗਜ ਆਗੂਆਂ ਨੂੰ ਹਰਾ ਕੇ ‘ਆਪ’ ਦੇ ਸਾਧਾਰਨ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਹੈ। ਇਸ ਲਈ ਇਸ ਇਤਿਹਾਸਕ ਜਿੱਤ ਦੇ ਅਰਥ ਸਮਝ ਕੇ ਲੋਕਾਂ ਲਈ ਸੇਵਾ ਭਾਵਨਾ ਨਾਲ ਕੰਮ ਕੀਤਾ ਜਾਵੇ ਅਤੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਪਾਉਣ ਲਈ ਯੋਗਦਾਨ ਪਾਇਆ ਜਾਵੇ। ਮੁੱਖ ਮੰਤਰੀ ਨੇ ਨੈਲਸਨ ਮੰਡੇਲਾ ਦੇ ਇੱਕ ਬਿਆਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੇਤਾ ਉਹ ਹੁੰਦਾ ਹੈ ਜੋ ਲੋਕਾਂ ਦੇ ਦੁੱਖ-ਸੁੱਖ ਵਿੱਚ ਕੰਮ ਆਉਂਦਾ ਹੈ। ਉਨ੍ਹਾਂ ਨੇ ਸਮੂਹ ਵਿਧਾਇਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ‘ਆਪ’ ਵਿਧਾਇਕਾਂ ਦੇ ਕੰਮ ਦਾ ਸਰਵੇ ਕਰਵਾਇਆ ਜਾਂਦਾ ਹੈ। ਜਿਨ੍ਹਾਂ ਵਿਧਾਇਕਾਂ ਦੀ ਸਰਵੇ ਰਿਪੋਰਟ ਨੈਗੇਟਿਵ ਹੁੰਦੀ ਹੈ, ਉਨ੍ਹਾਂ ਸਾਰਿਆਂ ਦੀ ਟਿਕਟ ਕੱਟ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ 2020 ਵਿੱਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ 22 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਦੇ ਕੰਮਾਂ ਦੇ ਵੀ ਸਰਵੇ ਕਰਵਾਏ ਜਾਣਗੇ।
ਇਸ ਲਈ ਸਾਰੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਆਪੋ ਆਪਣੇ ਹਲਕਿਆਂ ਵਿੱਚ ਪੱਕੇ ਤੌਰ ’ਤੇ ਦਫ਼ਤਰ ਖੋਲ੍ਹ ਕੇ ਲੋਕਾਂ ਦੇ ਜਾਇਜ਼ ਕੰਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਅਗਲੀ ਵਾਰ ਆਪਣੀ ਸੀਟ ਪੱਕੀ ਕਰਨੀ ਹੈ ਤਾਂ ਲੋਕਾਂ ਦੀ ਕਦਰ ਕੀਤੀ ਜਾਵੇ ਅਤੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਛਾਪੇ ਮਾਰ ਕੇ ਅਫ਼ਸਰਾਂ ਤੇ ਕਰਮਚਾਰੀਆਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਕੀਤਾ ਜਾਵੇ ਸਗੋਂ ਸਰਕਾਰੀ ਮੁਲਾਜ਼ਮਾਂ ਨਾਲ ਮਿਲ ਕੇ ਆਮ ਲੋਕਾਂ ਦੇ ਕੰਮ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਭੈਅ-ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਮਾਹੌਲ ਸਿਰਜ ਕੇ ਸਿਸਟਮ ਬਦਲਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਠਰ੍ਹੰਮੇ ਨਾਲ ਪ੍ਰਸ਼ਾਸਨਿਕ ਗੜਬੜੀਆਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਆਪਣੇ ਦੁੱਖ-ਦਰਦ ਦੂਰ ਕਰਨ ਲਈ ਉਨ੍ਹਾ ਨੂੰ ਮੁੱਖ ਮੰਤਰੀ ਬਣਾਇਆ ਹੈ ਤੇ ਉਨ੍ਹਾਂ ਪਹਿਲੇ ਦਿਨ ਹੀ ਬੇਰੁਜ਼ਗਾਰ ਨੌਜਵਾਨਾਂ ਦੀ ਤਕਲੀਫ਼ ਦੂਰ ਕਰਨ ਲਈ ਕੰਮ ਕੀਤਾ ਹੈ। ਭਵਿੱਖ ਵਿੱਚ ਵੀ ਉਹ ਆਪਣੀ ਕਲਮ ਦੀ ਵਰਤੋਂ ਲੋਕਾਂ ਦੀ ਰੋਜ਼ੀ-ਰੋਟੀ ਅਤੇ ਸੁੱਖ-ਸਹੂਲਤਾਂ ਲਈ ਕਰਨਗੇ।
ਮੁੱਖ ਮੰਤਰੀ ਨੇ ਸਮੂਹ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਨੌਕਰੀ ਲਈ ਕਿਸੇ ਦੀ ਵੀ ਗਲਤ ਜਾਂ ਅਯੋਗ ਵਿਅਕਤੀ ਦੀ ਸਿਫ਼ਾਰਸ਼ ਨਾ ਕਰਨ। ਇਸ ਨਾਲ ਯੋਗ ਨੌਜਵਾਨਾਂ ਦਾ ਹੱਕ ਖੁੱਸਣ ਦਾ ਖ਼ਦਸ਼ਾ ਹੈ। ਹੋ ਸਕਦਾ ਹੈ ਅਜਿਹੇ ਹਜ਼ਾਰਾਂ ਨੌਜਵਾਨ ਹੋਣਗੇ, ਜਿਨ੍ਹਾਂ ਦੀ ਪਹੁੰਚ ‘ਆਪ’ ਤੱਕ ਨਾ ਹੋਵੇ ਪਰ ਨੌਕਰੀ ਲਈ ਯੋਗਤਾ ਪੂਰੀ ਰੱਖਦੇ ਹੋਣ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਆਮ ਲੋਕਾਂ ਨਾਲ ਮਾੜਾ ਵਤੀਰਾ ਬਿਲਕੁਲ ਸਹਿਣ ਨਹੀਂ ਕੀਤਾ ਜਾਵੇ। ਇਸ ਲਈ ਸਾਰਿਆਂ ਨਾਲ ਪਿਆਰ ਨਾਲ ਪੇਸ਼ ਆਇਆ ਜਾਵੇ। ਮਾਨ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੀ ਖ਼ੁਸ਼ੀ ਤਿਆਗ ਕੇ ਲੋਕਾਂ ਦੀ ਖ਼ੁਸ਼ੀ ਲਈ ਕੰਮ ਕਰਨ ਤਾਂ ਜੋ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।