ਮੰਡੀ (ਹਿਮਾਚਲ ਪ੍ਰਦੇਸ਼) (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਦੋਹਰੇ ਇੰਜਣ ਵਾਲੀ ਸਰਕਾਰ ਤੋਂ ਜਨਤਾ ਨੂੰ ਫਾਇਦਾ ਹੋਇਆ ਹੈ ਅਤੇ ਸੂਬੇ ਵਿਚ ਵਿਕਾਸ ਪ੍ਰਾਜੈਕਟਾਂ ਤੇ ਵੱਖ-ਵੱਖ ਯੋਜਨਾਵਾਂ ਨੂੰ ਰਫ਼ਤਾਰ ਮਿਲੀ ਹੈ। ਉਹ ਸੂਬੇ ਵਿਚ ਜੈਰਾਮ ਠਾਕੁਰ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਇੱਥੇ ਪੱਡਲ ਮੈਦਾਨ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਮੋਦੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਚਾਰ ਸਾਲਾਂ ਵਿਚ ਕੇਂਦਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਕਈ ਭਲਾਈ ਯੋਜਨਾਵਾਂ ਨੂੰ ਸੂਬਾ ਸਰਕਾਰ ਨੇ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਹੈ। ਉਨ੍ਹਾਂ ਸ੍ਰੀ ਠਾਕੁਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਨੀ ਠੰਢ ਦੇ ਬਾਵਜੂਦ ਰੈਲੀ ਵਿਚ ਆਈ ਭੀੜ ਦੱਸਦੀ ਹੈ ਕਿ ਹਿਮਾਚਲ ਪ੍ਰਦੇਸ਼ ਦੀ ਜਨਤਾ ਪਿਛਲੇ ਚਾਰ ਸਾਲਾਂ ਵਿਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਤੋਂ ਸੰਤੁਸ਼ਟ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਮੁੜ ਤੋਂ ਸੱਤਾ ’ਚ ਆਵੇਗੀ।
ਇਸ ਤੋਂ ਪਹਿਲਾਂ ਮੋਦੀ ਸੂਬੇ ਵਿਚ 11,581 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਅਤੇ 28,197 ਕਰੋੜ ਰੁਪਏ ਤੋਂ ਵੱਧ ਦੇ 287 ਨਿਵੇਸ਼ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly