ਸਿਹਤ ਮੰਤਰੀ ਵੱਲੋਂ ਜ਼ਿਲ੍ਹੇ ਵਿਚ ਨਵੇਂ ਮੈਡੀਕਲ ਕਾਲਜ ਦੇ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪਵਿੱਤਰ ਧਰਤੀ, ਸ਼ਹੀਦ ਭਗਤ ਸਿੰਘ ਨਗਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵਾਂ ਮੈਡੀਕਲ ਕਾਲਜ ਬਣਾਉਣ ਦੇ ਕੀਤੇ ਵਾਅਦੇ ਨੂੰ ਬੂਰ ਪੈਣ ਜਾ ਰਿਹਾ ਹੈ, ਜੋ ਕਿ ਸ਼ਹੀਦ ਭਗਤ ਸਿੰਘ ਨਗਰ ਅਤੇ ਇਸਦੇ ਆਲੇ-ਦੁਆਲੇ ਦੇ ਖੇਤਰ ਦੇੇ ਲੋਕਾਂ ਲਈ ਵੱਡਾ ਤੋਹਫ਼ਾ ਸਾਬਿਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਮਿਤੀ 23 ਮਾਰਚ, 2025 ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਨਵੇਂ ਮੈਡੀਕਲ ਕਾਲਜ ਦਾ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਦੌਰੇ ਦੌਰਾਨ ਜ਼ਿਲ੍ਹੇ ਅੰਦਰ ਨਵੇਂ ਮੈਡੀਕਲ ਕਾਲਜ ਦੀ ਬਣਤਰ, ਪਾਣੀ ਦੀ ਨਿਕਾਸੀ ਲਈ ਡਰੇਨੇਜ ਸਿਸਟਮ ਦੇ ਬੰਦੋਬਸਤਾਂ ਸਮੇਤ ਮੈਡੀਕਲ ਕਾਲਜ ਦੇ ਨੀਂਹ ਪੱਥਰ ਸਮਾਰੋਹ ਦੀਆਂ ਤਿਆਰੀਆਂ ਦਾ ਜ਼ਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਲਈ ਦਿੱਤੀ ਗਈ ਜ਼ਮੀਨ ਨੂੰ ਵੀ ਦੇਖਿਆ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਨੂੰ ਲੈ ਕੇ ਗੱਲਬਾਤ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 23 ਮਾਰਚ ਨੂੰ, ਸ਼ਹੀਦ ਭਗਤ ਸਿੰਘ ਦੀ ਧਰਤੀ, ਨਵਾਂਸ਼ਹਿਰ ਵਿਚ, ਸਾਡੀ ਸਿਹਤ ਸੰਭਾਲ ਕ੍ਰਾਂਤੀ ਦੇ ਅਗਲੇ ਪੜਾਅ ਲਈ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਪੰਜਾਬ ਲਈ ਇਕ ਇਤਿਹਾਸਕ ਪਲ ਹੈ, ਜੋ ਇਹ ਯਕੀਨੀ ਬਣਾਵੇਗਾ ਕਿ ਹਰੇਕ ਨਾਗਰਿਕ ਨੂੰ ਵਿੱਤੀ ਬੋਝ ਤੋਂ ਬਿਨਾਂ ਅਤਿ-ਆਧੁਨਿਕ ਸਿਹਤ ਸੰਭਾਲ ਤੱਕ ਪਹੁੰਚ ਹੋਵੇ। ਇਹ ਪੰਜਾਬ ਦੇ ਲੋਕਾਂ ਲਈ ਸਿਹਤ ਸੰਭਾਲ ਪਹੁੰਚ ਅਤੇ ਗੁਣਵੱਤਾ ਵਿਚ ਮਹੱਤਵਪੂਰਨ ਵਾਧਾ ਕਰੇਗਾ ਅਤੇ ਇਕ ਆਉਣ ਵਾਲੇ ਮੀਲ ਦੇ ਪੱਥਰ ਨੂੰ ਉਜਾਗਰ ਕਰੇਗਾ। ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਸ਼ਹੀਦ ਭਗਤ ਸਿੰਘ ਨਗਰ ਅਤੇ ਆਲੇ-ਦੁਆਲੇ ਦੇ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋਵੇਗਾ। ਸਿਹਤ ਮੰਤਰੀ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੀ ਭਰਤੀ ਪ੍ਰਕਿਰਿਆ ਨਿਰੰਤਰ ਚੱਲ ਰਹੀ ਹੈ। ਜਲਦ ਹੀ ਹਸਪਤਾਲਾਂ ਵਿਚ ਸਟਾਫ ਦੀ ਘਾਟ ਨੂੰ ਪੂਰਾ ਕਰ ਦਿੱਤਾ ਜਾਵੇਗਾ। ਪੰਜਾਬ ਵਿਚ ਡਾਕਟਰਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj