ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਵੱਡਾ ਪੈਕੇਜ ਐਲਾਨਣ: ਬਾਦਲ

Five-time Punjab Chief Minister Parkash Singh Badal

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ਦੌਰਾਨ ਬੇਅਦਬੀ ਦੀਆਂ ਸਾਜ਼ਿਸ਼ਾਂ ਨੂੰ ਬੇਨਕਾਬ ਕਰਨ ਲਈ ਕੁਝ ਠੋਸ ਕਦਮ ਚੁੱਕਣ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਿਆਸੀ, ਧਾਰਮਿਕ ਤੇ ਆਰਥਿਕ ਮਸਲਿਆਂ ਨੂੰ ਹੱਲ ਕਰ ਕੇ ਸਹੀ ਮਾਹੌਲ ਸਿਰਜਣ। ਸ੍ਰੀ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਵੱਡਾ ਪੈਕੇਜ ਐਲਾਨੇ ਜਾਣ ਨਾਲ ਪੰਜਾਬ ਦੌਰੇ ਨੂੰ ਭਰੋਸੇਯੋਗਤਾ ਤੇ ਮਾਣ ਮਿਲ ਸਕਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦਾ ਧਿਆਨ 1984 ਦੇ ਸਿੱਖ ਕਤਲੇਆਮ ਦੇ ਹਜ਼ਾਰਾਂ ਪੀੜਤ ਸਿੱਖ ਪਰਿਵਾਰਾਂ ਵੱਲ ਦਿਵਾਇਆ ਜੋ ਇਨਸਾਫ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਦਿੱਤੇ ਜ਼ਖ਼ਮਾਂ ’ਤੇ ਮੱਲ੍ਹਮ ਲਾਵੇਗਾ। ਸਾਬਕਾ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਤਰਾਸਦੀ ਵਾਲੇ ਸੰਕਟ ਵਿੱਚੋਂ ਕੱਢਣ ਲਈ ਖੇਤੀਬਾੜੀ ਆਰਥਿਕ ਪੈਕੇਜ ਦੀ ਮੰਗ ਵੀ ਕੀਤੀ ਕਿਉਂਕਿ ਇਸ ਸੰਕਟ ਨਾਲ ਕਿਸਾਨ ਕਰਜ਼ਈ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਚੋਣਾਂ ਨੇੜੇ ਹੋਣ ਕਾਰਨ ਵਾਜਬ ਨਹੀਂ ਲੱਗਦਾ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਨੂੰ ਭਰਮਾਉਣ ਦੀ ਥਾਂ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਕੋਲੋਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕਰਨ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਆਖਿਆ ਕਿ ਉਹ ਚੰਡੀਗੜ੍ਹ ਤੇ ਹੋਰ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ ਸਿਧਾਂਤ ਮੁਤਾਬਕ ਦਰਿਆਈ ਪਾਣੀਆਂ ਦਾ ਨਿਬੇੜਾ ਕਰਨ ਸਮੇਤ ਹੋਰ ਪ੍ਰਮੁੱਖ ਮੰਗਾਂ ਦਾ ਪੰਜਾਬੀਆਂ ਦੀ ਆਸ ਮੁਤਾਬਕ ਨਿਬੇੜਾ ਕਰਨ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਦਾ ਧਿਆਨ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 800 ਕਿਸਾਨਾਂ ਦੀ ਸ਼ਹਾਦਤ ਹੋਣ ਵੱਲ ਵੀ ਦਿਵਾਇਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰ ਕੇ ਇਨ੍ਹਾਂ ਦੀ ਸ਼ਨਾਖ਼ਤ ਨੂੰ ਮਾਨਤਾ ਦੇਵੇ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਵਿੱਚ ਓਮੀਕਰੋਨ ਦੇ ਕੇਸਾਂ ਦੀ ਗਿਣਤੀ 1,892 ਹੋਈ
Next articleਸੁਖਬੀਰ ਬਾਦਲ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੇ ਵਾਅਦੇ