ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਯੂਕਰੇਨ ਦੇ ਖਾਰਕੀਵ ’ਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ ਹੈ। ਸ੍ਰੀ ਮਾਨ ਨੇ ਕਿਹਾ ਕਿ ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਫਸੇ ਭੁੱਖੇ-ਤਿਹਾਏ ਵਿਦਿਆਰਥੀਆਂ ਦਾ ਪੱਛਮੀ ਸਰਹੱਦਾਂ ਤੱਕ ਪਹੁੰਚਣਾ ਅਸੰਭਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਪੀ ਚੋਣਾਂ ਦਾ ਪ੍ਰਚਾਰ ਛੱਡ ਕੇ ਯੂਕਰੇਨ ’ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ’ਤੇ ਕੰਮ ਕਰਨਾ ਚਾਹੀਦਾ ਹੈ।
ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਪੁਲੀਸ ਮੁਲਾਜ਼ਮਾਂ ਸਣੇ ਸਰਕਾਰੀ ਮੁਲਾਜ਼ਮਾਂ ਦੇ ਮਾਮਲੇ ਪ੍ਰਮੁੱਖਤਾ ਨਾਲ ਵਿਚਾਰ ਕੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲੀਸ ਪ੍ਰਸ਼ਾਸਨ ਵਿੱਚੋਂ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਚੁਸਤ-ਦੁਰਸਤ ਨਹੀਂ ਕੀਤਾ ਜਾ ਸਕਦਾ ਹੈ।
ਸ੍ਰੀ ਮਾਨ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਨੂੰ ਪੰਜਾਬ ਪੁਲੀਸ ’ਤੇ ਭਰੋਸਾ ਨਹੀਂ ਹੈ, ਜਿਨ੍ਹਾਂ ਨੇ ਆਪਣੇ ਪਰਿਵਾਰਾਂ ਅਤੇ ਹੋਰ ਕਰੀਬੀਆਂ ਦੀ ਸੁਰੱਖਿਆ ਲਈ ਬਣਾਏ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਵਿੱਚ ਹੋਰਨਾਂ ਰਾਜਾਂ ਦੇ 209 ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਹਨ ਜਦੋਂਕਿ ਪੰਜਾਬ ਦੇ ਕੇਵਲ 19 ਨੌਜਵਾਨਾਂ ਨੂੰ ਨੌਕਰੀ ਨਸੀਬ ਹੋਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly