ਪੁਲਿਸ ਲਾਈਨ ਗਰਾਊਂਡ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ – ਪ੍ਰੀਤਇੰਦਰ ਸਿੰਘ ਬੈਂਸ

ਐਸ. ਡੀ. ਐਮ ਵੱਲੋਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ  ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਉਨ੍ਹਾਂ ਨੂੰ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ।  ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਪੁਲਿਸ ਲਾਈਨ ਗਰਾਊਂਡ ਵਿਖੇ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਕਿਸੇ ਤਰ੍ਰਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਦੀ ਸਜਾਵਟ, ਪਰੇਡ, ਬੈਠਣ ਦੇ ਪ੍ਰਬੰਧਾਂ, ਸਾਫ਼-ਸਫਾਈ, ਪੁਰਸਕਾਰਾਂ ਤੇ ਪ੍ਰਸੰਸਾ ਪੱਤਰਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਫਾਇਰ ਟੈਂਡਰ, ਸੁਰੱਖਿਆ ਤੇ ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵੱਖ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਐਸ. ਡੀ. ਐਮ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਜ਼ਿਲ੍ਹਾ ਪੁਲਿਸ, ਪੀ. ਆਰ ਟੀ. ਸੀ ਜਹਾਨਖੇਲਾਂ, ਪੰਜਾਬ ਹੋਮਗਾਰਡਜ਼, ਐਨ. ਸੀ. ਸੀ ਸਕਾਊਟਸ ਤੇ ਗਰਲਜ਼ ਗਾਈਡ ਦੀਆਂ ਟੁਕੜੀਆਂ ਪਰੇਡ ਅਤੇ ਮਾਰਚ ਪਾਸਟ ਵਿਚ ਹਿੱਸਾ ਲੈਣਗੀਆਂ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ. ਟੀ ਸ਼ੋਅ ਅਤੇ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਪੁਲਿਸ ਲਾਈਨ ਗਰਾਊਂਡ ਵਿਚ 8, 9 ਅਤੇ 12 ਜੁਲਾਈ ਨੂੰ ਰਿਹਰਸਲਾਂ ਹੋਣਗੀਆਂ, ਜਦਕਿ ਫੁੱਲ ਡਰੈੱਸ ਰਿਹਰਸਲ 13 ਜੁਲਾਈ ਨੂੰ ਹੋਵੇਗੀ। ਇਸ ਮੌਕੇ ਐਸ. ਪੀ ਮਨੋਜ ਠਾਕੁਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ, ਸੁਪਰਡੈਂਟ ਆਸ਼ਾ ਰਾਣੀ, ਬਲਕਾਰ ਸਿੰਘ, ਨਿਰਮਲ ਸਿੰਘ ਕੰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਛਤ੍ਰਪਤਿ ਸ਼ਾਹੂ ਜੀ ਮਹਾਰਾਜ
Next articleਨਗਰ ਨਿਗਮ ਦਫ਼ਤਰ ਵਿਖੇ ਬਿੱਲਾਂ ਦੀ ਕੁਲੈਕਸ਼ਨ ਲਈ ਵਿਸ਼ੇਸ਼ ਕਾਊਂਟਰ ਸਥਾਪਿਤ – ਡਾ. ਅਮਨਦੀਪ ਕੌਰ