ਕੱਚੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ, ਪੁਲੀਸ ਨੇ ਜਲ ਤੋਪਾਂ ਤੇ ਅੱਥਰੂ ਗੈਸ ਵਰਤੀ

ਮੁਹਾਲੀ (ਸਮਾਜ ਵੀਕਲੀ): ਮੁਹਾਲੀ ਪੁਲੀਸ ਦੀਆਂ ਰੋਕਾਂ ਤੋੜ ਕੇ ਚੰਡੀਗੜ੍ਹ ਵੱਲ ਵਧੇ ਕੱਚੇ ਅਧਿਆਪਕਾਂ ਉੱਤੇ ਯੂਟੀ ਪੁਲੀਸ ਨੇ ਜਲ ਤੋਪਾਂ ਵਰਤੀਆਂ ਅਤੇ ਅਥਰੂ ਗੈਸ ਵਰਤੀ। ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਵੱਲੋਂ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਅਤੇ ਟਾਲ ਮਟੋਲ ਨੀਤੀ ਖ਼ਿਲਾਫ਼ ਅੱਜ ਦੂਜੀ ਵਾਰ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਗਿਆ।

ਸੂਬਾ ਕਨਵੀਨਰ ਅਜਮੇਰ ਸਿੰਘ ਔਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਸਿਧਾਣਾ, ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਭਵਨ ਵਿੱਚ 11 ਵਜੇ ਯੂਨੀਅਨ ਦੇ ਮੋਹਰੀ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਕੈਪਟਨ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਪੈਨਲ ਹੋਣੀ ਸੀ ਪਰ ਸਰਕਾਰ ਦੀ ਤਰਫੋਂ ਕੋਈ ਸੁਨੇਹਾ ਨਹੀਂ ਲੱਗਿਆ।

ਇਸ ਸਬੰਧੀ ਯੂਨੀਅਨ ਵੱਲੋਂ ਸਰਕਾਰ ਨੂੰ ਬਾਅਦ ਦੁਪਹਿਰ 1 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਪਰ ਸਰਕਾਰ ਦੇ ਕੰਨ ‘ਤੇ ਜੂੰਅ ਤੱਕ ਨਹੀਂ ਸਰਕੀ। ਜਿਸ ਕਾਰਨ ਪੰਜਾਬ ਭਰ ਚੋਂ ਮੁਹਾਲੀ ਸਿੱਖਿਆ ਭਵਨ ਦੇ ਬਾਹਰ ਚੱਲ ਰਹੇ ਧਰਨੇ ਵਿੱਚ ਆਪਣੇ ਪਰਿਵਾਰਾਂ ਸਮੇਤ ਪਹੁੰਚੇ ਕੱਚੇ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਅਤਿ ਦੀ ਗਰਮੀ ਵਿੱਚ ਕੱਚੇ ਅਧਿਆਪਕ ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬੇਕਾਬੂ: ਭਾਜਪਾ
Next articleਰਸਾਇਣ ਫੈਕਟਰੀ ’ਚ ਧਮਾਕਾ, ਇਕ ਹਲਾਕ, 62 ਜ਼ਖ਼ਮੀ