ਚੰਡੀਗੜ (ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੁਝ ਸਿਆਸੀ ਆਗੂਆਂ ਵੱਲੋਂ ਇਕ ਟੀਵੀ ਇੰਟਰਵਿਊ ਨੂੰ ਆਧਾਰ ਬਣਾ ਕੇ ਉਨ੍ਹਾਂ ਵਿਰੁੱਧ ਕੀਤੀਆਂ ਜਾ ਰਹੀਆਂ ਟਿੱਪਣੀਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਹਾਲਾਤ ਦਾ ਸਹੀ ਜਾਇਜ਼ਾ ਲਏ ਬਿਨਾਂ ਉਨ੍ਹਾਂ ’ਤੇ ਬੇਬੁਨਿਆਦ ਦੋਸ਼ ਲਗਾਉਣਾ ਗ਼ਲਤ ਹੈ ਅਤੇ ਇਸ ਮੁੱਦੇ ’ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਤੋਂ ਸਾਰੇ ਸਿਆਸੀ ਆਗੂਆਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਸਿਆਸੀ ਆਗੂਆਂ ਨੂੰ ਪੂਰੀ ਇੰਟਰਵਿਊ ਸੁਣ ਲੈਣੀ ਚਾਹੀਦੀ ਹੈ।
ਪੂਰੀ ਇੰਟਰਵਿਊ ਸੁਣਨ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਉਨ੍ਹਾਂ ਕਿਸੇ ਵੀ ਜਾਤੀ ਜਾਂ ਵਰਗ ਖ਼ਿਲਾਫ਼ ਕੋਈ ਇਤਰਾਜ਼ਯੋਗ ਟਿੱਪਣੀ ਨਹੀਂ ਕੀਤੀ ਹੈ, ਸਗੋਂ ਇਸ ਸਬੰਧੀ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਅਤੇ ਗ਼ਲਤ ਸੰਧਰਭ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਕਿਸੇ ਟੀਵੀ ਪੱਤਰਕਾਰ ਦੀ ਨਿੱਜੀ ਟਿਪੱਣੀ ਜਾਂ ਸਮੀਖਿਆ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਸਿਆਸੀ ਜੀਵਨ ਦਲਿਤ ਅਤੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਚਲਾਈਆਂ ਗਈਆਂ ਮੁਹਿੰਮਾਂ ਨਾਲ ਭਰਿਆ ਪਿਆ ਹੈ। ਉਨ੍ਹਾਂ ਸਦਾ ਹੀ ਮਜ਼ਲੂਮਾਂ ਅਤੇ ਦੱਬੇ ਹੋਇਆਂ ਦੇ ਪੱਖ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸ ਲਈ ਉਨ੍ਹਾਂ ਵੱਲੋਂ ਕਿਸੇ ਵਰਗ ਜਾਂ ਜਾਤੀ ਪ੍ਰਤੀ ਦੁਰਭਾਵਨਾ ਰੱਖਣ ਜਾਂ ਟਿਪੱਣੀ ਕਰਨ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly