ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮਾਮਲੇ ’ਤੇ ਧਾਰੀ ਚੁੱਪ ’ਤੇ ਉਂਗਲ ਉੱਠਣ ਲੱਗੀ ਹੈ। ਮੁੱਖ ਮੰਤਰੀ ਚੰਨੀ ਨੇ ਇਸ ਮੁੱਦੇ ’ਤੇ ਕੇਂਦਰ ਸਰਕਾਰ ਖ਼ਿਲਾਫ਼ ਹਾਲੇ ਤਕ ਕੋਈ ਬਿਆਨ ਨਹੀਂ ਦਿੱਤਾ ਹੈ, ਜਿਸ ਕਰਕੇ ਉਹ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਚੇਤੇ ਰਹੇ ਕਿ ਕੇਂਦਰ ਸਰਕਾਰ ਨੇ 23 ਫਰਵਰੀ ਨੂੰ ਨੋਟੀਫ਼ਿਕੇਸ਼ਨ ਜਾਰੀ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪੱਕੀ ਪ੍ਰਤੀਨਿਧਤਾ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਨੂੰ ਸੂਬਾਈ ਅਧਿਕਾਰਾਂ ’ਤੇ ਕੇਂਦਰ ਦਾ ਸਿੱਧਾ ਹਮਲਾ ਸਮਝਿਆ ਜਾ ਰਿਹਾ ਹੈ।
ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਇਸ ਮਾਮਲੇ ’ਤੇ ਕੇਂਦਰ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਦਿਆਂ ਲੰਘੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਵੀ ਲਿਖਿਆ ਹੈ। ਇਸ ਵਿੱਚ ਜਾਖੜ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਦੇ ਹਿਤਾਂ ਨੂੰ ਢਾਹ ਲਾਉਣ ਵਾਲੇ ਇਸ ਫ਼ੈਸਲੇ ਖ਼ਿਲਾਫ਼ ਸਰਬ ਪਾਰਟੀ ਵਫ਼ਦ ਸਣੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇ। ਮੁੱਖ ਮੰਤਰੀ ਚੰਨੀ ਨੇ ਜਾਖੜ ਦੇ ਇਸ ਪੱਤਰ ’ਤੇ ਵੀ ਹਾਲੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਜ਼ਰੂਰ ਕਿਸੇ ਰੁਝੇਵੇਂ ਵਿੱਚ ਹੋਣਗੇ ਜਿਸ ਕਰਕੇ ਉਹ ਆਪਣੀ ਪ੍ਰਤੀਕਿਰਿਆ ਨਹੀਂ ਦੇ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਸ ਕਰਦੇ ਹਨ ਕਿ ਮੁੱਖ ਮੰਤਰੀ ਜ਼ਰੂਰ ਇਸ ਮਸਲੇ ’ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀ ਵਿਦਿਆਰਥੀਆਂ ਦੇ ਮੁੱਦੇ ਨੂੰ ਤਰਜੀਹੀ ਆਧਾਰ ’ਤੇ ਚੁੱਕਿਆ ਹੈ, ਪਰ ਬੀਬੀਐੱਮਬੀ ’ਤੇ ਹੋਏ ਕੇਂਦਰੀ ਹੱਲੇ ਖ਼ਿਲਾਫ਼ ਉਨ੍ਹਾਂ ਨੇ ਹਾਲੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਦੱਸਣਯੋਗ ਹੈ ਕਿ ਜਦੋਂ ਕੇਂਦਰ ਸਰਕਾਰ ਨੇ ਬੀਐੱਸਐੱਫ ਦਾ ਅਧਿਕਾਰ ਘੇਰਾ ਪੰਜਾਬ ਵਿੱਚ ਵਧਾਇਆ ਸੀ ਤਾਂ ਮੁੱਖ ਮੰਤਰੀ ਚੰਨੀ ਨੇ ਸਖ਼ਤ ਵਿਰੋਧ ਕੀਤਾ ਸੀ। ‘ਆਪ’ ਦੇ ਕਨਵੀਨਰ ਭਗਵੰਤ ਮਾਨ ਵੀ ਕੇਂਦਰ ਦੀ ਨੀਅਤ ਖ਼ਿਲਾਫ਼ ਬੋਲ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਕੇਂਦਰੀ ਫ਼ੈਸਲੇ ਦੀ ਮੁਖ਼ਾਲਫ਼ਤ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਚੁੱਪ ’ਤੇ ਵੀ ਸਭ ਹੈਰਾਨ ਹਨ। ਨਵਜੋਤ ਸਿੱਧੂ ਨੇ ਹਫ਼ਤਾ ਪਹਿਲਾਂ ਵੋਟਾਂ ਮਗਰੋਂ ਵੋਟਰਾਂ ਦਾ ਧੰਨਵਾਦ ਕੀਤਾ ਸੀ। ਉਸ ਮਗਰੋਂ ਸਿੱਧੂ ਨੇ ਕੋਈ ਟਵੀਟ ਨਹੀਂ ਕੀਤਾ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਬੀਐੱਮਬੀ ਦੀ ਪ੍ਰਤੀਨਿਧਤਾ ’ਚੋਂ ਪੰਜਾਬ ਨੂੰ ਬਾਹਰ ਕੀਤੇ ਜਾਣ ਦੇ ਫ਼ੈਸਲੇ ਵਿਰੁੱਧ 7 ਮਾਰਚ ਨੂੰ ਪੰਜਾਬ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਕਿਹਾ ਕਿ ਚੋਣਾਂ ਮਗਰੋਂ ਹੀ ਪੰਜਾਬ ਦੇ ਹੱਕਾਂ ’ਤੇ ਕੇਂਦਰੀ ਹਕੂਮਤ ਦੇ ਡਾਕੇ ਸ਼ੁਰੂ ਹੋ ਗਏ ਹਨ, ਜਿਸ ਖ਼ਿਲਾਫ਼ ਪੰਜਾਬ ਪੱਖੀ ਧਿਰਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਇਸੇ ਤਰ੍ਹਾਂ ਕਿਰਤੀ ਕਿਸਾਨ ਮੋਰਚਾ ਰੋਪੜ ਨੇ ਵੀ ਇਸੇ ਮਾਮਲੇ ’ਤੇ 4 ਮਾਰਚ ਨੂੰ ਨੰਗਲ ਡੈਮ ਵਿੱਚ ਬੀਬੀਐੱਮਬੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly