ਹਿੰਸਕ ਘਟਨਾਵਾਂ ਲਈ ਸਿਆਸੀ ਪਾਰਟੀਆਂ ਜ਼ਿੰਮੇਵਾਰ: ਰਾਜੇਵਾਲ

ਚੰਡੀਗੜ੍ਹ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਹੋ ਰਹੀਆਂ ਹਿੰਸਕ ਘਟਨਾਵਾਂ ਲਈ ਸਿਆਸੀ ਪਾਰਟੀਆਂ ਜ਼ਿੰਮੇਵਾਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਧਿਰਾਂ ਆਪਣੇ ਹਿੱਤਾਂ ਲਈ ਕਿਸਾਨੀ ਦਾ ਝੰਡਾ ਚੁੱਕ ਕੇ ਹੋਰ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕਰ ਰਹੀਆਂ ਹਨ ਜਿਸ ਨਾਲ ਪਿੰਡਾਂ ਵਿੱਚ ਟਕਰਾਅ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੇ ਅੱਜ ਤੱਕ ਲੋਕ ਪੱਖੀ ਕੋਈ ਕੰਮ ਨਹੀਂ ਕੀਤੇ ਹਨ। ‘ਪਿੰਡਾਂ ਵਿੱਚ ਆਪਣੀ ਸਿਆਸੀ ਜ਼ਮੀਨ ਲੱਭਣ ਲਈ ਉਨ੍ਹਾਂ ਚੋਣ ਸਰਗਰਮੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ, ਜਿਸ ਦਾ ਲੋਕ ਵਿਰੋਧ ਕਰ ਰਹੇ ਹਨ।’

ਸ੍ਰੀ ਰਾਜੇਵਾਲ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਪ੍ਰਚਾਰ ਕਰਨ ਦੀ ਥਾਂ ’ਤੇ ਕਿਸਾਨਾਂ ਦੇ ਮੁੱਦੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਤਾਂ ਜੋ ਖੇਤੀ ਕਾਨੂੰਨਾਂ ਖ਼ਿਲਾਫ਼ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਰਫ਼ ਭਾਜਪਾ ਦਾ ਘਿਰਾਓ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸਵਾਲ ਪੁੱਛਣ ਦਾ ਹੀ ਸੱਦਾ ਦਿੱਤਾ ਗਿਆ ਹੈ ਪਰ ਸਿਆਸੀ ਪਾਰਟੀਆਂ ਵੱਲੋਂ ਜਾਣ-ਬੁਝ ਕੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਛੇੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿਆਸੀ ਆਗੂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੰਦੇ ਹਨ ਤਾਂ ਲੋਕ ਉਨ੍ਹਾਂ ਦਾ ਵਿਰੋਧ ਕਰਦੇ ਹਨ।

ਕਿਸਾਨ ਆਗੂ ਮੁਤਾਬਕ ਮੁਜ਼ੱਫਰਨਗਰ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਅਜੇ ਲੰਬਾ ਸਮਾਂ ਪਿਆ ਹੈ। ‘ਪਹਿਲਾਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੀ ਲੜਾਈ ਜਿੱਤ ਲਈ ਜਾਵੇ, ਉਸ ਤੋਂ ਬਾਅਦ ਕੁਝ ਰਣਨੀਤੀ ਤਿਆਰ ਕੀਤੀ ਜਾਵੇਗੀ।’ ਰਾਜੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੀ ਰਾਜਸੀ ਪਾਰਟੀਆਂ ਦੇ ਆਗੂ ਸ਼ਰਾਬ ਦੀ ਬੋਤਲ ਦੇ ਕੇ ਵੋਟਾਂ ਪਵਾਉਂਦੇ ਹਨ ਜਾਂ ਸੱਤਾ ਹਾਸਲ ਕਰਨ ਲਈ ਕਰੋੜਾਂ ਰੁਪਏ ਖ਼ਰਚਦੇ ਹਨ, ਉਨ੍ਹਾਂ ਦੀ ਬਜਾਏ ਲੋਕ ਮਸਲਿਆਂ ਨੂੰ ਹੱਲ ਕਰਨ ਵਾਲੇ ਵਿਅਕਤੀ ਨੂੰ ਵੋਟ ਪਾਈ ਜਾਵੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਬੁਲ ਵਿਚ ਜਸ਼ਨੀ ਗੋਲੀਬਾਰੀ ਿਵੱਚ 17 ਹਲਾਕ
Next articleਹਾਥਵੇਅ ਕੇਬਲ ਨੈੱਟਵਰਕ ਨੇ ਐੱਨਡੀਟੀਵੀ ਇੰਡੀਆ ਚੈਨਲ ਪੈਕ ’ਚੋਂ ਕੱਢਿਆ