ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ’ਚ ਸ਼ਾਮਲ ਹੋਣ ਤੋਂ ਇਨਕਾਰ

 

  • ਕਾਂਗਰਸ ਨੂੰ ਮੇਰੇ ਨਾਲੋਂ ਲੀਡਰਸ਼ਿਪ ਦੀ ਵੱਧ ਲੋੜ: ਕਿਸ਼ੋਰ
  • ਸਾਂਝੀ ਇੱਛਾ ਸ਼ਕਤੀ ਨਾਲ ਪਾਰਟੀ ਅੰਦਰਲੀਆਂ ਸਮੱਸਿਆਵਾਂ ਸੁਲਝਾਉਣ ਦਾ ਦਿੱਤਾ ਸੁਝਾਅ

ਨਵੀਂ ਦਿੱਲੀ (ਸਮਾਜ ਵੀਕਲੀ):  ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਕਾਂਗਰਸ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਠੁਕਰਾਉਂਦਿਆਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਢਾਂਚਾਗਤ ਸਮੱਸਿਆਵਾਂ ਦੂਰ ਕਰਨ ਲਈ ਉਸ ਨਾਲੋਂ ਜ਼ਿਆਦਾ ਲੀਡਰਸ਼ਿਪ ਤੇ ਸਾਂਝੀ ਇੱਛਾ ਸ਼ਕਤੀ ਦੀ ਵੱਧ ਲੋੜ ਹੈ। ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024’ ਦਾ ਹਿੱਸਾ ਬਣ ਕੇ ਪਾਰਟੀ ’ਚ ਸ਼ਾਮਲ ਹੋਣ ਤੇ ਆਉਣ ਵਾਲੀਆਂ ਚੋਣਾਂ ਲਈ ਚੋਣ ਰਣਨੀਤੀ ਤਿਆਰ ਕਰਨ ਦੀ ਪੇਸ਼ਕਸ਼ ਕੀਤੀ ਸੀ।ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਕਿਸ਼ੋਰ ਨੇ ਕਾਂਗਰਸ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਅਤੇ ਪਾਰਟੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਤੇ ਸੁਝਾਵਾਂ ਦੀ ਸ਼ਲਾਘਾ ਕਰਦੀ ਹੈ।

ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਆਗੂਆਂ ਸਾਹਮਣੇ ਚੋਣ ਸਬੰਧੀ ਲੰਮੀ-ਚੌੜੀ ਰਣਨੀਤੀ ਪੇਸ਼ ਕੀਤੀ ਸੀ। ਇਸ ਮਗਰੋਂ ਪਾਰਟੀ ਨੇ ਪ੍ਰਸ਼ਾਂਤ ਨੂੰ ਕਾਂਗਰਸ ’ਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਸੀ। ਕਾਂਗਰਸ ਦੀ ਟਿੱਪਣੀ ਮਗਰੋਂ ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ, ‘ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ ਦਾ ਹਿੱਸਾ ਬਣ ਕੇ ਪਾਰਟੀ ’ਚ ਸ਼ਾਮਲ ਹੋਣ ਤੇ ਚੋਣਾਂ ਦੀ ਜ਼ਿੰਮੇਵਾਰੀ ਲੈਣ ਦੀ ਕਾਂਗਰਸ ਦੀ ਪੇਸ਼ਕਸ਼ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੇਰੀ ਨਿਮਰਤਾ ਸਹਿਤ ਸਲਾਹ ਹੈ ਕਿ ਮੇਰੇ ਨਾਲੋਂ ਵੱਧ ਪਾਰਟੀ ਨੂੰ ਅਗਵਾਈ ਤੇ ਸਮੂਹਿਕ ਇੱਛਾ ਸ਼ਕਤੀ ਦੀ ਲੋੜ ਹੈ ਤਾਂ ਜੋ ਤਬਦੀਲੀ ਵਾਲੇ ਸੁਧਾਰਾਂ ਰਾਹੀਂ ਪਾਰਟੀ ਅੰਦਰ ਜੜ੍ਹਾਂ ਬਣਾ ਚੁੱਕੀਆਂ ਢਾਂਚਾਗਤ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।’

ਪਿਛਲੇ ਕਈ ਦਿਨਾਂ ਤੋਂ ਕਿਸ਼ੋਰ ਵੱਲੋਂ ਦਿੱਤੇ ਗਏ ਸੁਝਾਵਾਂ ਤੇ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਕਾਂਗਰਸ ਅੰਦਰ ਲਗਾਤਾਰ ਵਿਚਾਰ ਚਰਚਾ ਚੱਲ ਰਹੀ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਦੇ ਸੁਝਾਵਾਂ ’ਤੇ ਵਿਚਾਰ ਕਰਨ ਲਈ ਕਾਇਮ ਕੀਤੀ ਕਮੇਟੀ ਦੀ ਰਿਪੋਰਟ ’ਤੇ ਵਿਚਾਰ-ਚਰਚਾ ਤੋਂ ਬਾਅਦ ਬੀਤੇ ਦਿਨ ਫ਼ੈਸਲਾ ਕੀਤਾ ਸੀ ਕਿ ਅਗਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਤੇ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਅਧਿਕਾਰ ਪ੍ਰਾਪਤ ਕਾਰਜ ਸਮੂਹ-2024 ਦਾ ਗਠਨ ਕੀਤਾ ਜਾਵੇਗਾ।

ਸੂਤਰਾਂ ਨੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਨਾ ਹੋਣ ਦਾ ਕਾਰਨ ਉਨ੍ਹਾਂ ਦੀ ਕੰਪਨੀ ਆਈ-ਪੀਏਸੀ ਵੱਲੋਂ ਤਿਲੰਗਾਨਾ ਵਿਧਾਨ ਸਭਾ ਚੋਣਾਂ ਲਈ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਨਾਲ ਕੀਤਾ ਸਮਝੌਤਾ ਸੀ ਅਤੇ ਇਸ ਨੂੰ ਕਾਂਗਰਸ ਲੀਡਰਸ਼ਿਪ ਨੇ ਹਿੱਤਾਂ ਦੇ ਟਕਰਾਉ ਵਜੋਂ ਦੇਖਿਆ ਸੀ।

ਜ਼ਿਕਰਯੋਗ ਹੈ ਕਿ ਕਾਂਗਰਸ ਲੀਡਰਸ਼ਿਪ ਸਾਹਮਣੇ ਪਾਰਟੀ ਨੂੰ ਮਜ਼ਬੂਤ ਕਰਨ ਸਬੰਧੀ ਦਿੱਤੀ ਪੇਸ਼ਕਾਰੀ ਦੌਰਾਨ ਕਿਸ਼ੋਰ ਨੇ ਸੁਝਾਅ ਦਿੱਤਾ ਸੀ ਕਿ ਉੱਤਰ ਪ੍ਰਦੇਸ਼, ਬਿਹਾਰ ਤੇ ਉੜੀਸਾ ਵਰਗੇ ਕੁਝ ਰਾਜਾਂ ’ਚ ਕਾਂਗਰਸ ਨੂੰ ਨਵੇਂ ਸਿਰੇ ਤੋਂ ਆਪਣੀ ਰਣਨੀਤੀ ਬਣਾਉਣੀ ਚਾਹੀਦੀ ਹੈ ਤੇ ਇਨ੍ਹਾਂ ਰਾਜਾਂ ’ਚ ਗੱਠਜੋੜ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਹ ਵੀ ਕਿਹਾ ਸੀ ਕਿ ਕਾਂਗਰਸ ਨੂੰ ਤਕਰੀਬਨ 370 ਲੋਕ ਸਭਾ ਸੀਟਾਂ ’ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਮਹਾਰਾਸ਼ਟਰ, ਪੱਛਮੀ ਬੰਗਾਲ ਤੇ ਤਾਮਿਲ ਨਾਡੂ ’ਚ ਗੱਠਜੋੜ ਨਾਲ ਚੋਣ ਮੈਦਾਨ ’ਚ ਉੱਤਰਨਾ ਚਾਹੀਦਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਤੇ ਪ੍ਰਸ਼ਾਂਤ ਕਿਸ਼ੋਰ ਦੀ ਮਿਲਣੀ ਤੋਂ ਨਵੇਂ ਚਰਚੇ ਛਿੜੇ
Next articleਬਿਨਾਂ ਅਹੁਦੇ ਵਾਲੇ ਜਾਖੜ ਤੋਂ ਸੋਨੀਆ ਗਾਂਧੀ ਨੇ ਸਾਰੇ ਅਹੁਦੇ ਖੋਹੇ