ਜਲੰਧਰ (ਸਮਾਜ ਵੀਕਲੀ): ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)ਦੀ ਕਾਰਜ ਕਾਰਨੀ ਕਮੇਟੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸੋਹਨ ਲਾਲ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਜਲੰਧਰ ਵਿਖੇ ਹੋਈ। ਮੀਟਿੰਗ ਵਿਚ 14 ਅਪ੍ਰੈਲ ਨੂੰ ਹੋਣ ਵਾਲੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲਿਆ ਗਿਆ। ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਦੱਸਿਆ ਕਿ ਅੰਬੇਡਕਰ ਭਵਨ ਵਿਚ ਸਮਾਗਮ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ‘ਚ ਚੱਲ ਰਹੀਆਂ ਹਨ. ਪ੍ਰੋਫੈਸਰ (ਡਾ.) ਰਤਨ ਸਿੰਘ ਪੀਐਚ.ਡੀ., ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੁੱਖ ਮਹਿਮਾਨ ਅਤੇ ਚਿਰੰਜੀ ਲਾਲ ਕੰਗਣੀਵਾਲ ਵਿਸ਼ੇਸ਼ ਮਹਿਮਾਨ ਵਜੋਂ ਪਧਾਰ ਰਹੇ ਹਨ। ਪ੍ਰਸਿੱਧ ਅੰਬੇਡਕਰੀ ਲਾਹੌਰੀ ਰਾਮ ਬਾਲੀ, ਡਾ. ਜੀ ਸੀ ਕੌਲ, ਜਸਵਿੰਦਰ ਵਰਿਆਣਾ ਅਤੇ ਹੋਰ ਵਿਦਵਾਨ ਬਾਬਾ ਸਾਹਿਬ ਡਾ. ਅੰਬੇਡਕਰ ਦੁਆਰਾ ਕੀਤੇ ਗਏ ਸੰਘਰਸ਼ਾਂ ਅਤੇ ਅੱਜ ਦੇ ਹਾਲਾਤਾਂ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ। ਸਮਾਗਮ ਨੂੰ ਅੰਬੇਡਕਰ ਭਵਨ ਟਰੱਸਟ (ਰਜਿ.) ਅਤੇ ਆਲ ਇੰਡੀਆ ਸਮਤਾ ਸੈਨਿਕ ਦਲ (ਰਜਿ.) ਪੰਜਾਬ ਯੂਨਿਟ ਦਾ ਸਹਿਯੋਗ ਪ੍ਰਾਪਤ ਹੈ। ਸਮਾਗਮ ਦੌਰਾਨ ਡਾ. ਸਾਹਿਬ ਸਿੰਘ ਦੁਆਰਾ ਬਹੁਤ ਹੀ ਵਧੀਆ ਨਾਟਕ ‘ਲੱਛੂ ਕਬਾੜੀਆ’ ਪੇਸ਼ ਕੀਤਾ ਜਾਵੇਗਾ। ਕਲਾਕਾਰ ਜਗਤਾਰ ਵਰਿਆਣਵੀ ਅਤੇ ਪਾਰਟੀ ਬਾਬਾ ਸਾਹਿਬ ਦੇ ਮਿਸ਼ਨ ਨੂੰ ਗੀਤਾਂ ਰਾਹੀਂ ਪੇਸ਼ ਕਰਨਗੇ. ਅਗਾਂਹਵਧੂ ਸਾਹਿਤ ਦੇ ਬੁੱਕ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਇਹ ਜਾਣਕਾਰੀ ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਪ੍ਰੈਸ ਬਿਆਨ ਦੁਆਰਾ ਦਿੱਤੀ। ਇਸ ਮੌਕੇ ਲਾਹੌਰੀ ਰਾਮ ਬਾਲੀ, ਮੈਡਮ ਸੁਦੇਸ਼ ਕਲਿਆਣ, ਚਰਨ ਦਾਸ ਸੰਧੂ, ਐਡਵੋਕੇਟ ਪਰਮਿੰਦਰ ਸਿੰਘ ਖੁੱਤਣ, ਤਿਲਕ ਰਾਜ, ਡਾ. ਮਹਿੰਦਰ ਸੰਧੂ ਹਾਜ਼ਰ ਸਨ।
ਬਲਦੇਵ ਰਾਜ ਭਾਰਦਵਾਜ
ਜਨਰਲ ਸਕੱਤਰ
ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)