ਨਵੀਂ ਦਿੱਲੀ (ਸਮਾਜ ਵੀਕਲੀ) : ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਬੀਤੀ ਰਾਤ ਆਨਲਾਈਨ ਹੋਈ। ਮੀਟਿੰਗ ਵਿੱਚ ਪਹਿਲਵਾਨ ਐਕਸ਼ਨ ਕਮੇਟੀ ਦੇ ਨੁਮਾਇੰਦੇ ਬਜਰੰਗ ਪੂਨੀਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਬਜਰੰਗ ਨੇ ਕਿਹਾ ਕਿ ਪਹਿਲਵਾਨਾਂ ਦੀ ਵਰਕਿੰਗ ਕਮੇਟੀ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਐੱਸਕੇਐੱਮ ਦੇ ਫੈਸਲਿਆਂ ਦਾ ਪੂਰਾ ਸਮਰਥਨ ਕਰੇਗੀ ਅਤੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਬ੍ਰਿਜਭੂਸ਼ਨ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਪੂਰੀ ਹੋਣ ਤੱਕ ਸੁਤੰਤਰ ਰੂਪ ਵਿੱਚ ਸੰਘਰਸ਼ ਜਾਰੀ ਰੱਖਣ ਲਈ ਹਰ ਸੰਭਵ ਯਤਨ ਕਰੇਗੀ। ਮੀਟਿੰਗ ਵਿੱਚ ਭਰੋਸਾ ਦਿੱਤਾ ਗਿਆ ਕਿ ਐੱਸਕੇਐੱਮ ਪਹਿਲਵਾਨਾਂ ਦੀ ਜਿੱਤ ਤੱਕ ਸੰਘਰਸ਼ ਵਿੱਚ ਸਰਗਰਮੀ ਨਾਲ ਹਿੱਸਾ ਲਵੇਗੀ। ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਅਗਲੇਰੀ ਕਾਰਵਾਈ ਦਾ ਫੈਸਲਾ ਕੀਤਾ ਗਿਆ।
ਮੋਰਚੇ ਵੱਲੋਂ ਬਿਆਨ ਵਿੱਚ ਕਿਹਾ ਗਿਆ ਕਿ ਜੂਨ 2023 ਨੂੰ ਭਾਰਤ ਭਰ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ‘ਤੇ ਵਿਸ਼ਾਲ ਪ੍ਰਦਰਸ਼ਨਾਂ ਅਤੇ ਪੁਤਲੇ ਸਾੜਨ ਦਾ ਸੱਦਾ ਦਿੱਤਾ ਜਾਵੇਗਾ ਤਾਂ ਜੋ ਸਾਰੇ ਨਾਗਰਿਕਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰਨ ਦੇ ਸੰਵਿਧਾਨਕ ਅਧਿਕਾਰ ਦੀ ਰੱਖਿਆ ਕੀਤੀ ਜਾ ਸਕੇ। ਮੋਰਚਾ ਇਸ ਐਕਸ਼ਨ ਨੂੰ ਵਿਸ਼ਾਲ ਅਤੇ ਸਫਲ ਬਣਾਉਣ ਲਈ ਟਰੇਡ ਯੂਨੀਅਨਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਵਪਾਰੀਆਂ, ਬੁੱਧੀਜੀਵੀਆਂ ਅਤੇ ਸਮਾਜਿਕ ਅੰਦੋਲਨਾਂ ਸਮੇਤ ਹੋਰ ਸਾਰੇ ਵਰਗਾਂ ਨਾਲ ਤਾਲਮੇਲ ਕਰੇਗਾ। ਬਿਆਨ ਚ ਕਿਹਾ ਗਿਆ ਕਿ 5 ਜੂਨ, ਜਿਸ ਦਿਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਸਮਰਥਨ ਵਿੱਚ ਹਿੰਦੂ ਵਾਦੀ ਫੈਜ਼ਾਬਾਦ ਵਿੱਚ ਰੈਲੀ ਕਰਨਗੇ, ਸੰਯੁਕਤ ਕਿਸਾਨ ਮੋਰਚਾ ਉਸ ਦੇ ਹੁਣ ਤੱਕ ਦੇ ਅਪਰਾਧਿਕ ਵਿਵਹਾਰ ਨੂੰ ਬੇਨਕਾਬ ਕਰਨ ਅਤੇ ਪੂਰੇ ਭਾਰਤ ਵਿੱਚ ਪਿੰਡ ਅਤੇ ਕਸਬੇ ਪੱਧਰ ‘ਤੇ ਉਸ ਦਾ ਪੁਤਲਾ ਫੂਕਣ ਦੀ ਯੋਜਨਾ ਬਣਾ ਰਿਹਾ ਹੈ। ਮੋਰਚਾ 5 ਜੂਨ ਤੋਂ ਤੁਰੰਤ ਬਾਅਦ ਨਵੀਂ ਦਿੱਲੀ ਵਿੱਚ ਰਾਸ਼ਟਰੀ ਕੌਂਸਲ ਦੀ ਮੀਟਿੰਗ ਬੁਲਾੲੇਗਾ ਅਤੇ ਸੰਘਰਸ਼ ਨੂੰ ਜਾਰੀ ਰੱਖਣ ਲਈ ਭਵਿੱਖ ਦੀ ਕਾਰਵਾਈ ਦਾ ਫੈਸਲਾ ਕਰੇਗਾ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly