ਹੁਸ਼ਿਆਰਪੁਰ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਪਾਰਟੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਅੰਨ੍ਹੀ ਦੌੜ ਲੱਗੀ ਹੋਈ ਹੈ। ਇਕ ਪਾਸੇ ਚਰਨਜੀਤ ਸਿੰਘ ਚੰਨੀ ਕੁਰਸੀ ਨੂੰ ਚਿੰਬੜਿਆ ਰਹਿਣਾ ਚਾਹੁੰਦੇ ਹਨ ਤੇ ਦੂਜੇ ਪਾਸੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੇ-ਆਪ ਨੂੰ ਦਾਅਵੇਦਾਰ ਦੱਸਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਵਿੱਚ ਦਮ ਹੈ ਤਾਂ ਪੰਜਾਬ ’ਚ ਮੁੱਖ ਮੰਤਰੀ ਦਾ ਉਮੀਦਵਾਰ ਦਾ ਐਲਾਨੇ।
ਸੁਖਬੀਰ ਬਾਦਲ ਅੱਜ ਹੁਸ਼ਿਆਰਪੁਰ ਤੇ ਸ਼ਾਮਚੁਰਾਸੀ ਵਿੱਚ ਬਹੁਜਨ ਸਮਾਜ ਪਾਰਟੀ ਦੇ ਹੱਕ ’ਚ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਪਿੱਠ ਵਿੱਚ ਛੁਰਾ ਮਾਰਨ ਵਾਲੇ ਆਖਦਿਆਂ ਕਿਹਾ ਕਿ ਇਨ੍ਹਾਂ ਨੂੰ ਵਾਪਸ ਪਾਰਟੀ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਬਾਰੇ ਬੋਲਦਿਆਂ ਕਿਹਾ ਕਿ ਕੇਜਰੀਵਾਲ ਨੇ ਹਮੇਸ਼ਾ ਪੰਜਾਬ ਵਿਰੋਧੀ ਗੱਲ ਕੀਤੀ ਹੈ। ਸੁਖਬੀਰ ਨੇ ਮੁੜ ਦੁਹਰਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਫ਼ੇਰੀ ਦੌਰਾਨ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly