ਜੇਲ੍ਹ ਪ੍ਰਣਾਲੀ ਬਿਹਤਰ ਬਣਾਉਣ ਦੀ ਲੋੜ: ਭਗਵੰਤ ਮਾਨ

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀ ਜੇਲ੍ਹ ਪ੍ਰਣਾਲੀ ਦੇਸ਼ ਭਰ ਵਿੱਚ ਸਭ ਤੋਂ ਬਿਹਤਰ ਬਣਾਉਣ ਲਈ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੀ ਪੂਰੀ ਸਮਰੱਥਾ ਅਤੇ ਕਾਬਲੀਅਤ ਨਾਲ ਕੰਮ ਕਰਨ ਲਈ ਕਿਹਾ ਹੈ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦਾਂ ਨਾਲੋਂ ਕੰਮ ਦੀ ਕਾਰਗੁਜ਼ਾਰੀ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਵਿਭਾਗ ਨੂੰ ਲੋੜੀਂਦੀ ਮਨੁੱਖੀ ਸ਼ਕਤੀ, ਆਈਟੀ ਆਧਾਰਤ ਨਵੀਨਤਮ ਤਕਨਾਲੋਜੀ ਅਤੇ ਢੁਕਵੇਂ ਫੰਡਾਂ ਸਮੇਤ ਹਰ ਤਰ੍ਹਾਂ ਦੇ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਟੀਚਾ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ੇ ਦੇ ਆਦੀਆਂ ਸਮੇਤ ਕੈਦੀਆਂ ਨੂੰ ਸੁਧਾਰਨਾ ਹੋਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਨੂੰ ਤਸ਼ੱਦਦ ਕੇਂਦਰ ਨਹੀਂ, ਸੁਧਾਰ ਘਰ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦੀ ਬੇਨਤੀ ਪ੍ਰਵਾਨ ਕਰਦਿਆਂ ਭਗਵੰਤ ਮਾਨ ਨੇ ਪੁਲੀਸ ਵਿਭਾਗ ਦੀ ਤਰਜ਼ ’ਤੇ ਜੇਲ੍ਹ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦੇਣ ਦੀ ਸਕੀਮ ਅੱਗੇ ਵਧਾਉਣ ਦਾ ਐਲਾਨ ਕੀਤਾ।

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਜੇਲ੍ਹ ਪ੍ਰਸ਼ਾਸਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਵਿੱਚ ਜੇਲ੍ਹ ਅਧਿਕਾਰੀਆਂ ਦੀਆਂ ਸਮੱਸਿਆਵਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਪੁਲੀਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦੀ ਅਸਾਮੀ ਤੁਰੰਤ ਭਰਨ ਦੀ ਬੇਨਤੀ ਵੀ ਕੀਤੀ। ਡੀਜੀਪੀ ਅਤੇ ਚੇਅਰਮੈਨ-ਕਮ-ਐੱਮਮੁਡੀ ਐਮਕੇ ਤਿਵਾੜੀ ਦੀ ਸੇਵਾਕਤੀ ਮਗਰੋਂ ਇਹ ਅਸਾਮੀ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਖਾਲੀ ਪਈ ਹੈ, ਜਿਸ ਕਾਰਨ ਜੇਲ੍ਹ ਵਿਭਾਗ ਦੇ ਕਈ ਪ੍ਰੋਜੈਕਟ ਲਟਕ ਗਏ ਹਨ।

ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਜੇਲ੍ਹ ਵਿਭਾਗ ਦਾ ਪ੍ਰਭਾਵਸ਼ਲੀ ਕੰਮਕਾਜ ਯਕੀਨੀ ਬਣਾਉਣ ਲਈ ਆਈਟੀ/ਕੰਪਿਊਟਰ, ਕਾਨੂੰਨੀ ਮਾਮਲਿਆਂ, ਲੇਖਾ ਅਤੇ ਮਨੋਵਿਗਿਆਨੀਆਂ ਲਈ ਮਾਹਿਰ ਸਟਾਫ਼ ਦੀ ਭਰਤੀ ਦੀ ਮੰਗ ਕੀਤੀ। ਏਡੀਜੀਪੀ ਜੇਲ੍ਹਾਂ ਪੀਕੇ ਸਿਨਹਾ ਨੇ ਮੁੱਖ ਮੰਤਰੀ ਨੂੰ ਜੇਲ੍ਹ ਵਿਭਾਗ ਦਾ ਵੱਖਰਾ ਇੰਟੈਲੀਜੈਂਸ ਵਿੰਗ ਸਥਾਪਤ ਕਰਨ ਦੀ ਅਪੀਲ ਕੀਤੀ।

ਕੈਦੀਆਂ ਨਾਲ ਇਨਸਾਨਾਂ ਵਾਂਗ ਵਿਹਾਰ ਕਰਨ ਜੇਲ੍ਹ ਅਧਿਕਾਰੀ: ਮਾਨ

ਭਗਵੰਤ ਮਾਨ ਨੇ ਜੇਲ੍ਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਮੁਕੱਦਮੇ ਅਧੀਨ ਅਤੇ ਦੋਸ਼ੀ ਠਹਿਰਾਏ ਗਏ ਕੈਦੀਆਂ ਨਾਲ ਇਨਸਾਨਾਂ ਵਾਂਗ ਵਿਹਾਰ ਕਰਨ। ਕੈਦੀਆਂ ਨੂੰ ਜੇਲ੍ਹ ਮੈਨੂਅਲ ਅਨੁਸਾਰ ਮੈਡੀਕਲ, ਉਚਿਤ ਸਫਾਈ ਅਤੇ ਮਿਆਰੀ ਭੋਜਨ ਵਰਗੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਪਰਾਧਾਂ ਨੂੰ ਅੰਜ਼ਾਮ ਦੇਣ ਲਈ ਜੇਲ੍ਹਾਂ ਵਿੱਚ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ 24 ਘੰਟੇ ਸਖਤ ਚੌਕਸੀ ਰੱਖੀ ਜਾਵੇ ਅਤੇ ਭ੍ਰਿਸ਼ਟਾਚਾਰ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗੋਡੇ ’ਤੇ ਸੱਟ ਵੱਜੀ
Next articleਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਲਈ ਮਤਾ ਪਾਸ