ਮਹਿਲ ਕਲਾਂ/ਬਰਨਾਲਾ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਿਲ ਕਲਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਬੇਅਦਬੀ ਦੇ ਮਾਮਲਿਆਂ ‘ਤੇ ਸਖ਼ਤ ਰੁਖ ਅਪਣਾਉਂਦਿਆਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਧਰਤੀ ‘ਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਲਈ ਕੋਈ ਰਹਿਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਜਿਹੜੇ ਸਮਾਜ ਵਿੱਚ ਨਫ਼ਰਤ ਅਤੇ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ, ਉਹ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਣਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਰੂਆਂ, ਪੀਰਾਂ, ਫਕੀਰਾਂ ਅਤੇ ਮਹਾਨ ਸੰਤਾਂ ਦੀ ਪਵਿੱਤਰ ਧਰਤੀ ਪੰਜਾਬ ਹਮੇਸ਼ਾਂ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਦਾ ਪ੍ਰਤੀਕ ਰਹੀ ਹੈ। ਕੁਝ ਸ਼ਰਾਰਤੀ ਅਨਸਰ ਆਪਣੇ ਨਿੱਜੀ ਫਾਇਦੇ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਰਦੇ ਹਨ, ਪਰ ਪੰਜਾਬ ਸਰਕਾਰ ਅਜਿਹੀਆਂ ਸਾਜ਼ਿਸ਼ਾਂ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੇ ਪਿਛਲੇ ਸਮੇਂ ਦੌਰਾਨ ਲੋਕਾਂ ਦੇ ਦਿਲਾਂ ਨੂੰ ਡੂੰਘਾ ਦੁੱਖ ਪਹੁੰਚਾਇਆ ਹੈ ਅਤੇ ਹੁਣ ਸਰਕਾਰ ਦਾ ਫਰਜ਼ ਬਣਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਨਹਿਰੀ ਪਾਣੀ ਦੇ ਮੁੱਦੇ ‘ਤੇ ਵੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਬੰਦ ਪਈਆਂ ਕਈ ਨਹਿਰਾਂ ਨੂੰ ਮੁੜ ਚਾਲੂ ਕੀਤਾ ਗਿਆ ਹੈ, ਜਿਸ ਨਾਲ ਹਜ਼ਾਰਾਂ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਵਿੱਚ ਵਿਕਾਸ ਨੂੰ ਤੇਜ਼ ਕਰਨਾ, ਲੋਕਾਂ ਨੂੰ ਵਧੀਆ ਸਹੂਲਤਾਂ ਦੇਣਾ ਅਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਮਿਲ ਕੇ ਯੋਗਦਾਨ ਪਾਉਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





