ਚੰਡੀਗੜ੍ਹ, (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) -ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਮਹੱਤਵਪੂਰਨ ਹੁਕਮ ਜਾਰੀ ਕਰਕੇ ਸੂਬੇ ਦੇ ਨਿੱਜੀ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦਾ ਨਿਰਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਸਪਸ਼ਟ ਕੀਤਾ ਹੈ ਕਿ ਸਿੱਖਿਆ ਦਾ ਅਧਿਕਾਰ ਐਕਟ, 2009 ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਨੂੰ ਅਕਾਦਮਿਕ ਸੈਸ਼ਨ 2025-26 ਤੋਂ ਇਸ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣੇ ਪੈਣਗੇ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਹਰਮੀਤ ਸਿੰਘ ਗਰੇਵਾਲ ਦੇ ਡਿਵੀਜ਼ਨ ਬੈਂਚ ਨੇ ਇਸ ਮਾਮਲੇ ਵਿੱਚ ਇੱਕ ਅੰਤਰਿਮ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਆਰ.ਟੀ.ਈ ਐਕਟ ਦੀ ਧਾਰਾ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਨੂੰ ਆਪਣੀਆਂ ਪਹਿਲੀ ਜਮਾਤ ਦੀਆਂ ਕੁੱਲ ਸੀਟਾਂ ਦਾ 25 ਫ਼ੀਸਦੀ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਬੱਚਿਆਂ ਲਈ ਰਾਖਵਾਂ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਹ ਫ਼ੈਸਲਾ ਕੇ .ਐਸ. ਰਾਜੂ ਲੀਗਲ ਟਰੱਸਟ ਵੱਲੋਂ ਪੰਜਾਬ ਸਰਕਾਰ ਦੇ ‘ਪੰਜਾਬ ਆਰ. ਟੀ. ਈ. ਨਿਯਮ, 7(4) ਦੇ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਆਇਆ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਇਸ ਨਿਯਮ ਕਾਰਨ ਕਮਜ਼ੋਰ ਵਰਗ ਦੇ ਬੱਚੇ ਨਿੱਜੀ ਸਕੂਲਾਂ ਵਿੱਚ ਦਾਖ਼ਲਾ ਨਹੀਂ ਲੈ ਸਕਦੇ, ਜੋ ਕਿ ਸੰਵਿਧਾਨ ਦੀ ਧਾਰਾ 21-ਏ ਅਤੇ ਆਰ.ਟੀ.ਈ. ਐਕਟ ਦੇ ਵਿਰੁੱਧ ਹੈ। ਆਰ.ਟੀ.ਈ. ਐਕਟ ਦੀ ਧਾਰਾ 12(1) (ਸੀ) ਦੇ ਅਨੁਸਾਰ ਸਾਰੇ ਨਿਰਧਾਰਿਤ ਸ਼੍ਰੇਣੀ ਦੇ ਸਕੂਲਾਂ, ਜਿਨ੍ਹਾਂ ‘ਚ ਨਿੱਜੀ ਅਤੇ ਗੈਰ ਸਹਾਇਤਾ ਪ੍ਰਾਪਤ ਸਕੂਲ ਵੀ ਸ਼ਾਮਿਲ ਹਨ, ਨੂੰ ਆਪਣੀਆਂ ਕੁਲ ਸੀਟਾਂ ਦਾ ਘੱਟੋ-ਘੱਟ 25 ਫ਼ੀਸਦੀ ਨਿੱਜੀ ਸਕੂਲਾਂ ਲਈ ਰਾਖਵਾਂ ਰੱਖਣਾ ਜ਼ਰੂਰੀ ਹੈ। ਕਮਜ਼ੋਰ ਵਰਗਾਂ ਅਤੇ ਪਛੜੇ ਸਮੂਹਾਂ ਦੇ ਵਿਦਿਆਰਥੀਆਂ ਲਈ ਰਾਖਵਾਂਕਰਨ ਜ਼ਰੂਰੀ ਹੈ। ਹਾਲਾਂਕਿ, ਪੰਜਾਬ ਸਰਕਾਰ ਨੇ ਨਿਯਮ 7(4) ਦੇ ਤਹਿਤ ਇਹ ਸ਼ਰਤ ਜੋੜੀ ਹੈ ਕਿ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਪਹਿਲਾਂ ਸਰਕਾਰੀ ਜਾਂ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਦਾਖ਼ਲਾ ਲੈਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਜੇਕਰ ਉਹਨਾਂ ਨੂੰ ਉਥੇ ਸੀਟਾਂ ਨਹੀਂ ਮਿਲਦੀਆਂ ਤਾਂ ਹੀ ਉਹ ਨਿੱਜੀ ਸਕੂਲਾਂ ਵਿੱਚ ਰਾਖਵੀਆਂ ਸੀਟਾਂ ਲਈ ਅਰਜ਼ੀ ਦੇ ਸਕਦੇ ਹਨ। ਪਟੀਸ਼ਨਕਰਤਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਨਿਯਮ ਆਰ.ਟੀ.ਈ. ਐਕਟ ਦੀ ਮੂਲ ਭਾਵਨਾ ਦੇ ਵਿਰੁੱਧ ਹੈ ਤੇ ਇਸ ਕਾਰਨ ਅੱਜ ਤੱਕ ਪੰਜਾਬ ਦੇ ਕਿਸੇ ਵੀ ਨਿੱਜੀ ਅਤੇ ਗੈਰ-ਸਹਾਇਤਾ ਪ੍ਰਾਪਤ ਸਕੂਲ ਨੇ ਆਰ.ਟੀ.ਈ. ਅਧੀਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਨਹੀਂ ਦਿੱਤਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ 1000 ਤੋਂ ਵੱਧ ਸੀ.ਬੀ.ਐਸ.ਈ. ਸਕੂਲ ਇਸ ਨਿਯਮ ਦਾ ਹਵਾਲਾ ਦਿੰਦੇ ਹੋਏ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਦਾਖ਼ਲੇ ਤੋਂ ਇਨਕਾਰ ਕਰ ਰਹੇ ਹਨ। ਜਦੋਂਕਿ ਸੀ.ਬੀ.ਐਸ.ਈ. ਨਿਯਮਾਂ ਵਿੱਚ ਸਪਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਆਰ.ਟੀ.ਈ. ਐਕਟ, 2009 ਦੇ ਉਪਬੰਧਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਲਗਾਉਂਦੇ ਹੋਏ ਸਪੱਸ਼ਟ ਕੀਤਾ ਹੈ ਕਿ ਆਰ.ਟੀ.ਈ. ਐਕਟ ਤਹਿਤ ਨਿੱਜੀ ਸਕੂਲਾਂ ਨੂੰ 25 ਫ਼ੀਸਦੀ ਸੀਟਾਂ ਰਾਖਵੀਆਂ ਰੱਖਣੀਆਂ ਪੈਣਗੀਆਂ ਅਤੇ ਸਰਕਾਰੀ ਨਿਯਮ ਆਰ.ਟੀ.ਈ. ਦੇ ਉਪਬੰਧਾਂ ਅਨੁਸਾਰ ਬਣਾਉਣੇ ਪੈਣਗੇ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਇਹ ਹੁਕਮ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 27 ਮਾਰਚ 2025 ਨੂੰ ਹੋਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj