ਜਲੰਧਰ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਉਹ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਤੇ ਹੋਛੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ। ਅਕਾਲੀ ਦਲ ਵੱਲੋਂ ਇਸ ਸਬੰਧੀ ਕੀਤੀ ਜਾ ਰਹੀ ਰਾਜਨੀਤੀ ਦੀ ਉਹ ਸਖਤ ਨਿਖੇਧੀ ਕਰਦੇ ਹਨ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸ਼ਹਿਰਾਂ ਲਈ ਦਸ ਗਾਰੰਟੀਆਂ ਦੇਣ ਦਾ ਐਲਾਨ ਵੀ ਕੀਤਾ। ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਗੱਲਾਂ ਮੁੱਖ ਮੰਤਰੀ ਤੱਕ ਨਹੀਂ ਪਹੁੰਚਦੀਆਂ। ਉਹ ਥੋੜ੍ਹੇ ਦਿਨ ਪਹਿਲਾਂ ਜਦੋਂ ਇਕ-ਦੋ ਵਾਰ ਪੰਜਾਬ ਆਏ ਸਨ ਤਾਂ ਉਨ੍ਹਾਂ ਨੂੰ ਇਸ ਮਸਲੇ ਬਾਰੇ ਜਾਣੂ ਕਰਵਾਇਆ ਗਿਆ ਸੀ।
ਕੇਜਰੀਵਾਲ ਨੇ ਦਿੱਲੀ ਸਰਕਾਰ ਦੀ ਸਥਿਤੀ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਉਥੋਂ ਦੀ ਪੁਲੀਸ ਤੇ ਅਮਨ ਕਾਨੂੰਨ ਦੀ ਸਥਿਤੀ ਕੇਂਦਰ ਸਰਕਾਰ ਦੇ ਹੱਥਾਂ ਵਿਚ ਹੈ, ਜਿਸ ਕਿਸੇ ਦੀ ਵੀ ਸਜ਼ਾ ਘੱਟ ਕਰਨੀ ਹੁੰਦੀ ਹੈ, ਰਿਹਾਈ ਕਰਵਾਉਣੀ ਹੁੰਦੀ ਹੈ ਜਾਂ ਸਜ਼ਾ ਮੁਆਫ ਕਰਵਾਉਣੀ ਹੁੰਦੀ ਹੈ, ਇਹ ਮਾਮਲੇ ਸਜ਼ਾ ਸਮੀਖਿਆ ਬੋਰਡ ਕੋਲ ਜਾਂਦੇ ਹਨ। ਉਸ ਤੋਂ ਬਾਅਦ ਫਾਈਲ ਐੱਲਜੀ ਕੋਲ ਜਾਂਦੀ ਹੈ। ਜਦੋਂ ਤੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਤਾਂ ਉਨ੍ਹਾਂ ਕਮੇਟੀ ਨੂੰ ਮੀਟਿੰਗ ਕਰ ਕੇ ਜਲਦੀ ਫ਼ੈਸਲਾ ਕਰਨ ਲਈ ਕਿਹਾ ਹੈ। ਆਮ ਆਦਮੀ ਪਾਰਟੀ ’ਤੇ ਟਿਕਟਾਂ ਵੇਚਣ ਦੇ ਲੱਗੇ ਦੋਸ਼ਾਂ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜੇ ਕਿਸੇ ਕੋਲ ਕੋਈ ਸਬੂਤ ਹੈ ਤਾਂ ਉਨ੍ਹਾਂ ਕੋਲ ਲਿਆਂਦਾ ਜਾਵੇ।
ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰ ਮੰਨਦੇ ਹਨ? ਤਾਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੇ ਮੰਨਣ ਜਾਂ ਨਾ ਮੰਨਣ ਨਾਲ ਕੋਈ ਫਰਕ ਨਹੀਂ ਪੈਂਦਾ। ਮਜੀਠੀਆ ਵਿਰੁੱਧ ਐੱਫਆਈਆਰ ਦਰਜ ਹੋਈ ਹੈ ਤੇ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦਿੱਤੇ ਗਏ ਬਿਆਨ ਕਿ ਕੇਜਰੀਵਾਲ ਮਜੀਠੀਆ ਕੋਲੋਂ ਮੁਆਫੀ ਮੰਗ ਚੁੱਕੇ ਹਨ, ਉਹ ਨਸ਼ਿਆਂ ਬਾਰੇ ਕੀ ਨੀਤੀ ਬਣਾਉਣਗੇ, ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁਆਫੀ ਮੰਗਣ ਦਾ ਮਜੀਠੀਆ ਦੀ ਗ੍ਰਿਫਤਾਰੀ ਨਾਲ ਕੋਈ ਸਬੰਧ ਨਹੀਂ ਹੈ। ਪਰਗਟ ਸਿੰਘ ਨੂੰ ਦੱਸਣਾ ਚਾਹੀਦਾ ਹੈ ਕਿ ਗ੍ਰਿਫਤਾਰੀ ਕਿਉਂ ਨਹੀਂ ਹੋਈ।
ਕੇਜਰੀਵਾਲ ਨੇ ਪੰਜਾਬੀਆਂ ਕੋਲੋਂ ਇਕ ਮੌਕਾ ਮੰਗਦਿਆਂ ਕਿਹਾ ਕਿ ਬਾਦਲ ਪਰਿਵਾਰ ਨੂੰ 19 ਸਾਲ ਅਤੇ ਕਾਂਗਰਸ ਨੂੰ 25 ਸਾਲ ਰਾਜ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਨ੍ਹਾਂ ਸਾਲਾਂ ਦੌਰਾਨ ਮਾਫੀਆ ਤੇ ਭ੍ਰਿਸ਼ਟਾਚਾਰ ਫੈਲਿਆ। ਇਨ੍ਹਾਂ ਨੂੰ ਹੋਰ ਪੰਜ ਸਾਲ ਦੇਣੇ ਨਹੀਂ ਬਣਦੇ। ਉਨ੍ਹਾਂ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਜੇ ਸਰਕਾਰ ਨੇ ਚੰਗਾ ਕੰਮ ਨਾ ਕੀਤਾ ਤਾਂ ਉਹ ਅਗਲੀ ਵਾਰ ਵੋਟਾਂ ਮੰਗਣ ਨਹੀਂ ਆਉਣਗੇ। ਇਸ ਮੌਕੇ ਭਗਵੰਤ ਮਾਨ ਵੀ ਹਾਜ਼ਰ ਸਨ।
ਪੰਜਾਬ ਦੇ ਸ਼ਹਿਰਾਂ ਲਈ 10 ਗਾਰੰਟੀਆਂ
ਕੇਜਰੀਵਾਲ ਨੇ ਪੰਜਾਬ ਦੇ ਸ਼ਹਿਰਾਂ ਲਈ 10 ਗਾਰੰਟੀਆਂ ਦਾ ਐਲਾਨ ਕਰਦਿਆਂ ਕਿਹਾ ਕਿ ਸਾਰੇ ਸ਼ਹਿਰ ਸਾਫ-ਸੁਥਰੇ ਹੋਣਗੇ। ਸ਼ਹਿਰ ਦੇ ਲੋਕਾਂ ਨੂੰ 24 ਘੰਟੇ ਪੀਣ ਵਾਲੇ ਪਾਣੀ ਦੀ ਸਪਲਾਈ ਹੋਵੇਗੀ। 24 ਘੰਟੇ ਬਿਜਲੀ ਮਿਲੇਗੀ। ਵਪਾਰੀਆਂ ਲਈ ਕੋਈ ਨਵਾਂ ਟੈਕਸ ਨਹੀਂ ਲੱਗੇਗਾ। ਸ਼ਹਿਰਾਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਤੇ ਪੰਜਾਬ ਦੇ ਕੋਨੇ-ਕੋਨੇ ’ਤੇ ਸੀਸੀਟੀਵੀ ਕੈਮਰੇ ਲਾਏ ਜਾਣਗੇ। ਉਨ੍ਹਾਂ ਦਿੱਲੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਉਥੇ ਸੀਸੀਟੀਵੀ ਕੈਮਰਿਆਂ ਦਾ ਏਨਾ ਵੱਡਾ ਨੈੱਟਵਰਕ ਹੈ ਕਿ ਅਮਰੀਕਾ ਦੇ ਸ਼ਹਿਰ ਨਿਊਯਾਰਕ ਤੇ ਇੰਗਲੈਂਡ ਦੇ ਸ਼ਹਿਰ ਲੰਡਨ ਤੋਂ ਵੀ ਵੱਧ ਸੀਸੀਟੀਵੀ ਕੈਮਰੇ ਦਿੱਲੀ ਵਿਚ ਲੱਗੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਾਂਗ ਲੋਕਾਂ ਦਾ ਕੰਮ ਘਰ ਬੈਠਿਆਂ ਹੀ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly