ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ

ਖਰੜ (ਸਮਾਜ ਵੀਕਲੀ):  ਇਥੇ ਪੰਜਾਬ ਭਰ ਤੋਂ ਆਏ ਕੰਪਿਊਟਰ ਅਧਿਆਪਕਾਂ ਵਲੋਂ ਅੱਜ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਰੋਸ ਰੈਲੀ ਕੱਢੀ ਗਈ। ਅਧਿਆਪਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਨੂੰ ਜਾਂਦੇ ਰਸਤੇ ਉਤੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ।

ਸੂਬਾ ਕਮੇਟੀ ਮੈਂਬਰ ਅਰੁਣ ਦੀਪ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਨੇ ਪਹਿਲਾਂ ਮਿਊਂਸਿਪਲ ਪਾਰਕ ਵਿਚ ਦੋ ਘੰਟੇ ਰੈਲੀ ਕੀਤੀ। ਇਸ ਉਪਰੰਤ ਉਨ੍ਹਾਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਉਹ ਉਥੇ ਹੀ ਸੜਕ ਉਤੇ ਬੈਠ ਗਏ। ਉਨ੍ਹਾਂ ਦੱਸਿਆ ਕਿ ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿੱਚ ਰਲੇਵੇਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ ਜ਼ਾਹਰ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ਼ ਉਨ੍ਹਾਂ ’ਤੇ ਲਾਗੂ ਨਹੀਂ ਕੀਤੇ ਜਾ ਰਹੇ।

ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਰੂਲਜ਼ ਮੁਤਾਬਿਕ ਮਿਲਣ ਵਾਲੀਆਂ ਸਹੂਲਤਾਂ ਅੰਤਰਿਮ ਰਿਲੀਫ, ਏ.ਸੀ.ਪੀ, ਲੀਵ ਇਨਕੈਸ਼ਮੈਂਟ, ਮੈਡੀਕਲ ਛੁੱਟੀਆਂ, ਸੀ.ਪੀ.ਐਫ ਆਦਿ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲਾਂ ਦੌਰਾਨ 70 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਰੁਲਣ ਲਈ ਮਜਬੂਰ ਹਨ। ਇਨ੍ਹਾਂ ਕੰਪਿਊਟਰ ਅਧਿਆਪਕਾਂ ਦੇ ਆਸ਼ਰਿਤ ਪਰਿਵਾਰਾਂ ਨੂੰ ਨਾ ਕੋਈ ਵਿੱਤੀ ਲਾਭ ਅਤੇ ਨਾ ਹੀ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਦਿੱਤੀ ਗਈ ਤੇ ਅੱਜ ਰੈਲੀ ਵਿੱਚ ਇਹ ਪਰਿਵਾਰ ਵੀ ਸ਼ਾਮਿਲ ਹੋਏ।

ਕੰਪਿਊਟਰ ਅਧਿਆਪਕਾਂ ਦੀ ਮੰਗ ਹੈ ਕਿ ਸਮੂਹ ਕੰਪਿਊਟਰ ਅਧਿਅਪਕਾਂ ਨੂੰ ਬਿਨਾਂ ਕਿਸੇ ਸ਼ਰਤ ’ਤੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਪਿਕਟਸ ਸੁਸਾਇਟੀ ਅਧੀਨ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਮਿਲਣ ਵਾਲੇ ਸਾਰੇ ਲਾਭ ਇੰਨ-ਬਿੰਨ ਲਾਗੂ ਕੀਤੇ ਜਾਣ। ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਾਲੀ-ਬਸਪਾ ਸਰਕਾਰ ਬਣਨ ’ਤੇ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਦਾਅਵਾ
Next articleਦਿੱਲੀ ਕਮੇਟੀ ’ਚ ਨੁਮਾਇੰਦੇ ਦੀ ਨਾਮਜ਼ਦਗੀ ਲਈ ਨਵਾਂ ਨਾਂ ਭੇਜੇਗੀ ਸ਼੍ਰੋਮਣੀ ਕਮੇਟੀ