ਐੱਸਏਐੱਸ ਨਗਰ (ਮੁਹਾਲੀ) (ਸਮਾਜ ਵੀਕਲੀ): ਹਰਿਆਣਾ ਦੇ ਕਰਨਾਲ ਇਲਾਕੇ ਵਿੱਚ ਬੀਤੀ ਸ਼ਾਮ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਲਾਠੀਚਾਰਜ ਦੀ ਪੰਜਾਬ ਦੇ ਕੱਚੇ ਅਧਿਆਪਕਾਂ ਨੇ ਨਿਖੇਧੀ ਕੀਤੀ ਹੈ। ਇੱਥੋਂ ਦੇ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਕੱਚੇ ਅਧਿਆਪਕਾਂ ਨੇ ਅੱਜ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ ਕੀਤਾ ਜਿਸ ਦੀ ਅਗਵਾਈ ਸੂਬਾ ਕਨਵੀਨਰ ਦਵਿੰਦਰ ਸਿੰਘ ਸੰਧੂ ਮੁਕਤਸਰ, ਸਤਿੰਦਰ ਸਿੰਘ ਕੰਗ, ਹਰਮੀਤ ਕੌਰ ਪਟਿਆਲਾ, ਹਰਪ੍ਰੀਤ ਕੌਰ ਜਲੰਧਰ, ਧੀਰਜ ਕੁਮਾਰ ਮੁਹਾਲੀ ਨੇ ਕੀਤੀ।
ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਇਹ ਰੋਸ ਮਾਰਚ ਸਿੱਖਿਆ ਭਵਨ ਦੇ ਬਾਹਰੋਂ ਸ਼ੁਰੂ ਹੋਇਆ ਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪਹਿਲਾਂ ਤੋਂ ਚੱਲ ਰਹੇ ਪੁਆਧੀ ਖੇਤਰ ਮੁਹਾਲੀ ਦੇ ਕਿਸਾਨਾਂ ਦੇ ਲੜੀਵਾਰ ਧਰਨੇ ਵਿੱਚ ਪਹੁੰਚ ਕੇ ਖ਼ਤਮ ਹੋਇਆ। ਇੱਥੇ ਕੱਚੇ ਅਧਿਆਪਕਾਂ ਨੇ ਕਿਸਾਨਾਂ ਨਾਲ ਧਰਨੇ ’ਤੇ ਬੈਠ ਕੇ ਕਿਸਾਨੀ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਤਸ਼ੱਦਦ ਕਰਨ ਵਾਲੇ ਪੁਲੀਸ ਅਫ਼ਸਰਾਂ ਦੀ ਸ਼ਨਾਖ਼ਤ ਕਰਕੇ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣ ਤੇ ਜ਼ਿੰਮੇਵਾਰ ਅਫ਼ਸਰਾਂ ਅਤੇ ਮੁਲਾਜ਼ਮਾਂ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ। ਉਨ੍ਹਾਂ ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ।
ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਸਮੂਹ ਕੱਚੇ ਅਧਿਆਪਕ ਸੂਬੇ ਦੇ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਹਨ। ਇਸ ਮੌਕੇ ਭੁਪਿੰਦਰ ਕੌਰ ਮੁਹਾਲੀ, ਰੁਪਿੰਦਰ ਸਿੰਘ ਪਟਿਆਲਾ ਅਤੇ ਗੁਰਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly