ਚੰਡੀਗੜ੍ਹ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਾਸੀਆਂ ਨੂੰ ਲਗਾਤਾਰ 24 ਘੰਟੇ ਸਸਤੀ ਬਿਜਲੀ ਸਪਲਾਈ ਦਿੱਤੀ ਜਾਵੇ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਕਦੇ ਬਿਜਲੀ ਸੰਕਟ ਦਾ ਸਾਹਮਣਾ ਨਹੀਂ ਕਰਨਾ ਪਿਆ ਤੇ ਕੈਪਟਨ ਸਰਕਾਰ ‘ਫਿਕਸਡ ਚਾਰਜਜ਼’ ਦਾ ਡਰਾਮਾ ਕਰਕੇ ਆਪਣੀਆਂ ਨਾਕਾਮੀਆਂ ਲੁਕੋਣ ਦੇ ਬਹਾਨੇ ਲੱਭ ਰਹੀ ਹੈ। ਸੁਖਬੀਰ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਬਿਜਲੀ ਮਾਮਲੇ ਦਾ ਸਿਆਸੀਕਰਨ ਕਰ ਰਹੀਆਂ ਹਨ ਕਿਉਂਕਿ 2007 ਵਿੱਚ ਪ੍ਰਾਈਵੇਟ ਪਲਾਂਟ ਬਿਜਲੀ ਦੀ ਭਾਰੀ ਘਾਟ ਕਾਰਨ ਸੋਚ ਸਮਝ ਕੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਲਾਂਟ ਦਾ ਫਿਕਸਡ ਚਾਰਜ ਡੇਢ ਰੁਪਏ ਪ੍ਰਤੀ ਯੂਨਿਟ ਹੈ, ਜਦਕਿ ਜਦੋਂ ਸਰਕਾਰੀ ਥਰਮਲ ਪਲਾਂਟ ਬੰਦ ਕੀਤੇ ਤਾਂ ਇਹ 2.35 ਰੁਪਏ ਪ੍ਰਤੀ ਯੂਨਿਟ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੰਜਾਬ ਨੇ ਪਿਛਲੇ ਪੰਜ ਸਾਲਾਂ ਵਿੱਚ ਸਰਕਾਰੀ ਥਰਮਲ ਪਲਾਂਟਾਂ ਨੂੰ 7 ਹਜ਼ਾਰ ਕਰੋੜ ਰੁਪਏ ਅਦਾ ਕੀਤੇ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਰਕਾਰ ਵੇਲੇ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਫ਼ੈਸਲਾ ਤਹਿਤ ਪ੍ਰਾਈਵੇਟ ਥਰਮਲ ਪਲਾਂਟ ਲਗਾਉਣ ਲਈ ਯੂਪੀਏ ਸਰਕਾਰ ਵੱਲੋਂ ਬਣਾਇਆ ਸਟੈਂਡਰਡ ਪੀਪੀਏ ਦਸਤਾਵੇਜ਼ ਅਪਣਾਇਆ ਗਿਆ। ਉਨ੍ਹਾਂ ਕਿਹਾ ਕਿ ਉਸ ਵੇਲੇ 2.86 ਰੁਪਏ ਤੋਂ ਲੈ ਕੇ 2.89 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਸਤੀ ਬਿਜਲੀ ਖਰੀਦਣ ਲਈ ਪੀਪੀਏ ’ਤੇ ਹਸਤਾਖਰ ਕੀਤੇ ਗਏ ਸਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚ ਅਜਿਹੇ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲਣੀ ਯਕੀਨੀ ਬਣਾਵੇ।
‘ਰੱਦ ਕਰ ਦੇਣੇ ਚਾਹੀਦੇ ਹਨ ਬਿਜਲੀ ਸਮਝੌਤੇ’
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬੀ ਸਸਤੀ ਬਿਜਲੀ ਚਾਹੁੰਦੇ ਹਨ ਅਤੇ ਜੇਕਰ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਸਮਝੌਤੇ ਰੱਦ ਕਰ ਕੇ ਅਜਿਹਾ ਸੰਭਵ ਹੈ ਤਾਂ ਇਹ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਦਮ ਚੁੱਕਣ ਨਾਲ 4500 ਮੈਗਾਵਾਟ ਬਿਜਲੀ ਦੀ ਹੋਣ ਵਾਲੀ ਘਾਟ ਪੂਰੀ ਕਰਨ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ ਤਾਂ ਜੋ ਇਸ ਦਾ ਖਮਿਆਜ਼ਾ ਪੰਜਾਬੀਆਂ ਨੂੰ ਨਾ ਭੁਗਤਣਾ ਪਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly