ਚੰਡੀਗੜ੍ਹ/ਪਟਿਆਲਾ (ਸਮਾਜ ਵੀਕਲੀ): ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ’ਤੇ ਪੂਰੇ ਪੰਜਾਬ ਵਿੱਚ ਅੱਜ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ। ਸੂਬੇ ਭਰ ਵਿੱਚ ਵੱਖ-ਵੱਖ ਡਿਪੂਆਂ ਉਤੇ ਰੋਸ ਰੈਲੀਆਂ ਕੀਤੀਆਂ ਗਈਆਂ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਚੰਡੀਗੜ੍ਹ ਵਿਚ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਆਗੂ ਗੁਰਪ੍ਰੀਤ ਸਿੰਘ ਤੇ ਹੋਰਾਂ ਨੇ ਕਿਹਾ ਕਿ ਹੜਤਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਜਬੂਰ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 22 ਨਵੰਬਰ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਵਿੱਚ ਵੀ ਸਪੱਸ਼ਟ ਕੀਤਾ ਗਿਆ ਸੀ।
ਯੂਨੀਅਨ ਆਗੂਆਂ ਵੱਲੋਂ ਪਹਿਲਾਂ ਮੰਤਰੀ ਦੇ ਪੀ.ਏ. ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਅਤੇ ਮੰਗਾਂ ਹੱਲ ਨਾ ਹੋਣ ’ਤੇ ਆਪਣੇ ਸੰਘਰਸ਼ ਦਾ ਐਲਾਨ ਕੀਤਾ ਗਿਆ ਪਰ ਸਰਕਾਰ ਵਲੋਂ ਕੋਈ ਮੀਟਿੰਗ ਜਾਂ ਠੋਸ ਹੱਲ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਮਜਬੂਰਨ ਅੱਜ 7 ਦਸੰਬਰ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਜਾਣਾ ਪਿਆ। ਇਸੇ ਦੌਰਾਨ ਪਟਿਆਲਾ ਡਿਪੂ ’ਚ ਵੀ ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿਕੀ, ਡਿਪੂ ਪ੍ਰਧਾਨ ਸਹਿਜਪਾਲ ਸਿੰਘ ਸੰਧੂ ਤੇ ਹੋਰਾਂ ਦੀ ਅਗਵਾਈ ਵਿਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਸਤੰਬਰ 2021 ਨੂੰ ਕਾਮਿਆਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਫੇਰ 6 ਅਕਤੂਬਰ ਨੂੰ ਨਵੇਂ ਟਰਾਂਸਪੋਰਟ ਮੰਤਰੀ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਭਰੋਸਾ ਦਿੱਤਾ ਅਤੇ ਫਿਰ 12 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਭਰੋਸਾ ਦਿੱਤਾ ਕਿ ਤੁਹਾਨੂੰ 20 ਦਿਨ ਵਿੱਚ ਪੱਕੇ ਕੀਤਾ ਜਾਵੇਗਾ।
ਪਰ ਨਵਾਂ ਐਕਟ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਕਿ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੋ ਰਿਹਾ। ਬੋਰਡਾਂ-ਕਾਰਪੋਰੇਸ਼ਨਾਂ ਨੂੰ ਐਕਟ ਤੋਂ ਬਾਹਰ ਰੱਖ ਕੇ ਸਰਕਾਰੀ ਵਿਭਾਗਾਂ ਨਾਲੋਂ ਕੱਚੇ ਮੁਲਾਜ਼ਮਾਂ ਦਾ ਸਿੱਧਾ ਨਾਤਾ ਤੋੜਨ ਦੀ ਨੀਤੀ ਨਜ਼ਰ ਆ ਰਹੀ ਹੈ। ਪਟਿਆਲਾ ਵਿਚ ਆਗੂਆਂ ਨੇ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ 10 ਹਜ਼ਾਰ ਸਰਕਾਰੀ ਬੱਸਾਂ ਕੀਤੀਆਂ ਜਾਣ ਪਰ ਚੰਨੀ ਸਰਕਾਰ ਵੱਲੋਂ ਕੋਈ ਵੀ ਬੱਸ ਸਰਕਾਰੀ ਖ਼ਜ਼ਾਨੇ ’ਚੋਂ ਨਹੀਂ ਪਾਈ ਗਈ, ਉਲਟਾ ਬੱਸਾਂ ਕਰਜ਼ੇ ’ਤੇ ਪਾਉਣ ਨੂੰ ਮਨਜ਼ੂਰੀ ਬਹੁਤ ਦੇਰੀ ਨਾਲ ਦਿੱਤੀ ਜਾਂਦੀ ਹੈ ਜਿਸ ਕਾਰਨ ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋਂ 399 ਬੱਸਾਂ ਹੀ ਰਹਿ ਗਈਆਂ ਹਨ। ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਦਿਆਰਥੀ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੀ ਭਰਵੀਂ ਹਮਾਇਤ ਮਿਲ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ 9 ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦੇਣ ਸਣੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly