ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ ਬਸਪਾ
ਚੰਡੀਗੜ੍ਹ/ਜਲੰਧਰ, (ਸਮਾਜ ਵੀਕਲੀ) ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਪ੍ਰਧਾਨ ਅਤੇ ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 59 ਸਾਲ ਪੁਰਾਣੀ ਸੈਨਟ ਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਡਾ. ਕਰੀਮਪੁਰੀ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਜਿਸ ਦਿਨ ਸਮੁੱਚਾ ਪੰਜਾਬ ‘ਪੰਜਾਬ ਦਿਵਸ’ ਮਨਾ ਰਿਹਾ ਹੈ, ਉਸੇ ਦਿਨ ਕੇਂਦਰ ਸਰਕਾਰ ਨੇ ਇਹ ਫੈਸਲਾ ਸੁਣਾ ਕੇ ਪੰਜਾਬ ਦੇ ਹੱਕਾਂ ‘ਤੇ ਇੱਕ ਡੂੰਘਾ ਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਧੇ ਤੌਰ ‘ਤੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਕੋਲੋਂ ਖੋਹਣ ਦੀ ਇੱਕ ਸਾਜ਼ਿਸ਼ ਹੈ, ਜਿਸ ਨੂੰ ਬਹੁਜਨ ਸਮਾਜ ਪਾਰਟੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਪੰਜਾਬ, ਕੇਂਦਰ ਸਰਕਾਰ ਦੇ ਇਸ ਲੋਕਤੰਤਰ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲੇ ਦੀ ਪੁਰਜ਼ੋਰ ਨਿੰਦਾ ਕਰਦੀ ਹੈ। ਪੰਜਾਬ ਯੂਨੀਵਰਸਿਟੀ ‘ਤੇ ਪੰਜਾਬ ਦਾ ਇਤਿਹਾਸਕ ਅਤੇ ਕਾਨੂੰਨੀ ਹੱਕ ਹੈ ਅਤੇ ਇਸ ਦੇ ਪ੍ਰਬੰਧਕੀ ਢਾਂਚੇ ਨੂੰ ਖ਼ਤਮ ਕਰਨਾ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਡਾਕਾ ਹੈ। ਬਸਪਾ ਸੂਬਾ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਬਿਨਾਂ ਕਿਸੇ ਦੇਰੀ ਦੇ ਇਸ ਫੈਸਲੇ ਨੂੰ ਵਾਪਸ ਲਵੇ ਅਤੇ ਸੈਨਟ ਤੇ ਸਿੰਡੀਕੇਟ ਦੀਆਂ ਚੋਣਾਂ ਨੂੰ ਬਹਾਲ ਕਰੇ। ਸੈਨਟ ਅਤੇ ਸਿੰਡੀਕੇਟ ਯੂਨੀਵਰਸਿਟੀ ਦੀਆਂ ਸਭ ਤੋਂ ਉੱਚੀਆਂ ਲੋਕਤੰਤਰੀ ਸੰਸਥਾਵਾਂ ਹਨ। ਇਨ੍ਹਾਂ ਨੂੰ ਭੰਗ ਕਰਨਾ ਵਿੱਦਿਅਕ ਅਤੇ ਪ੍ਰਬੰਧਕੀ ਖੁਦਮੁਖਤਿਆਰੀ ਦੇ ਨਾਲ-ਨਾਲ ਲੋਕਤੰਤਰ ਦਾ ਵੀ ਕਤਲ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ ਅਤੇ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕਰੇਗੀ। ਉਨ੍ਹਾਂ ਪੰਜਾਬ ਦੇ ਸਮੂਹ ਵਿੱਦਿਅਕ ਅਤੇ ਸਿਆਸੀ ਸੰਗਠਨਾਂ ਨੂੰ ਵੀ ਇਸ ਮੁੱਦੇ ‘ਤੇ ਇੱਕਜੁੱਟ ਹੋਣ ਦੀ ਅਪੀਲ ਕੀਤੀ। ਕਰੀਮਪੁਰੀ ਨੇ ਪੰਜਾਬੀਆਂ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਵੀ ਕੀਤੀ।



