ਪੰਜਾਬ ਦੇ ਮੁੱਖ ਮੰਤਰੀ ਵੱਲੋਂ 2.85 ਲੱਖ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ, ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ।

ਉਨ੍ਹਾਂ ਨੇ ਵਿੱਤ ਅਤੇ ਸਹਿਕਾਰਤਾ ਵਿਭਾਗਾਂ ਨੂੰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ਉਤੇ ਕਾਰਗਰ ਢੰਗ ਨਾਲ ਅਮਲ ਵਿਚ ਲਿਆਉਣ ਲਈ ਪ੍ਰਕਿਰਿਆ ਨੂੰ ਅਮਲੀਜਾਮਾ ਪਹਿਨਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ-2019 ਦੇ ਤਹਿਤ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਮੈਬਰਾਂ ਲਈ ਕਰਜ਼ਾ ਰਾਹਤ ਸਕੀਮ ਉਲੀਕੀ ਸੀ ਜਿਸ ਦੇ ਘੇਰੇ ਹੇਠ ਸੂਬੇ ਵਿਚ ਪੰਜਾਬ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵੱਲੋਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਦਿੱਤੇ ਗੈਰ-ਵਾਹੀਯੋਗ ਕਰਜ਼ੇ ਸ਼ਾਮਲ ਹੋਣਗੇ।

ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleFormer Chancellor Of The Exchequer To Help Surrey-based Developer Build 1,000 London Homes In 36 Months
Next articleਗੁਰਨਾਮ ਸਿੰਘ ਚੜੂਨੀ ਹਫ਼ਤੇ ਲਈ ਸੰਯੁਕਤ ਕਿਸਾਨ ਮੋਰਚੇ ’ਚੋਂ ਮੁਅੱਤਲ