ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਸੀ, ਹੈ ਅਤੇ ਰਹੇਗੀ – ਅਮਨ ਅਰੋੜਾ

ਅਰੋੜਾ ਮਹਾਸਭਾ ਪੰਜਾਬ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ’ਚ ਯੋਗਦਾਨ ਪਾਉਣ ਲਈ ਸੰਸਥਾ ਦਾ ਧੰਨਵਾਦ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸੂਚਨਾ ਤਕਨੋਲਜੀ, ਸੁਚੱਜਾ ਪ੍ਰਸ਼ਾਸਨ, ਰੋਜ਼ਗਾਰ ਉਤਪਤੀ, ਸਿਖਲਾਈ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਕਿਸਾਨਾਂ ਦੇ ਨਾਲ ਖੜ੍ਹੀ ਸੀ, ਖੜ੍ਹੀ ਹੈ ਅਤੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਗਈਆਂ ਹਨ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਵਾਂਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਮੋਹਰ ਲਾ ਚੁੱਕੀ ਹੈ। ਪੱਤਰਕਾਰਾਂ ਵਲੋਂ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਵਲੋਂ ਦਿੱਤੇ ਇੱਕ ਬਿਆਨ ਬਾਰੇ ਪੁੱਛੇ ਜਾਣ ’ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਵਲੋਂ ਨਕਾਰੀ ਕਾਂਗਰਸ ਪਾਰਟੀ ਦੇ ਆਗੂ ਸਤਾ ਹਾਸਲ ਕਰਨ ਦੇ ਸਬਜ਼ਬਾਗ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਬਾਜਵਾ ਦੇ ਸੁਪਨੇ ਸਿਰਫ਼ ਸੁਪਨੇ ਹੀ ਰਹਿ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਖੇਤਰ ਵਿਚ ਲੋੜੀਂਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ ਜੋ ਕਿ ਧਰਾਤਲ ’ਤੇ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆ ਕੇ ਵਿਦਿਆਰਥੀਆਂ ਅਤੇ ਲੋਕਾਂ ਲਈ ਵੱਡੀਆਂ ਸਹੂਲਤਾਂ ਯਕੀਨੀ ਬਣਾਈਆਂ ਹਨ। ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਬਜਟ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ’ਬਦਲਦਾ ਪੰਜਾਬ’ ਬਜ਼ਟ-2025-26 ਰੰਗਲੇ ਪੰਜਾਬ ਨੂੰ ਪੇਸ਼ ਕਰਦਾ ਹੈ ਅਤੇ ਆਉਂਦੇ ਸਾਲ ਵਿਚ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 541 ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਜਿਸ ਨਾਲ 438 ਨਾਗਰਿਕ ਸੇਵਾਵਾਂ ਹੋਰ ਵੀ ਵਧੇਰੇ ਸੁਖਾਲੇ ਢੰਗ ਨਾਲ ਮਿਲਣਗੀਆਂ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਦਿਆਂ 51655 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਰੋਜ਼ਗਾਰ ਦੇ ਖੇਤਰ ਵਿਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਹੁਨਰ ਵਿਕਾਸ ਸਿਖਲਾਈ ਅਤੇ ਕਰੀਅਰ ਕਾਊਂਸਲਿਕ ਲਈ 230 ਕਰੋੜ ਰੁਪਏ  ਖਰਚੇ ਜਾਣ ਦਾ ਪ੍ਰਸਤਾਵ ਹੈ ਜਿਸ ਨਾਲ ਬੇਰੋਜ਼ਗਾਰਾਂ ਨੂੰ ਆਪਣੇ ਪੈਰੀਂ ਹੋਣ ਵਿਚ ਮਦਦ ਮਿਲੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਵਜਰਾ ਕੋਰ ਵੱਲੋਂ ਹੁਸ਼ਿਆਰਪੁਰ ਵਿਖੇ ਇੱਕ ਵਿਸ਼ਾਲ ਸਾਬਕਾ ਸੈਨਿਕ ਰੈਲੀ
Next articleਰੋਜ਼ਗਾਰ ਮੇਲੇ ਦੌਰਾਨ 71 ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੋਣ