ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਹੋਰ ਸਸ਼ਕਤ, ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਐਸ.ਏ.ਐਸ ਨਗਰ (ਮੁਹਾਲੀ) ਸਥਿਤ ‘ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼’ ਦੀਆਂ ਚਾਰ ਹੋਣਹਾਰ ਕੈਡਿਟਸ ਦੇਸ਼ ਦੀ ਵੱਕਾਰੀ ਪ੍ਰੀ-ਕਮਿਸ਼ਨ ਡਿਫੈਂਸ ਟ੍ਰੇਨਿੰਗ ਅਕੈਡਮੀਆਂ ਵਿਚ ਚੁਣੀਆਂ ਗਈਆਂ ਹਨ। ਇਹ ਚਾਰੇ ਕੈਡਿਟਸ ਹੁਣ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਵਿਚ ਸ਼ਾਮਲ ਹੋਣਗੀਆਂ। ਕਰਮਜੀਤ ਕੌਰ ਨੇ ਇਸ ਮਾਣਮੱਤੀ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਾ ਸਿਰਫ਼ ਮਾਈ ਭਾਗੋ ਸੰਸਥਾਨ ਲਈ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਧੀਆਂ ਨੂੰ ਹਰੇਕ ਖੇਤਰ ਵਿਚ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਖਾਸ ਕਰਕੇ ਰੱਖਿਆ ਅਤੇ ਪ੍ਰਸ਼ਾਸਨਿਕ ਸੇਵਾਵਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ। ਉਨ੍ਹਾਂ ਇਹ ਵੀ ਕਿਹਾ ਕਿ ਮਾਈ ਭਾਗੋ ਇੰਸਟੀਚਿਊਟ ਦੀ ਸਥਾਪਨਾ ਦਾ ਮੁੱਖ ਉਦੇਸ਼ ਸੂਬੇ ਦੀਆਂ ਧੀਆਂ ਨੂੰ ਫ਼ੌਜੀ ਸੇਵਾਵਾਂ ਵਿਚ ਦਾਖ਼ਲੇ ਲਈ ਸਹੀ ਮਾਰਗਦਰਸ਼ਨ ਅਤੇ ਮਿਆਰੀ ਸਿਖਲਾਈ ਪ੍ਰਦਾਨ ਕਰਨਾ ਹੈ। ਚਾਰ ਚੁਣੀਆਂ ਗਈਆਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਚੇਅਰਪਰਸਨ ਨੇ ਕਿਹਾ ਕਿ ਇਹ ਧੀਆਂ ਆਉਣ ਵਾਲੇ ਸਮੇਂ ਵਿਚ ਪੰਜਾਬ ਦੀਆਂ ਹੋਰ ਧੀਆਂ ਲਈ ਪ੍ਰੇਰਨਾ ਸਰੋਤ ਬਣਨਗੀਆਂ। ਉਨ੍ਹਾਂ ਸੰਸਥਾ ਦੇ ਟ੍ਰੇਨਰਾਂ ਅਤੇ ਸਟਾਫ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਕੈਡਿਟਾਂ ਨੂੰ ਇਸ ਮੀਲ ਪੱਥਰ ਤੱਕ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਕਰਮਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਹੋਰ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਧੀਆਂ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



