ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ – ਵਿਧਾਇਕ ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਸਾਲਾਨਾ ਸਮਾਗਮ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ ਲਗਾਤਾਰ ਉਪਰਾਲੇ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕੀਤਾ ਹੈ। ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਲਾਮਿਸਾਲ ਕੰਮ ਕਰਕੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੂਲ ਆਫ਼ ਐਮੀਨੈਂਸ ਸਕੀਮ ਜ਼ਿਲ੍ਹੇ ਵਿਚ 5 ਸਕੂਲ ਚੱਲ ਰਹੇ ਹਨ ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਪੁਰਹੀਰਾਂ, ਬਾਗਪੁਰ, ਦਸੂਹਾ ਅਤੇ ਟਾਂਡਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 130 ਸੀਨੀਅਰ ਸੈਕੰਡਰੀ ਸਕੂਲਾਂ ਵਿਚ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਬਿਜਨੈਸ ਬਲਾਸਟਰ ਪ੍ਰੋਜੈਕਟ ਚੱਲ ਰਿਹਾ ਹੈ ਜਿਸ ਤਹਿਤ 2024-25 ਦੌਰਾਨ 3834 ਵਿਦਿਆਰਥੀਆਂ ਨੂੰ 76.68 ਲੱਖ ਰੁਪਏ ਦੀ ਸੀਡ ਮਨੀ ਗਰਾਂਟ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਦਿੱਖ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਜਾਰੀ ਉਪਰਾਲਿਆਂ ਦੀ ਗੱਲ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਸਾਲ 2023-24 ਦੌਰਾਨ ਸਰਕਾਰੀ ਸਕੂਲਾਂ ਵਿਚ 116 ਚੌਕੀਦਾਰ, 130 ਕੈਂਪਸ ਮੈਨੇਜਰ, 63 ਸਕਿਉਰਿਟੀ ਗਾਰਡ ਆਦਿ ਲਗਾਏ ਗਏ ਹਨ ਤਾਂ ਜੋ ਸਕੂਲਾਂ ਅੰਦਰ ਵੱਖ-ਵੱਖ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਨੂੰ ਨਵੀਂ ਚਾਰਦੀਵਾਰੀ ਲਈ 12.52 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਹੋਰ ਸੁੰਦਰ ਹੋਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਪੜ੍ਹਾਈ ’ਤੇ ਧਿਆਨ ਕੇਂਦਰਿਤ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਕੇ ਉਹ ਆਪਣਾ ਚੰਗੇਰਾ ਭਵਿੱਖ ਯਕੀਨੀ ਬਣਾ ਸਕਦੇ ਹਨ। ਵਿਧਾਇਕ ਜਿੰਪਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਸਕੂਲ ਪ੍ਰਿੰਸੀਪਲ ਰਾਜਨ ਅਰੋੜਾ ਨੂੰ ਸਕੂਲ ਦੀ ਵਧੀਆ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ ਗਈ। ਸਾਲਾਨਾ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਨਾਲ ਕਰਵਾਈ ਗਈ। ਇਸ ਉਪਰੰਤ ਸਕੂਲ ਪ੍ਰਿੰਸੀਪਲ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੇ ਸ਼ਾਨਦਾਰ ਨਤੀਜਿਆਂ ਬਾਰੇ ਜਾਣੂ ਕਰਵਾਇਆ। ਵਿਦਿਆਰਥਣਾਂ ਵਲੋਂ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਪਿਛਲੇ ਸਾਲ ਦੌਰਾਨ ਵੱਖ-ਵੱਖ ਜਮਾਤਾਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਅਤੇ ਹੋਰਨਾਂ ਪ੍ਰਾਪਤੀਆਂ ਲਈ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੌਂਸਲਰ ਪ੍ਰਦੀਪ ਬਿੱਟੂ , ਸ਼ੇਰਗੜ੍ਹ ਦੇ ਸਰਪੰਚ ਮੋਹਨ ਲਾਲ, ਪ੍ਰਿੰਸੀਪਲ ਧਰਮਿੰਦਰ ਸ਼ਰਮਾ ਅਤੇ ਸਕੂਲ ਦਾ ਸਮੂਚਾ ਸਟਾਫ਼ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਧਾਨ ਸਭਾ ਪੰਜਾਬ ਸੈਸ਼ਨ ਦੇ ਪਹਿਲੇ ਦਿਨ ਐੱਨ.ਐੱਲ.ਓ. ਨੇ ਵਿਧਾਇਕ ਡਾ ਨਛੱਤਰ ਪਾਲ ਨੂੰ ਮੰਗ ਪੱਤਰ ਸੌਂਪਿਆ,ਮਾਮਲਾ ਉਸਾਰੀ ਮਜ਼ਦੂਰਾਂ ਦੀ 3 ਹਫ਼ਤਿਆਂ ਤੋਂ ਬੰਦ ਪਈ ਬੈਵਸਾਈਟ ਦਾ।
Next articleਅੰਬੇਡਕਰ ਮਿਸ਼ਨ ਸੁਸਾਇਟੀ ਮਹਾਬੋਧੀ ਮਹਾਵਿਹਾਰ ਮੁਕਤੀ ਅੰਦੋਲਨ ਦੇ ਸਮਰਥਨ ਵਿੱਚ ਕਰੇਗੀ ਇਕ ਰੋਜ਼ਾ ਭੁੱਖ ਹੜਤਾਲ