ਕੈਬਨਿਟ ਮੰਤਰੀ ਨੇ ਫੋਕਲ ਪੁਆਇੰਟ ਵਿਖੇ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲਘੂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਅੱਜ ਫਗਵਾੜਾ ਰੋਡ ’ਤੇ ਸਥਿਤ ਫੋਕਲ ਪੁਆਇੰਟ ਵਿਖੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਲਗਾਈਆਂ ਸਟਰੀਟ ਲਾਈਟਾਂ ਦੇ ਉਦਘਾਟਨ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਸਮਾਗਮ ਦਾ ਆਯੋਜਨ ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਘੂ ਉਦਯੋਗਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਖੇਤਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਉੱਦਮੀਆਂ ਨੂੰ ਸੁਰੱਖਿਅਤ ਅਤੇ ਸੁਚੱਜਾ ਮਾਹੌਲ ਮਿਲ ਸਕੇ।
ਫੋਕਲ ਪੁਆਇੰਟ ‘ਤੇ ਸਟਰੀਟ ਲਾਈਟਾਂ ਲਗਾਉਣ ਨੂੰ ਇਕ ਮਹੱਤਵਪੂਰਨ ਕਦਮ ਦੱਸਦਿਆਂ ਜਿੰਪਾ ਨੇ ਕਿਹਾ ਕਿ ਇਸ ਨਾਲ ਨਾ ਸਿਰਫ ਖੇਤਰ ਦੀ ਸੁਰੱਖਿਆ ਵਧੇਗੀ ਸਗੋਂ ਉਦਯੋਗਾਂ ਨੂੰ ਵੀ ਵਧੀਆ ਢੰਗ ਨਾਲ ਕੰਮ ਕਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੰਤ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਉਦਯੋਗਾਂ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਉਦਯੋਗਿਕ ਵਿਕਾਸ ਵਿਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਸੁਝਾਵਾਂ ਰਾਹੀਂ ਇਸ ਦਿਸ਼ਾ ਵਿਚ ਹੋਰ ਸੁਧਾਰ ਲਿਆਉਣ ਵਿੱਚ ਯੋਗਦਾਨ ਪਾਉਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly