ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਜ਼ਰੂਰ ਹਿੱਸਾ ਲੈਣ ਬੱਚੇ-ਗੁਰਮੇਲ ਸਿੰਘ ਪਹਿਲਵਾਨ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.)-ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ 2023-24 ’ਚ ਅੰਡਰ-19 ਲੜਕੇ ਤੇ ਲੜਕੀਆਂ ਦੇ ਹੋਏ ਕਬੱਡੀ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਰਟੀਫ਼ਿਕੇਟ ਭੇਂਟ ਕੀਤੇ ਗਏ। ਇਸ ਮੌਕੇ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ: ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵਿੱਚ ਜ਼ਰੂਰ ਹਿੱਸਾ ਲੈਣਾ ਚਾਹੀਦਾ ਹੈ। ਖੇਡਾਂ ਵਿੱਚ ਹਿੱਸਾ ਲੈਣ ਨਾਲ ਜਿੱਥੇ ਬੱਚੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ, ਉਥੇ ਸਰੀਰਿਕ ਤੌਰ ’ਤੇ ਵੀ ਫੁਰਤੀਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ਤੇ ਬੱਚਿਆਂ ਦੇ ਕਬੱਡੀ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਬੱਚਿਆਂ ਵੱਲੋਂ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਜਾਂਦਾ ਹੈ। ਇਸ ਮੌਕੇ ਕੈਪਟਨ ਮਨਜੋਤ ਕੌਰ, ਕੋਚ ਰਣਜੀਤ ਕੁਮਾਰ ਲੱਧੜ, ਸਿਮਰਨਪ੍ਰੀਤ ਕੌਰ, ਮੁਸਕਾਨ, ਪ੍ਰਿਯੰਕਾ, ਨੰਦਨੀ, ਸਿਮਰਨ, ਸਾਕਸ਼ੀ, ਮਨਜੀਤ, ਗਗਨ, ਮੋਨਿਕਾ, ਰਜ਼ੀਆ, ਜਸ਼ਨ, ਮੁਸਤਫ਼ਾ, ਮਿਯੰਕ, ਸਿਮਰਨਜੋਤ ਸਿੰਘ, ਲਵਪ੍ਰੀਤ ਸਿੰਘ, ਰਵਿੰਦਰ ਸਿੰਘ ਤੇ ਯੁਵਰਾਜ ਸਿੰਘ ਸਮੇਤ ਸਮੂਹ ਬੱਚਿਆਂ ਨੂੰ ਸਰਟੀਫਿਕੇਟ ਦੇ ਨਾਲ-ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨਾਂ ਸੰਬੋਧਨ ਕਰਦਿਆਂ ਬੱਚਿਆਂ ਨੂੰ ਕਿਹਾ ਕਿ ਪਹਿਲਾਂ ਨਾਲੋਂ ਵਧੇਰੇ ਮਿਹਨਤ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰ ਸਕਣ। ਇਸ ਮੌਕੇ ਪੰਜਾਬ ਕਬੱਡੀ ਐਸੋਸੀਏਸ਼ਨ ਲੁਧਿਆਣਾ ਦੇ ਪ੍ਰਧਾਨ ਸ੍ਰ: ਸੁਰਿੰਦਰ ਸਿੰਘ ਮਾਸਕੋ, ਸ੍ਰ: ਜੈਮਲ ਸਿੰਘ ਚੌਹਾਨ, ਭੁਪਿੰਦਰ ਸਿੰਘ ਚੌਹਾਨ, ਸ਼੍ਰੀ ਸੰਜੇ ਸ਼ਰਮਾ, ਜੰਗ ਸਿੰਘ ਪਹਿਲਵਾਨ ਨੇ ਵੀ ਬੱਚਿਆਂ ਨੂੰ ਹੋਰ ਵਧੇਰੇ ਮਿਹਨਤ ਨਾਲ ਖੇਡਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਅਤੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



