ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ – ਡਾ. ਰਵਜੋਤ ਸਿੰਘ

ਹੁਸ਼ਿਆਰਪੁਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਪਿੰਡ ਬੈਂਸਤਾਨੀਵਾਲ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਕਰਵਾਏ ਗਏ ਪਹਿਲੇ ਵਾਲੀਬਾਲ ਅਤੇ ਰੱਸਾ-ਕੱਸੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਦੇਸ਼ ਦੇ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵਜੋਂ ਉੱਭਰੇਗਾ। ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਸਮੇਤ ਖਿਡਾਰੀਆਂ ਨਾਲ ਜਾਣ-ਪਛਾਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡ-ਪਿੰਡ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਤਵੱਜੋਂ ਦੇ ਰਹੀ ਹੈ ਜਿਸ ਤਹਿਤ ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਦੇ ਨਾਲ-ਨਾਲ ਜਿੰਮ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖੇਡਾਂ ਲਈ ਚਾਲੂ ਵਿੱਤੀ ਸਾਲ ਦੌਰਾਨ 979 ਕਰੋੜ ਰੁਪਏ ਦੀ ਵਿਵਸਥਾ ਰੱਖੀ ਗਈ ਹੈ ਜੋ ਕਿ ਖੇਡਾਂ ਦੇ ਖੇਤਰ ਲਈ ਪੰਜਾਬ ਦੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਵੱਧ ਜਾਰੀ ਹੋਣ ਵਾਲੀ ਰਕਮ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡ ਸਭਿਆਚਾਰ ਅਤੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਪਿੰਡਾਂ ਵਿਚ ਅਜਿਹੇ ਟੂਰਨਾਮੈਂਟ ਇਸ ਦਿਸ਼ਾ ਵਿਚ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿਚ ਮਿਹਨਤ ਅਤੇ ਲਗਨ ਦਾ ਅਥਾਹ ਜਜ਼ਬਾ ਹੈ ਜਿਸ ਨਾਲ ਇਹ ਦੁਨੀਆਂ ਭਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਚੁੱਕੇ ਹਨ ਅਤੇ ਖੇਡਾਂ ਵਿਚ ਵੀ ਪੰਜਾਬੀਆਂ ਨੇ ਵਿਲੱਖਣ ਛਾਪ ਛੱਡਦਿਆਂ ਦੁਨੀਆਂ ਭਰ ਵਿਚ ਵੱਡੇ ਮਾਅਰਕੇ ਮਾਰੇ ਹਨ। ਪੰਜਾਬੀ ਖਿਡਾਰੀਆਂ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੱਖ-ਵੱਖ ਖੇਡਾਂ ਵਿਚ ਜਿੱਤੇ ਤਮਗਿਆਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੀ ਤਿਆਰੀ ਲਈ ਵੀ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਲਈ ਢੁਕਵਾਂ ਮੰਚ ਪ੍ਰਦਾਨ ਕਰਦਿਆਂ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਅਹਿਮ ਰੋਲ ਅਦਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਵਿਚ ਖੇਡਾਂ ਨੂੰ ਉਤਸਾਹਿਤ ਕਰਨ ਵਿਚ ਕੋਈ ਕੋਰ ਕਸਰ ਨਹੀਂ ਛੱਡੇਗੀ ਅਤੇ ਖਿਡਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਪਿੰਡ ਬੈਂਸਤਾਨੀਵਾਲ ਦੀ ਬਾਹਰਲੀ ਫਿਰਨੀ ਦੇ ਮਜਬੂਤੀਕਰਨ, ਸਟੇਡੀਅਮ ਨੂੰ ਨਵੀਂ ਦਿੱਖ ਦੇਣ ਅਤੇ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋੜੀਂਦੇ ਵਿਕਾਸ ਕਾਰਜ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਤਹਿਤ ਵਿਕਾਸ ਕੰਮਾਂ ਲਈ ਪੰਚਾਇਤਾਂ ਨੂੰ ਫੰਡ ਉਪਲਬਧ ਕਰਵਾਏ ਜਾ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleभारत रत्न डॉ. भीमराव अंबेडकर में निहित नीडोनॉमिस्ट: 134वीं जयंती पर एक चिंतनशील श्रद्धांजलि
Next articleਪੀਐਚ.ਡੀ.ਵਾਲਿਆਂ ਨੂੰ ਪੜ੍ਹਨੇ ਪਾਉਣ ਵਾਲਾ : ਬੁੱਧ ਸਿੰਘ ਨੀਲੋਂ