ਜਲੰਧਰ (ਸਮਾਜ ਵੀਕਲੀ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਨੂੰ ਬਚਾਉਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਅੱਜ ਇੱਥੇ ਬੂਟਾ ਮੰਡੀ ਵਿੱਚ ਬਾਬਾ ਸਾਹਿਬ ਦੇ 131ਵੇਂ ਜਨਮ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਦੇ ਅਫ਼ਸਰ ਦਿੱਲੀ ਭੇਜਣ ਨੂੰ ਲੈ ਕੇ ਹੋ ਰਹੀ ਨੁਕਤਾਚੀਨੀ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਹੁਕਮਾਂ ਉੱਤੇ ਹੀ ਅਫਸਰ ਦਿੱਲੀ ਸਿਖਲਾਈ ਲੈਣ ਲਈ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਫ਼ਸਰ ਸਿਖਲਾਈ ਲੈਣ ਲਈ ਗੁਜਰਾਤ ਤੇ ਤਾਮਿਲ ਨਾਡੂ ਜਾਂਦੇ ਰਹੇ ਹਨ। ਪੰਜਾਬ ਦੀ ਬਿਹਤਰੀ ਲਈ ਉਨ੍ਹਾਂ ਨੂੰ ਆਪਣੇ ਅਫਸਰ ਇਜ਼ਰਾਈਲ ਵੀ ਭੇਜਣੇ ਪਏ ਤਾਂ ਭੇਜਣਗੇ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਵੀ ਆਪਣੇ ਅਫਸਰਾਂ ਨੂੰ ਦਿੱਲੀ ਭੇਜਣਗੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਇਸ ਗੱਲ ਦਾ ਜਵਾਬ 16 ਅਪਰੈਲ ਨੂੰ ਕੀਤੇ ਜਾਣ ਵਾਲੇ ਐਲਾਨ ਨਾਲ ਮਿਲ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਵਿਚੋਂ ਹਰੇਕ ਗਾਰੰਟੀ ਪੂਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਜਲੰਧਰ ਵਿੱਚ ਵਿਸ਼ਵ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ।
ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ’ਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਬਾਬਾ ਸਾਹਿਬ ਵੱਲੋਂ ਲਿਖੇ ਸੰਵਿਧਾਨ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਇਹ ਖ਼ਤਰਾ ਬਾਹਰਲਿਆਂ ਕੋਲੋਂ ਨਹੀਂ ਸਗੋਂ ਸਾਡੇ ਆਪਣਿਆਂ ਕੋਲੋਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਬਚੇਗਾ ਤਾਂ ਹੀ ਦੇਸ਼ ਬਚੇਗਾ। ਪਾਕਿਸਤਾਨ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸਾਡਾ ਗੁਆਂਢੀ ਮੁਲਕ, ਭਾਰਤ ਤੋਂ ਇਕ ਦਿਨ ਪਹਿਲਾਂ ਆਜ਼ਾਦ ਹੋਇਆ, ਪਰ ਸੰਵਿਧਾਨ ਦੀ ਅਣਹੋਂਦ ਕਰਕੇ ਉਸ ਮੁਲਕ ਵਿੱਚ ਜਮਹੂਰੀਅਤ ਪੈਰ ਨਹੀਂ ਜਮਾ ਸਕੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਾਬਾ ਸਾਹਿਬ ਦੇ ਸੰਵਿਧਾਨ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਮਜ਼ਬੂਤ ਹੋਈਆਂ ਹਨ ਜਦਕਿ ਇਸ ਦੇ ਉਲਟ ਪਾਕਿਸਤਾਨ ਵਿੱਚ ਅਜਿਹੀ ਕੋਈ ਵਿਵਸਥਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਦਾ ਕੋਈ ਵੀ ਸਾਬਕਾ ਪ੍ਰਧਾਨ ਮੰਤਰੀ ਜਾਂ ਤਾਂ ਕਤਲ ਕਰ ਦਿੱਤਾ ਗਿਆ ਜਾਂ ਉਸ ਨੂੰ ਜਲਾਵਤਨ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਰਾਹੀਂ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਅਧਿਕਾਰ ਦਿੱਤਾ।
ਲੋਕਾਂ ਨੂੰ ਮਿਲੇ ਇਸੇ ਹੱਕ ਸਦਕਾ ਹੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਘਾਗ ਸਿਆਸਤਦਾਨਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਾਹ ਦਿਖਾਇਆ। ਪੋਸਟ ਮੈਟਰਿਕ ਵਜ਼ੀਫਾ ਘੁਟਾਲੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਇਹ ਘੁਟਾਲਾ ਕੀਤਾ ਹੈ ਉਹ ਲੋਕ ਛੇਤੀ ਹੀ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਹੋਣਗੇ। ਇਸ ਘੁਟਾਲੇ ਦੇ ਮੁੱਖ ਦੋਸ਼ੀ ਅਦਾਲਤਾਂ ਵਿੱਚ ਜੇਲ੍ਹ ’ਚ ਚੰਗੀਆਂ ਸਹੂਲਤਾਂ ਲਈ ਅਰਜ਼ੀਆਂ ਦਿੰਦੇ ਨਜ਼ਰ ਆਉਣਗੇ।
ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੇਂਡੂ ਵਿਕਾਸ ਦੀਆਂ ਸਕੀਮਾਂ ਦੇ ਫੰਡ ਰੋਕੇ ਹੋਏ ਸਨ ਕਿਉਂਕਿ ਪਿਛਲੀਆਂ ਸਰਕਾਰਾਂ ਆਪਣੇ ਸਿਆਸੀ ਹਿੱਤ ਪੂਰਨ ਲਈ ਇਨ੍ਹਾਂ ਫੰਡਾਂ ਨੂੰ ਹੋਰ ਪਾਸੇ ਵਰਤਦੀਆਂ ਰਹੀਆਂ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਬੂਟਾ ਮੰਡੀ ਵਿੱਚ ਡਾ.ਬੀ.ਆਰ.ਅੰਬੇਡਕਰ ਪਾਰਕ ਵਿਖੇ ਡਾ.ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਸੁਰਿੰਦਰ ਸਿੰਘ ਸੋਢੀ ਆਦਿ ਹਾਜ਼ਰ ਸਨ।
‘ਨਵੀਆਂ ਗੱਡੀਆਂ ਕੀ ਖਰੀਦਣੀਆਂ, ਮੈਂ ਪੁਰਾਣੀਆਂ ਵਾਪਸ ਲੈਣ ਨੂੰ ਫਿਰਦਾਂ’
ਸੂਬੇ ਦੀ ਮਾੜੀ ਆਰਥਿਕ ਹਾਲਤ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਲਈ ਨਵੀਆਂ ਗੱਡੀਆਂ ਖਰੀਦਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਲਈ ਕੋਈ ਵੀ ਨਵੀਂ ਗੱਡੀ ਖ਼ਰੀਦਣ ਬਾਰੇ ਸੂਬਾ ਸਰਕਾਰ ਨੇ ਕੋਈ ਹੁਕਮ ਨਹੀਂ ਦਿੱਤਾ। ਵਿਰੋਧੀ ਧਿਰ ਬਿਨਾਂ ਕਿਸੇ ਆਧਾਰ ਦੇ ਇਸ ਨੂੰ ਮੁੱਦਾ ਬਣਾ ਰਹੀਆਂ ਹਨ। ਭਗਵੰਤ ਮਾਨ ਨੇ ਪਰਗਟ ਸਿੰਘ ਵੱਲੋਂ ਕੀਤੇ ਟਵੀਟ ’ਤੇ ਟਿੱਪਣੀ ਕਰਦਿਆਂ ਕਿਹਾ ਨਵੀਂ ਗੱਡੀਆਂ ਤਾਂ ਕੀ ਖਰੀਦਣੀਆਂ ਹਨ ਉਹ ਤਾਂ ਪੁਰਾਣੀਆਂ ਗੱਡੀਆਂ ਵੀ ਵਾਪਸ ਲੈਣ ਨੂੰ ਫਿਰਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly