ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲਈ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਪੁਲੀਸ ਨੇ 184 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ (ਸੁਰੱਖਿਆ) ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਦਾਲਤਾਂ ਦੇ ਵਿਸ਼ੇਸ਼ ਆਦੇਸ਼ਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਵਾਪਸ ਨਹੀਂ ਲਿਆ ਜਾਵੇਗਾ। 20 ਅਪਰੈਲ ਨੂੰ ਇਹ ਪੱਤਰ ਪੁਲੀਸ ਕਮਿਸ਼ਨਰਾਂ ਅਤੇ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਸਮੇਤ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ। ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਉਨ੍ਹਾਂ ’ਚ ਸਾਬਕਾ ਮੰਤਰੀ ਸੁਰਜੀਤ ਕੁਮਾਰ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰ ਕੌਰ, ਮਦਨ ਮੋਹਨ ਮਿੱਤਲ, ਤੋਤਾ ਸਿੰਘ ਅਤੇ ਗੁਲਜ਼ਾਰ ਸਿੰਘ ਰਣੀਕੇ ਪ੍ਰਮੁੱਖ ਹਨ।

ਸਾਬਕਾ ਮੁੱਖ ਮੰਤਰੀਆਂ ਅਤੇ ਹੋਰ ਮੰਤਰੀਆਂ ਦੇ ਪਰਿਵਾਰ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਪਤਨੀ ਪੁਨੀਤ ਕੌਰ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ। ਇਨ੍ਹਾਂ ਤੋਂ ਇਲਾਵਾ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਪਤਨੀ ਚਰਨਜੀਤ ਕੌਰ ਬਾਜਵਾ  ਅਤੇ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਦੀ ਸੁਰੱਖਿਆ ਵੀ ਵਾਪਸ ਲੈਣ ਦੇ ਹੁਕਮ ਹਨ। ਪੁਲੀਸ ਨੇ ਸਾਬਕਾ ਸੰਸਦ ਮੈਂਬਰ ਅਤੇ ਆਈਪੀਐੱਲ ਦੇ ਸਾਬਕਾ ਚੇਅਰਮੈਨ ਰਾਜੀਵ ਸ਼ੁਕਲਾ ਦੀ ਸੁਰੱਖਿਆ ਵੀ ਵਾਪਸ ਲੈ ਲਈ, ਮਾਹੀ ਗਿੱਲ, ਜੋ ਰਾਜ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਲਈ ਸਟਾਰ ਪ੍ਰਚਾਰਕ ਸੀ ਅਤੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪੁੱਤਰ ਸਿਧਾਂਤ ਚਟੋਪਾਧਿਆਏ ਦੀ ਸੁਰੱਖਿਆ ਵੀ ਵਾਪਸ ਲਈ ਜਾ ਰਹੀ ਹੈ।

ਜਿਨ੍ਹਾਂ ਭਾਜਪਾ ਆਗੂਆਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ, ਉਨ੍ਹਾਂ ਵਿੱਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਰਜਿੰਦਰ ਭੰਡਾਰੀ ਅਤੇ ਰਾਜੇਸ਼ ਬੱਗਾ ਸ਼ਾਮਲ ਹਨ। ਸ੍ਰੀ ਗੋਬਿੰਦ ਸਿੰਘ ਲੌਂਗੋਵਾਲ, ਜੀਤ ਮਹਿੰਦਰ ਸਿੰਘ, ਕਰਨ ਕੌਰ ਬਰਾੜ, ਬਲਬੀਰ ਸਿੰਘ ਘੁੰਨਸ, ਦੀਪ ਮਲਹੋਤਰਾ, ਮਨਤਾਰ ਸਿੰਘ ਬਰਾੜ, ਜੋਗਿੰਦਰ ਪਾਲ ਜੈਨ, ਅਰਵਿੰਦ ਖੰਨਾ ਅਤੇ ਸਰਬਜੀਤ ਮੱਕੜ ਸਮੇਤ ਸਾਬਕਾ ਅਕਾਲੀ ਤੇ ਕਾਂਗਰਸੀ ਵਿਧਾਇਕਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਅਮਰਜੀਤ ਸਿੰਘ ਚਾਵਲਾ ਤੇ ਸੁਰਜੀਤ ਸਿੰਘ ਗੜ੍ਹੀ ਸਮੇਤ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਹੈ। ਪਿਛਲੇ ਮਹੀਨੇ ਪੁਲੀਸ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਸ਼ਟਰਪਤੀ ਚੋਣਾਂ, ਛੇਵੇਂ ਰੀਪਬਲਿਕ ਵੱਲ ਵੱਧਦਾ ਫਰਾਂਸ।
Next articleਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ