ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਬਲਾਚੌਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਅਤੇ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾ। ਪਿੰਡ ਐਮਾ ਚਾਹਲ ਦੇ ਆਂਗਨਵਾੜੀ ਕੇਂਦਰ ਨੂੰ ਸਮੇਂ ਤੋਂ ਪਹਿਲਾਂ ਤਾਲਾ ਲੱਗਣ ਕਾਰਨ ਕਮਿਸ਼ਨ ਮੈਂਬਰ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਫ਼ਸਰ ਏ.ਡੀ.ਸੀ (ਡੀ) ਨੂੰ ਸਬੰਧਤ ਅਧਿਕਾਰੀ ਨੂੰ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਇਸੇ ਤਰ੍ਹਾਂ ਉਨ੍ਹਾਂ ਬਲਾਕ ਬਲਾਚੌਰ ਦੇ ਪਿੰਡ ਫ਼ਤਿਹਪੁਰ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅਤੇ ਪਿੰਡ ਮਾਜਰਾ ਜੱਟਾਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਤੇ ਪਿੰਡ ਫ਼ਤਿਹਪੁਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਪਿੰਡ ਐਮਾ ਚਾਹਲ ਅਤੇ ਪਿੰਡ ਮਾਜਰਾ ਜੱਟਾਂ ਆਂਗਨਵਾੜੀ ਕੇਂਦਰ ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਸਵੇਰੇ 11.20 ਵਜੇ ਪਿੰਡ ਐਮਾ ਚਾਹਲ ਦੇ ਆਂਗਨਵਾੜੀ ਕੇਂਦਰ ਵਿਚ ਚੈਕਿੰਗ ਲਈ ਪੁੱਜੇ ਤਾਂ ਕੇਂਦਰ ਦੇ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ ਜਦੋਂਕਿ ਆਂਗਨਵਾੜੀ ਕੇਂਦਰ ਦੁਪਹਿਰ 1 ਵਜੇ ਬੰਦ ਹੁੰਦਾ ਹੈ, ਜਿਸ ਦਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਜ਼ਿਲ੍ਹੇ ਦੇ ਏ.ਡੀ.ਸੀ (ਡੀ) ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ੍ਰੀ ਦੱਤ ਨੇ ਕਿਹਾ ਕਿ ਅਜਿਹੀ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ  ਸਕੂਲਾਂ ਵਿਚ ਮਿਡ-ਡੇ-ਮੀਲ ਫੂਡ ਸੇਫਟੀ ਰਜਿਸਟਰ ਨੂੰ ਮੇਨਟੇਨ ਰੱਖਣ, ਬੱਚਿਆਂ ਨੂੰ ਸਾਫ਼-ਸੁਥਰਾ ਭੋਜਨ ਮੁਹੱਈਆ ਕਰਵਾਉਣ ਅਤੇ ਖਾਣਾ ਬਣਾਉਣ ਅਤੇ ਪਰੋਸਣ ਸਮੇਂ ਸਾਫ਼-ਸਫ਼ਾਈ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਕਮਿਸ਼ਨ ਦੇ ਮੈਂਬਰ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਬਾਰੇ ਗੱਲਬਾਤ ਕੀਤੀ ਅਤੇ ਬੱਚਿਆਂ ਨਾਲ ਮਿਡ-ਡੇ-ਮੀਲ ਖ਼ੁਦ ਵੀ ਖਾਧਾ | ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿਚ ਟੀ.ਡੀ.ਐਸ ਅਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਸਬੰਧਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਕੂਲੀ ਵਿਦਿਆਰਥੀਆਂ ਦੀ ਸਿਹਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਮਿਡ-ਡੇ-ਮੀਲ ਵਰਕਰਾਂ ਦਾ ਮੈਡੀਕਲ ਚੈਕਅੱਪ ਕਰਨ ਦੇ ਵੀ ਨਿਰਦੇਸ਼ ਦਿੱਤੇ। ਆਂਗਨਵਾੜੀ ਕੇਂਦਰਾਂ ਦੀ ਚੈਕਿੰਗ ਕਰਦਿਆਂ ਉਨ੍ਹਾਂ ਇੰਚਾਰਜਾਂ ਅਤੇ ਹੈਲਪਰਾਂ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਨਵੀਨਤਮ ਸਕੀਮਾਂ ਬਾਰੇ ਜਾਣਕਾਰੀ ਦੇਣ। ਦੌਰੇ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਰਾਸ਼ਨ ਡਿਪੂਆਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੀਆਂ ਸਕੀਮਾਂ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈਲਪ ਲਾਈਨ ਨੰਬਰ 9876764545 ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਮਾਜ ਨੂੰ ਸਦਭਾਵਨਾ, ਭਾਈਚਾਰਾ ਤੇ ਏਕਤਾ ਦਾ ਸੰਦੇਸ਼ ਦਿੰਦੇ ਹਨ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰ – ਬ੍ਰਹਮ ਸ਼ੰਕਰ ਜਿੰਪਾ
Next articleਜਿਲਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਚਲਾਈ ਮੁਹਿੰਮ