ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖ਼ਲੇ ‘ਤੇ ਪਾਬੰਦੀ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਮਿਤੀ 1 ਦਸੰਬਰ 2024, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2024 ਦੌਰਾਨ ਪ੍ਰੀਖਿਆ ਕੇਂਦਰਾਂ ਅਤੇ ਨੋਡਲ ਸੈਂਟਰਾਂ ਦੇ 100 ਮੀਟਰ ਦੇ ਘੇਰੇ ਵਿਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਨੂੰ ਦਾਖ਼ਲ ਨਾ ਹੋਣ ਦਿੱਤਾ ਜਾਵੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਿਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ। ਇਹ ਹੁਕਮ ਮਿਤੀ 1 ਦਸੰਬਰ, 2024 ਨੂੰ ਇਕ ਦਿਨ ਲਈ ਲਾਗੂ ਰਹੇਗਾ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਅਰਧ ਸਰਕਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2024 ਮਿਤੀ 1 ਦਸੰਬਰ 2024 (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ, ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਡਾ. ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ, ਦੁਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਅਤੇ ਜੇ.ਐਸ.ਐਫ.ਐਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਸ਼ਾਮਿਲ ਹਨ। ਇਸ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਪ੍ਰੀਖਿਆ ਕੇਂਦਰਾਂ ਅਤੇ ਨੋਡਲ ਸੈਂਟਰਾਂ ਦੇ ਆਲੇ-ਦੁਆਲੇ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly