ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਅਸਿਧੇ ਢੰਗ ਨਾਲ ਰੋਕਣ ਅਤੇ ਜਮੂਰਹੀਅਤ ਦਾ ਗਲਾ ਘੁੱਟਣ ਦਾ ਯਤਨ ਕੀਤਾ ਜਾ ਰਿਹਾ ਹੈ ।ਯੂਨੀਵਰਸਿਟੀ ਵੱਲੋਂ ਪਿਛਲੇ ਦਿਨੀ ਸਾਰੇ ਵਿਦਿਆਰਥੀਆਂ ਨੂੰ ਇੱਕ ਪਰੋਫਾਰਮਾ ਵੰਡ ਕੇ ਹਲਫੀਆ ਬਿਆਨ ਦੇਣ ਲਈ ਕਿਹਾ ਗਿਆ ਹੈ। ਇਸ ਹਲਫੀਆ ਬਿਆਨ ਦੀਆਂ ਸ਼ਰਤਾਂ ਅਨੁਸਾਰ ਸਾਰੇ ਵਿਦਿਆਰਥੀਆਂ ਨੂੰ ਕੋਈ ਵੀ ਧਰਨਾ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ, ਉੱਚੀ ਆਵਾਜ਼ ਵਿੱਚ ਨਾਅਰੇ ਲਗਾਉਣ ਅਤੇ ਪੋਸਟਰ ਲਾਉਣ ਦੀ ਮਨਾਹੀ ਹੋਵੇਗੀ। ਯੂਨੀਵਰਸਿਟੀ ਵਿੱਚ ਇੱਕ ਨਿਰਧਾਰਿਤ ਜਗ੍ਹਾ ਤੋਂ ਇਲਾਵਾ ਹੋਰ ਥਾਵਾਂ ਤੇ ਕੋਈ ਵੀ ਵਿਰੋਧ ਪ੍ਰਦਰਸ਼ਨ ਕਰਨ ਦਾ ਅਧਿਕਾਰ ਨਹੀਂ ਹੋਵੇਗਾ। ਵਿਦਿਆਰਥੀਆਂ ਦੇ ਪ੍ਰੋਗਰਾਮ ਵਿੱਚ ਯੂਨੀਵਰਸਿਟੀ ਤੋਂ ਬਾਹਰਲਾ ਕੋਈ ਵੀ ਵਿਅਕਤੀ ਸ਼ਾਮਿਲ ਨਹੀਂ ਹੋ ਸਕੇਗਾ। ਵਿਦਿਆਰਥੀਆਂ ਨੂੰ ਲਿਖ ਕੇ ਦੇਣਾ ਪਵੇਗਾ ਕਿ ਜੇ ਕੋਈ ਬਾਹਰਲਾ ਵਿਅਕਤੀ ਇਕੱਠ ਵਿੱਚ ਸ਼ਾਮਿਲ ਹੋਇਆ ਤਾਂ ਪੁਲਿਸ ਉਸ ਨੂੰ ਗ੍ਰਿਫਤਾਰ ਕਰ ਸਕਦੀ ਹੈ ਵਿਦਿਆਰਥੀਆਂ ਨੂੰ ਇਹ ਵੀ ਬਿਆਨ ਦੇਣ ਲਈ ਕਿਹਾ ਗਿਆ ਹੈ ਕਿ ਜੇਕਰ ਉਹ ਕਿਸੇ ਵੀ ਸ਼ਰਤ ਦੀ ਉਲੰਘਣਾ ਕਰਦੇ ਹਨ ਤਾਂ ਪਹਿਲੀ ਗਲਤੀ ਤੇ ਉਹਨਾਂ ਦੇ ਪੇਪਰ ਦੇਣ ਤੋਂ ਰੋਕਿਆ ਜਾ ਸਕਦਾ ਹੈ ਅਤੇ ਦੂਜੀ ਗਲਤੀ ਤੇ ਉਹਨਾਂ ਨੂੰ ਯੂਨੀਵਰਸਿਟੀ ਵਿੱਚੋਂ ਕੱਢਿਆ ਵੀ ਜਾ ਸਕਦਾ ਹੈ। ਇਹ ਸਰਾਸਰ ਵਿਦਿਆਰਥੀਆਂ ਦੇ ਜਮਹੂਰੀ ਹੱਕ ਦਾ ਗਲਾ ਘੁੱਟਿਆ ਜਾ ਰਿਹਾ ਹੈ । ਪਿਛਲੇ ਸਮੇਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਿੱਲੀ ਵਿੱਚ ਹਥਿਆਰਬੰਦ ਗੁੰਡਿਆਂ ਵੱਲੋਂ ਵੜ ਕੇ ਵਿਦਿਆਰਥੀਆਂ ਦੀ ਕੁੱਟਮਾਰ, ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਕੁੱਟਮਾਰ ਤੋ ਇਲਾਵਾ ਰੋਜ਼ਾਨਾ ਹੀ ਇਸ ਤਰ੍ਹਾਂ ਦੀ ਗੁੰਡਾਗਰਦੀ ਅਤੇ ਸਰਕਾਰੀ ਤਾਨਾਸ਼ਾਹੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਹੁਣ ਪੰਜਾਬ ਯੂਨੀਵਰਸਿਟੀ ਵਿੱਚ ਵੀ ਇਹੋ ਕੁੱਝ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਲੋਕ ਇਨਸਾਫ ਮੰਚ ਦੇ ਸਕੱਤਰ ਪਰਸ਼ੋਤਮ ਫਿਲੌਰ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਰੋਧੀ ਵਿਚਾਰਾਂ ਤੇ ਪਾਬੰਦੀਆਂ ਮੜ੍ਹਨ ਦੀ ਕੀਤੀ ਜਾ ਰਹੀ ਇਹ ਕੋਸ਼ਿਸ਼ ਅਸਫਲ ਬਣਾ ਦਿੱਤੀ ਜਾਵੇਗੀ। ਇਸ ਧੱਕੇਸ਼ਾਹੀ ਦੇ ਵਿਰੋਧ ਵਿੱਚ ਵਿਦਿਆਰਥੀਆਂ ਦੇ ਸੰਘਰਸ਼ ਦਾ ਸਾਥ ਦੇਵਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



