ਪਟਿਆਲਾ (ਸਮਾਜ ਵੀਕਲੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਪੰਜਾਬੀ ਯੂਨੀਵਰਸਿਟੀ ਨੂੰ ਕਰਜ਼ਾ ਮੁਕਤ ਕਰੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਉਹ ਉੱਤਰੀ ਭਾਰਤ ਵਿੱਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਯੂਨੀਵਰਸਿਟੀ ਦੀ ਅਸਲ ਸ਼ਾਨ ਨੂੰ ਬਹਾਲ ਕਰਨਗੇ। ਉਹ ਅੱਜ ਇੱਥੇ ਪੰਜਾਬੀ ਫ਼ਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਵੱਲੋਂ ਕਰਵਾਏ ਤਿੰਨ ਰੋਜ਼ਾ ‘ਪੰਜਾਬੀ ਸਿਨੇਮਾ, ਟੈਲੀਵੀਜ਼ਨ ਤੇ ਥੀਏਟਰ ਸ਼ੋਅ’ ਦੇ ਸਮਾਪਤੀ ਸਮਾਗਮ ਦੌਰਾਨ ਪ੍ਰਧਾਨਗੀ ਭਾਸ਼ਣ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਅਧਿਆਪਕਾਂ ਕੋਲੋਂ ਸਿੱਖਿਆ ਤੋਂ ਬਿਨਾਂ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਮਸਲੇ ਹੱਲ ਕਰਵਾਉਣ ਲਈ ਹੁਣ ਅਧਿਆਪਕਾਂ ਨੂੰ ਟੈਂਕੀਆਂ ’ਤੇ ਚੜ੍ਹਨ ਦੀ ਲੋੜ ਨਹੀਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ’ਚ ਅਥਾਹ ਸ਼ਕਤੀ ਹੈ ਅਤੇ ਹੁਣ ਇਸ ਨੂੰ ਨਵੀਂ ਸੇਧ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਆਪਣੇ ਵਿਦਿਆਰਥੀ ਜੀਵਨ ਨਾਲ ਜੁੜੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਰੋਸਾ ਦਿੱਤਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਸਿੱਖਿਆ ਅਤੇ ਖੇਡਾਂ ਦੇ ਖੇਤਰ ’ਚ ਅੱਗੇ ਲਿਆਉਣ ਲਈ ਸਰਕਾਰ ਸੌ ਫ਼ੀਸਦੀ ਸਹਾਇਤਾ ਕਰੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਉੱਘੇ ਫ਼ਿਲਮਕਾਰ ਮਨਮੋਹਨ ਸਿੰਘ, ਪੰਜਾਬੀ ਅਦਾਕਾਰ ਯੋਗਰਾਜ ਸਿੰਘ, ਗੁੱਗੂ ਗਿੱਲ, ਵਿਜੈ ਟੰਡਨ, ਗਾਇਕ ਮੁਹੰਮਦ ਸਦੀਕ ਤੇ ਸੁਰਿੰਦਰ ਛਿੰਦਾ ਸਮੇਤ ਫ਼ਿਲਮ ਨਿਰਦੇਸ਼ਕ ਸੁਮੀਤ ਕੰਗ ਦਾ ਸਨਮਾਨ ਕੀਤਾ। ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਬਾਰੇ ਰਿਪੋਰਟ ਪੇਸ਼ ਕੀਤੀ। ਪ੍ਰੋਗਰਾਮ ਦਾ ਸੰਚਾਲਨ ਡਾ. ਗੁਰਮੁੱਖ ਸਿੰਘ ਨੇ ਕੀਤਾ।
ਇਸ ਮੌਕੇ ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ, ਮੀਤ ਪ੍ਰਧਾਨ ਬੀਨੂ ਢਿੱਲੋਂ, ਸਕੱਤਰ ਮਲਕੀਤ ਰੌਣੀ, ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਅਜੀਤਪਾਲ ਕੋਹਲੀ, ਡਾ. ਬਲਬੀਰ ਸਿੰਘ, ਹਰਮੀਤ ਪਠਾਣਮਾਜਰਾ ਤੇ ਹੋਰ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly