ਰਾਹੁਲ ਗਾਂਧੀ ਤੇ ਕੇਜਰੀਵਾਲ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

Congress leader Rahul Gandhi.

ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਖਣ-ਪੱਛਮੀ ਦਿੱਲੀ ਵਿੱਚ ਨੌਂ ਸਾਲਾ ਦਲਿਤ ਬੱਚੀ ਨਾਲ ਕਥਿਤ ਜਬਰ-ਜਨਾਹ ਮਗਰੋਂ ਹੱਤਿਆ ਮਾਮਲੇ ਵਿੱਚ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਨਿਆਂ ਦਾ ਭਰੋਸਾ ਦਿੱਤਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਦਿੱਲੀ ਸਰਕਾਰ ਇਸ ਮਾਮਲੇ ਵਿੱਚ ਸਰਵੋਤਮ ਵਕੀਲਾਂ ਦੀ ਨਿਯੁਕਤੀ ਕਰੇਗੀ। ਕੇਜਰੀਵਾਲ ਨੇ ਟਵੀਟ ਕੀਤਾ, ‘ਮੈਂ ਅੱਜ ਲੜਕੀ ਦੇ ਪਰਿਵਾਰ ਨੂੰ ਮਿਲਿਆ ਅਤੇ ਦੁੱਖ ਸਾਂਝਾ ਕੀਤਾ। ਅਸੀਂ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵਾਂਗੇ, ਮਾਮਲੇ ਦੀ ਮੈਜਿਸਟ੍ਰੇਟੀ ਜਾਂਚ ਹੋਵੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਰਵੋਤਮ ਵਕੀਲਾਂ ਦੀ ਨਿਯੁਕਤੀ ਕਰਾਂਗੇ। ਕੇਂਦਰ ਸਰਕਾਰ ਨੂੰ ਦਿੱਲੀ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।

ਅਸੀਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹਾਂ।’ ਪੀੜਤ ਪਰਿਵਾਰ ਨਾਲ ਮੁਲਾਕਾਤ ਮਗਰੋਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪਰਿਵਾਰ ਸਿਰਫ਼ ਨਿਆਂ ਚਾਹੁੰਦਾ ਹੈ। ਰਾਹੁਲ ਨੇ ਕਿਹਾ, ‘ਮੈਂ ਉਨ੍ਹਾਂ ਨੂੰ ਕਿਹਾ ਹੈ ਕਿ ਨਿਆਂ ਮਿਲਣ ਤੱਕ ਰਾਹੁਲ ਗਾਂਧੀ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਇਸ ਤੋਂ ਇੱਕ ਇੰਚ ਵੀ ਪਿੱਛੇ ਨਹੀਂ ਹਟੇਗਾ।’ ਮਗਰੋਂ ਰਾਹੁਲ ਗਾਂਧੀ ਨੇ ਹਿੰਦੀ ਵਿੱਚ ਟਵੀਟ ਕੀਤਾ, ‘ਉਸ ਦੇ ਮਾਤਾ-ਪਿਤਾ ਦੇ ਹੰਝੂ ਸਿਰਫ਼ ਇੱਕ ਗੱਲ ਕਹਿ ਰਹੇ ਹਨ, ਉਨ੍ਹਾਂ ਦੀ ਧੀ, ਦੇਸ਼ ਦੀ ਧੀ ਨਿਆਂ ਦੀ ਹੱਕਦਾਰ ਹੈ ਤੇ ਇਸ ਨਿਆਂ ਦੇ ਰਾਹ ’ਤੇ ਮੈਂ ਉਨ੍ਹਾਂ ਦੇ ਨਾਲ ਹਾਂ।’

ਦਿੱਲੀ ਵਿਮੈੱਨ ਕਮਿਸ਼ਨ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲੀਸ ਨੂੰ ਸੰਮਨ ਜਾਰੀ ਕਰ ਦਿੱਤੇ ਹਨ। ਇਸੇ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਅੱਜ ਮ੍ਰਿਤਕ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਵਿੱਚ ਪੂਰਾ ਇਨਸਾਫ ਕੀਤਾ ਜਾਵੇਗਾ। ਸ੍ਰੀ ਆਦੇਸ਼ ਗੁਪਤਾ ਨੇ ਇਸ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਇਸ ਪੂਰੇ ਮਾਮਲੇ ਵਿੱਚ ਨਿਆਂ ਮਿਲੇਗਾ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੁਲੀਸ ਤੋਂ ਨਿਰਪੱਖ ਜਾਂਚ ਅਤੇ ਦਿੱਲੀ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ।

ਉਧਰ ਬੱਚਿਆਂ ਦੇ ਅਧਿਕਾਰਾਂ ਵਾਲੇ ਉੱਚ ਕਮਿਸ਼ਨ, ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਐੱਨਸੀਪੀਸੀਆਰ) ਨੇ ਦਿੱਲੀ ਪੁਲੀਸ ਤੋਂ ਮਾਮਲੇ ਦੀ ਵਿਸਥਾਰਤ ਕਾਰਵਾਈ ਰਿਪੋਰਟ 48 ਘੰਟਿਆਂ ’ਚ ਤਲਬ ਕੀਤੀ ਹੈ। ਕਮਿਸ਼ਨ ਨੇ ਰਾਹੁਲ ਗਾਂਧੀ ਵੱਲੋਂ ਟਵਿੱਟਰ ’ਤੇ ਪੀੜਤ ਲੜਕੀ ਦੇ ਪਰਿਵਾਰ ਦੀ ਫੋਟੋ ਸਾਂਝੀ ਕਰਨ ’ਤੇ ਟਵਿੱਟਰ ਨੂੰ ਉਸ ਖ਼ਿਲਾਫ਼ ਕਾਰਵਾਈ ਕਰਨ ਨੂੰ ਕਿਹਾ ਹੈ। -ਪੀਟੀਆਈ

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleReliance BP Mobility announces EV commitment with Swiggy
Next articleਅੰਤਰਰਾਜੀ ਵਿਵਾਦ: ਮਿਜ਼ੋਰਮ ਤੇ ਅਸਾਮ ਦਰਮਿਆਨ ਮੰਤਰੀ ਪੱਧਰ ਦੀ ਗੱਲਬਾਤ ਅੱਜ